ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨਾਲ ਮੀਟਿੰਗ ਕਰਨ ਪਹੁੰਚੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ
14 ਸੰਤਬਰ ਨੂੰ ਮੀਟਿੰਗ ਕਰਵਾਕੇ ਮੰਗਾਂ ਨਾ ਮੰਨੀਆਂ ਤਾਂ ਉਲੀਕਣਗੇ ਤਿੱਖਾ ਸੰਘਰਸ਼
ਦਲਜੀਤ ਕੌਰ ਭਵਾਨੀਗੜ੍ਹ
ਮੋਹਾਲੀ, 13 ਸੰਤਬਰ, 2021: ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ 9 ਸਤੰਬਰ ਨੂੰ ਜਦੋਂ ਸੱਤ ਫੇਜ਼ ਦੀਆਂ ਲਾਈਟਾਂ ਉਪਰ ਜਾਮ ਲਾ ਕੇ ਰੱਖਿਆ ਗਿਆ ਤਾਂ ਉਸ ਤੋਂ ਬਾਅਦ ਮੋਹਾਲੀ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ 13 ਸਤੰਬਰ ਨੂੰ ਬੇਰੁਜ਼ਗਾਰ ਅਧਿਆਪਕਾਂ ਦੀ ਮੀਟਿੰਗ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨਾਲ ਕਰਵਾਈ ਜਾਵੇਗੀ, ਪਰ ਜਦੋਂ ਅੱਜ ਬੇਰੁਜ਼ਗਾਰ ਅਧਿਆਪਕ ਮੀਟਿੰਗ ਦੀ ਉਮੀਦ ਲੈ ਕੇ ਕੋਲ ਪਹੁੰਚੇ ਤਾਂ ਪ੍ਰਸ਼ਾਸਨ ਅੱਜ ਸਾਰਾ ਦਿਨ ਬੇਰੁਜ਼ਗਾਰ ਅਧਿਆਪਕਾਂ ਨੂੰ ਲਾਰਾ ਲਾ ਕੇ ਰੱਖਿਆ ਗਿਆ ਕਿ ਤੁਹਾਡੀ ਮੀਟਿੰਗ ਹੋਵੇਗੀ ਪਰ ਬਾਅਦ ਵਿੱਚ ਕਿਹਾ ਕਿ ਤੁਹਾਡੀ ਅੱਜ ਹੋਣ ਵਾਲੀ ਮੀਟਿੰਗ ਹੁਣ ਕੱਲ੍ਹ 14 ਸੰਤਬਰ ਨੂੰ ਕਰਵਾਈ ਜਾਵੇਗੀ।
ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ, ਕੁਲਦੀਪ ਖੋਖਰ, ਰਾਜਸੁਖਵਿੰਦਰ ਗੁਰਦਾਸਪੁਰ, ਸੁਰਿੰਦਰਪਾਲ ਗੁਰਦਾਸਪੁਰ ਤੇ ਬਲਵਿੰਦਰ ਕਾਕਾ, ਗੁਰਪ੍ਰੀਤ ਗੁਰਾਇਆ, ਲਾਡੀ, ਭਾਰਤ ਫ਼ਾਜ਼ਿਲਕਾ ਨੇ ਕਿਹਾ ਕਿ ਮੋਹਾਲੀ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਨਾਲ ਮੀਟਿੰਗ ਕਰਨ ਤੋਂ ਵੀ ਭੱਜ ਰਿਹਾ ਹੈ।
ਜ਼ਿਕਰਯੋਗ ਹੈ ਕਿ ਮੋਹਾਲੀ ਪ੍ਰਸ਼ਾਸਨ ਵੱਲੋਂ 9 ਸਤੰਬਰ ਨੂੰ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਯੂਨੀਅਨ ਦੇ ਵਫ਼ਦ ਦੀ ਅੱਜ ਮੁੱਖ ਚੀਫ਼ ਪ੍ਰਿੰਸੀਪਲ ਸਕੱਤਰ ਸ੍ਰੀ ਸੁਰੇਸ਼ ਕੁਮਾਰ ਨਾਲ ਮੀਟਿੰਗ ਤੈਅ ਕਰਵਾਈ ਗਈ ਸੀ। ਜਦੋਂ ਬੇਰੁਜ਼ਗਾਰ ਅਧਿਆਪਕ ਅੱਜ ਮੀਟਿੰਗ ਕਰਨ ਲਈ ਪਹੁੰਚੇ ਤਾਂ ਮੁਹਾਲੀ ਪ੍ਰਸ਼ਾਸਨ ਵੱਲੋਂ ਕਿਹਾ ਕਿ ਤੁਹਾਡੀ ਅੱਜ ਹੋਣ ਵਾਲੀ ਮੀਟਿੰਗ ਭਲਕੇ ਹੋਵੇਗੀ। ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਜੇਕਰ 14 ਸੰਤਬਰ ਨੂੰ ਮੁੱਖ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਨਹੀਂ ਕਰਵਾਈ ਜਾਂਦੀ ਤਾਂ ਬੇਰੁਜ਼ਗਾਰ ਅਧਿਆਪਕ ਤਿੱਖਾ ਸੰਘਰਸ਼ ਉਲੀਕਣਗੇ। ਜਿਸ ਦੌਰਾਨ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਜਿਸ ਦੀ ਜ਼ਿੰਮੇਵਾਰ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਹੋਵੇਗੀ।