ਜੀ ਐਸ ਪੰਨੂ
ਪਟਿਆਲਾ, 13 ਸਤੰਬਰ, 2021: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਲੀਡਰਾਂ ਨੇ ਦੱਸਿਆ ਕਿ ਹਜ਼ਾਰਾਂ ਮਜ਼ਦੂਰਾਂ ਦੇ ਰੋਹ ਅੱਗੇ ਝੁਕਦਿਆਂ ਸਰਕਾਰ ਨੇ ਮਜ਼ਦੂਰਾਂ ਦੇ ਪੱਟੇ ਹੋਏ ਮੀਟਰ ਬਿਨਾਂ ਸ਼ਰਤ ਜੋੜਨ, ਅੱਗੇ ਤੋਂ ਮੀਟਰ ਪੱਟਣੇ ਬੰਦ ਕਰਨ ਤੇ ਬਕਾਏ ਪਾਸੇ ਰੱਖਕੇ ਕਰੰਟ ਬਿੱਲ ਭੇਜਣ ਅਤੇ ਮਜ਼ਦੂਰਾਂ ਦੇ ਕੱਟੇ ਹੋਏ ਪਲਾਟਾਂ ਦਾ ਕਬਜ਼ਾ ਇੱਕ ਮਹੀਨੇ ਚ ਦੇਣ, ਰਿਹਾਇਸ਼ੀ ਪਲਾਟ ਅਲਾਟ ਕਰਨ ਅਤੇ ਪੰਚਾਇਤੀ ਜ਼ਮੀਨਾਂ ਦੀਆਂ ਡੰਮੀ ਬੋਲੀਆਂ ਵਾਲ਼ੇ ਵਿਵਾਦ ਗ੍ਰਸਤ ਥਾਵਾਂ ਦਾ ਨਿਪਟਾਰਾ ਕਰਨ ਦੇ ਲਿਖ਼ਤੀ ਪੱਤਰ ਜ਼ਾਰੀ ਕਰਨ ਲਈ ਮਜਬੂਰ ਹੋ ਗਈ। ਜਿਸ ਕਾਰਨ ਮਜ਼ਦੂਰ ਜਥੇਬੰਦੀਆਂ ਵੱਲੋਂ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਜੇਤੂ ਰੈਲੀ ਕਰਕੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ।
ਮਜ਼ਦੂਰਾਂ ਦੀਆਂ ਬਾਕੀ ਮੰਗਾਂ ਸਹਿਕਾਰੀ,ਸਰਕਾਰੀ ਤੇ ਗੈਰਸਰਕਾਰੀ ਕਰਜ਼ੇ ਦੀ ਮੁਆਫ਼ੀ,ਸਹਿਕਾਰੀ ਸਭਾਵਾਂ ਵਿੱਚ ਬਿਨਾਂ ਸ਼ਰਤ ਬੇਜ਼ਮੀਨੇ ਮਜ਼ਦੂਰਾਂ ਨੂੰ ਮੈਂਬਰ ਬਣਾਉਣ,ਕੱਟੇ ਹੋਏ ਨੀਲੇ ਕਾਰਡ ਬਹਾਲ ਕਰਨ ਤੇ ਲੋੜਵੰਦ ਪਰਿਵਾਰਾਂ ਦੇ ਕਾਰਡ ਬਣਾਉਣ ਤੇ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਨ, ਬੁਢਾਪਾ ਪੈਨਸ਼ਨਾਂ ਦੀ ਰਾਸ਼ੀ ਚ ਵਾਧਾ ਕਰਨ ਤੇ ਉਮਰ ਹੱਦ ਘਟਾਉਣ,ਸਮਾਜਿਕ ਜ਼ਬਰ ਦੇ ਖਾਤਮੇ ਤੇ ਦਰਜ਼ ਐੱਸ ਸੀ ਐਕਟ ਤਹਿਤ ਦਰਜ ਕੇਸਾਂ ਸੰਬੰਧੀ ਬਣਦੀ ਕਾਰਵਾਈ ਕਰਨ ਆਦਿ ਦੇ ਨਿਪਟਾਰੇ ਲਈ 23 ਸਤੰਬਰ ਨੂੰ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਮੰਡੀਕਰਨ ਬੋਰਡ ਦੇ ਚੇਅਰਮੈਨ ਲਾਲ਼ ਸਿੰਘ, ਮੁੱਖ ਮੰਤਰੀ ਦੇ ਪ੍ਰਿੰਸੀਪਾਲ ਸਕੱਤਰ ਐਮ ਪੀ ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ਼ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਮੀਟਿੰਗ ਬਾਰੇ ਵੀ ਪੱਤਰ ਅਧਿਕਾਰੀਆਂ ਵਲੋਂ ਮਜ਼ਦੂਰ ਆਗੂਆਂ ਨੂੰ ਸੌਂਪਿਆ ਗਿਆ। ਇਸ ਮੌਕੇ ਮਜ਼ਦੂਰ ਆਗੂਆਂ ਨੇ ਇਸ ਨੂੰ ਅੰਸ਼ਕ ਜਿੱਤ ਕਰਾਰ ਦਿੰਦਿਆਂ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜ਼ਾਰੀ ਰੱਖਣ ਦਾ ਐਲਾਨ ਕੀਤਾ
ਇਸ ਸਬੰਧੀ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ, ਕਸ਼ਮੀਰ ਸਿੰਘ ਘੁੱਗਸ਼ੋਰ ਤੇ ਬਲਦੇਵ ਸਿੰਘ ਨੂਰਪੁਰੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪਰੋਕਤ ਫੈਸਲਿਆਂ ਬਾਰੇ ਪਟਿਆਲਾ ਦੇ ਤਹਿਸੀਲਦਾਰ ਤੇ ਐਸ ਪੀ ਕੇਸਰ ਸਿੰਘ ਵੱਲੋਂ ਮਜ਼ਦੂਰਾਂ ਦੇ ਇਕੱਠ ਚ ਆਕੇ ਐਲਾਨ ਕੀਤਾ ਗਿਆ ਤੇ ਪੱਤਰ ਸੌਂਪੇ ਗਏ। ਉਨ੍ਹਾ ਦੱਸਿਆ ਕਿ ਸਵੇਰ ਤੋਂ ਹੀ ਡੀ ਆਈ ਜੀ ਗੁਰਪ੍ਰੀਤ ਸਿੰਘ ਤੂਰ ਤੋਂ ਇਲਾਵਾ ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਪਟਿਆਲਾ ਵੱਲੋਂ ਮਜ਼ਦੂਰ ਆਗੂਆਂ ਨਾਲ਼ ਕਈ ਗੇੜ ਗੱਲਬਾਤ ਕੀਤੀ ਕਿਉਂਕਿ ਅੱਜ ਸਵੇਰ ਤੋਂ ਮਜ਼ਦੂਰ ਮਰਦ ਔਰਤਾਂ ਮੋਤੀ ਮਹਿਲ ਦੇ ਘਿਰਾਓ ਲਈ ਬਰਾਦਰੀ ਲਾਗੇ ਤੇ ਬਿਜਲੀ ਬੋਰਡ ਦੇ ਮੁੱਖ ਦਫਤਰ ਦੇ ਸਾਹਮਣੇ ਵਾਲੀ ਸੜਕ ਮੱਲਕੇ ਬੈਠ ਗਏ। ਹਜ਼ਾਰਾਂ ਮਜ਼ਦੂਰਾਂ ਦੇ ਜੁੜੇ ਇਕੱਠ ਨੂੰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਸਮਾਓ, ਪੰਜਾਬ ਖੇਤ ਮਜ਼ਦੂਰ ਸਭਾ ਦੀ ਜਨਰਲ ਸਕੱਤਰ ਦੇਵੀ ਕੁਮਾਰੀ , ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਦਰਸ਼ਨ ਨਾਹਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ,ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਲਖਵੀਰ ਸਿੰਘ ਲੌਂਗੋਵਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੰਜੀਵ ਮਿੰਟੂ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਮਜ਼ਦੂਰਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਅਤੇ ਹੋਰਨਾਂ ਤੋਂ ਇਲਾਵਾ ਮਜ਼ਦੂਰ ਆਗੂ ਹਰਮੇਸ਼ ਮਾਲੜੀ, ਅਵਤਾਰ ਸਿੰਘ ਰਸੂਲਪੁਰ, ਮੱਖਣ ਸਿੰਘ ਰਾਮਗੜ੍ਹ, ਬਲਵਿੰਦਰ ਸਿੰਘ ਜਲੂਰ ,ਪ੍ਰਗਟ ਸਿੰਘ ਕਾਲਾਝਾੜ, ਚਮਨ ਦਰਾਜਕੇ , ਗੁਲਜ਼ਾਰ ਗੌਰੀਆ ਨੇ ਵੀ ਸੰਬੋਧਨ ਕੀਤਾ