ਸ਼੍ਰੋਮਣੀ ਕਮੇਟੀ ਸੇਵਾ ਮੁਕਤ ਕਰਮਚਾਰੀਆਂ ਨੂੰ ਪੈਨਸ਼ਨ ਲਗਾਵੇ : ਪ੍ਰੋ. ਬਡੂੰਗਰ
ਜਗਤਾਰ ਸਿੰਘ
ਪਟਿਆਲਾ 14 ਸਤੰਬਰ 2021- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸੇਵਾਮੁਕਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਅਹਿਮ ਮੀਟਿੰਗ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੋਈ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਉਚੇਚੇ ਤੌਰ ’ਤੇ ਪਹੁੰਚੇ। ਸੇਵਾ ਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦਰਪੇਸ਼ ਮੁਸ਼ਕਲਾਂ ਨੂੰ ਲੈ ਕੇ ਜਿਥੇ ਵਿਚਾਰ ਵਟਾਂਦਰਾ ਕੀਤਾ ਗਿਆ, ਉਥੇ ਹੀ ਸੇਵਾ ਮੁਕਤੀ ਤੋਂ ਬਾਅਦ ਮੁਲਾਜ਼ਮਾਂ ਨੇ ਪੈਨਸ਼ਨ ਦਿੱਤੇ ਜਾਣ ਦਾ ਮਾਮਲਾ ਉਠਾਇਆ ਅਤੇ ਹੈਲਥ ਇਸ਼ੋਰੈਂਸ ਕੀਤੇ ਜਾਣ ਦੀ ਮੰਗ ਕੀਤੀ।
ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਅਪੀਲ ਕੀਤੀ ਕਿ ਸੇਵਾ ਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੈਨਸ਼ਨ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਉਹ ਆਪਣੇ ਆਰਥਿਕ ਪੱਧਰ ਨੂੰ ਉਚਾ ਚੁੱਕ ਸਕਣ। ਇਸ ਮੌਕੇ ਸਾਬਕਾ ਮੁਲਾਜ਼ਮਾਂ ’ਚ ਸਾਬਕਾ ਸਕੱਤਰ ਗੁਰਦਰਸ਼ਨ ਸਿੰਘ, ਸੇਵਾ ਮੁਕਤ ਮੈਨੇਜਰ ਅਜੈਬ ਸਿੰਘ ਗਿੱਲ, ਕਮਲਜੀਤ ਸਿੰਘ ਜੋਗੀਪੁਰ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਅਤੇ ਸੇਵਾ ਮੁਕਤ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ। ਇਸ ਦੌਰਾਨ ਸੇਵਾ ਮੁਕਤ ਮੁਲਾਜ਼ਮਾਂ ਨੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਨਮਾਨਤ ਵੀ ਕੀਤਾ।