ਬੇਅਦਬੀ ਕਰਨ ਵਾਲਾ ਡੇਰਾ ਸੱਚਾ ਸੌਦਾ ਦਾ ਮੈਂਬਰ, ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਨਾ ਹੋਣ ਤੋਂ ਬਾਅਦ ਦੇ ਹਾਲਾਤਾਂ ਲਈ ਜ਼ਿੰਮੇਵਾਰ ਹੋਵੇਗਾ ਪ੍ਰਸ਼ਾਸਨ: ਜਥੇਦਾਰ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 14 ਸਤੰਬਰ 2021 - ਬੀਤੇ ਕੱਲ੍ਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿੱਚ ਇਕ ਵਿਅਕਤੀ ਵੱਲੋਂ ਘੋਰ ਬੇਅਦਬੀ ਮਾਮਲੇ ਵਿਚ ਅੱਜ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੇਅਦਬੀ ਕਰਨ ਵਾਲਾ ਕੋਈ ਹੋਰ ਨਹੀਂ ਬਲਕਿ ਡੇਰਾ ਸੱਚਾ ਸੌਦਾ ਡੇਰੇ ਦੀ ਸੱਤ ਮੈਂਬਰੀ ਕਮੇਟੀ ਦਾ ਇਕ ਪੱਕਾ ਮੈਂਬਰ ਹੈ ਉਸ ਦੀ ਸ਼ਾਦੀ ਵੀ ਡੇਰਾ ਸੱਚਾ ਸੌਦਾ ਵਿਖੇ ਹੀ ਹੋਈ ਸੀ ।ਉਨ੍ਹਾਂ ਕਿਹਾ ਕਿ ਇਹ ਬੇਅਦਬੀ ਕਿਸੇ ਅਗਿਆਨਤਾ ਵੱਸ ਨਹੀਂ ਬਲਕਿ ਜਾਣਬੁੱਝ ਕੇ ਕਰਵਾਈ ਗਈ ਹੈ।
ਡੇਰਾ ਸੱਚਾ ਸੌਦਾ ਤੇ ਇਲਜ਼ਾਮ ਲਗਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਡੇਰਾ ਮੁਖੀ ਜੇਲ੍ਹ ਦੇ ਅੰਦਰ ਹੈ ਪਰ ਹੁਣ ਵੀ ਡੇਰੇ ਦੇ ਮੈਂਬਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ, ਜਿਸ ਦੀ ਤਾਜ਼ਾ ਉਦਾਹਰਣ ਬੀਤੀ ਕੱਲ੍ਹ ਵਾਲੀ ਘਟਨਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਉਸ ਦਾ ਪਿਤਾ ਡੇਰਾ ਸੱਚਾ ਸੌਦਾ ਦੀ ਸੱਤ ਮੈਂਬਰੀ ਕਮੇਟੀ ਦਾ ਮੈਂਬਰ ਹੈ ਅਤੇ ਇਹ ਸਭ ਜਾਣ ਬੁੱਝ ਕੇ ਕਰਵਾਇਆ ਗਿਆ ਹੈ। ਜਿਸ ਦੇ ਨਾਲ ਸਿੱਖ ਸੰਗਤਾਂ ਦੇ ਵਿਚ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਸਿੱਖਾਂ ਦੇ ਹਿਰਦਿਆ ਨੂੰ ਭਾਰੀ ਠੇਸ ਪਹੁੰਚੀ ਹੈ।
ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਦਿੰਦੇ ਹੋਏ ਕਿਹਾ ਕਿ ਜੇਕਰ ਇਸ ਘਟਨਾ ਤੇ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਯੋਗ ਕਾਰਵਾਈ ਨਾ ਕੀਤੀ ਗਈ ਤਾ ਉਸ ਤੋਂ ਬਾਅਦ ਬਣੇ ਹਾਲਾਤਾਂ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਕਿਸੇ ਪ੍ਰਕਾਰ ਦੀ ਜਾਨੀ ਅਤੇ ਮਾਲੀ ਨੁਕਸਾਨ ਦੀ ਜ਼ਿੰਮੇਵਾਰ ਸਿੱਖ ਸੰਗਤ ਨਹੀਂ ਹੋਵੇਗੀ।