ਠੇਕਾ ਮੁਲਾਜਮਾਂ ਦਾ ਪੱਕਾ ਮੋਰਚਾ ਦਸਵੇਂ ਦਿਨ ਵੀ ਲਗਾਤਾਰ ਜਾਰੀ
ਜਗਤਾਰ ਸਿੰਘ
- ਸਮੂਹ ਕੈਟਾਗਰੀਆਂ ਦੇ ਠੇਕਾ ਮੁਲਾਜਮਾਂ ਨੂੰ ਪੱਕਾ ਕਰੇ ਸਰਕਾਰ:-ਮੋਰਚਾ ਆਗੂ
ਪਟਿਆਲਾ 16 ਸਤੰਬਰ 2021: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਠੇਕਾ ਮੁਲਾਜਮਾਂ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਠੀਕਰੀ ਵਾਲਾ ਚੌਂਕ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਜਾਂਦੀ ਸੜਕ ਤੇ ਪਰਿਵਾਰਾਂ ਸਮੇਤ ਲਾਇਆ ਪੱਕਾ ਮੋਰਚਾ ਦਸਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ,ਅੱਜ ਦੀ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਕੁਲਦੀਪ ਸਿੰਘ ਬੁੱਢੇਵਾਲ,ਬਲਿਹਾਰ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਵਰਿੰਦਰ ਸਿੰਘ ਬੀਬੀਵਾਲਾ ਆਦਿ ਨੇ ਕੈਪਟਨ ਸਰਕਾਰ ਦੇ ਲੋਕਮਾਰੂ ਰਵਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਤਹਿਤ ਸਰਕਾਰੀ ਥਰਮਲਾਂ,ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ,ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਅਤੇ ਵੈੱਲਫੇਅਰ ਬੋਰਡ (ਕਿਰਤ ਵਿਭਾਗ) ਆਦਿ ਪੱਕੇ ਅਦਾਰਿਆਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਕੱਚੇ ਰੱਖਕੇ ਕਿਰਤ ਦੀ ਲਗਾਤਾਰ ਲੁੱਟ ਕੀਤੀ ਜਾ ਰਹੀ ਹੈ ਅਤੇ ਕੈਪਟਨ ਸਰਕਾਰ ਸਮੂਹ ਸਰਕਾਰੀ ਵਿਭਾਗਾਂ ਦੇ ਹਰ ਤਰਾਂ ਦੇ ਠੇਕਾ ਮੁਲਾਜਮਾਂ ਨੂੰ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਰੈਗੂਲਰ ਕਰਨ ਦੇ ਵਾਅਦੇ ਤੋਂ ਲਗਾਤਾਰ ਭੱਜ ਰਹੀ ਹੈ ਅਤੇ ਕੈਪਟਨ ਸਰਕਾਰ ਵੱਲੋਂ ਨਵੇਂ ਲਿਆਂਦੇ ਜਾ ਰਹੇ "ਪ੍ਰੋਟੈਕਸ਼ਨ ਅਤੇ ਵੈੱਲਫੇਅਰ ਐਕਟ" ਵਿੱਚੋਂ ਠੇਕਾ ਪ੍ਰਣਾਲੀ,ਕੰਪਨੀਆਂ,ਇਨਲਿਸਟਮੈਂਟ,ਕੇਂਦਰੀ ਸਕੀਮਾਂ ਆਦਿ ਕੈਟਾਗਿਰੀਆਂ ਨੂੰ ਐਕਟ ਵਿੱਚੋਂ ਬਾਹਰ ਕਰਕੇ ਉਕਤ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਰਸਤਾ ਬੰਦ ਕੀਤਾ ਜਾ ਰਿਹਾ ਹੈ,ਜਿਸ ਦੇ ਵਿਰੋਧ ਵਜੋਂ ਉਕਤ ਵਿਭਾਗਾਂ ਦੇ ਅੱਕੇ ਹੋਏ ਹੋਏ ਠੇਕਾ ਮੁਲਾਜ਼ਮਾਂ ਨੇ ਪਟਿਆਲਾ ਵਿਖੇ ਪੱਕਾ ਮੋਰਚਾ ਲਾਇਆ ਹੋਇਆ ਹੈ,ਅੱਜ ਜਦੋਂ ਪੱਕੇ ਮੋਰਚੇ ਦੇ ਦਸਵੇਂ ਦਿਨ ਵੀ ਸਰਕਾਰ ਨੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਅਣ-ਵੇਖਿਆ ਕੀਤਾ ਗਿਆ ਤਾਂ ਠੇਕਾ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਪਰਿਵਾਰਾਂ ਸਮੇਤ ਰੋਸ਼ ਮਾਰਚ ਕੀਤਾ ਗਿਆ,ਆਗੂਆਂ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਠੇਕਾ ਪ੍ਰਣਾਲੀ,ਆਊਟਸੋਰਸਿੰਗ,ਕੰਪਨੀਆਂ,ਇਨਲਿਸਟਮੈਂਟ ਆਦਿ ਹੋਰ ਸਮੂਹ ਕੈਟਾਗਿਰੀਆਂ ਰਾਹੀਂ ਕੰਮ ਕਰਦੇ ਸਮੂਹ ਠੇਕਾ ਮੁਲਾਜਮਾਂ ਨੂੰ ਬਿਨਾਂ ਸ਼ਰਤ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ,ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਨਵੇਂ ਲਿਆਂਦੇ ਜਾ ਰਹੇ ਐਕਟ ਵਿੱਚ ਸਮੂਹ ਕੈਟਾਗਿਰੀਆਂ ਨੂੰ ਸ਼ਾਮਿਲ ਕੀਤਾ ਜਾਵੇ,ਸਮੂਹ ਵਿਭਾਗਾਂ ਦੇ ਨਿੱਜੀਕਰਨ ਅਤੇ ਪੁਨਰਗਠਨ ਦੀ ਨੀਤੀ ਰੱਦ ਕੀਤੀ ਜਾਵੇ,ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਦੀਆਂ ਛਾਂਟੀਆਂ ਕਰਨ ਦੀ ਨੀਤੀ ਰੱਦ ਕੀਤੀ ਜਾਵੇ।