ਐੱਸਡੀਐੱਮ ਵੱਲੋਂ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਦੌਰਾਨ ਕੁਰਸੀਆਂ ਖਾਲ੍ਹੀ ਮਿਲੀਆਂ
ਦਲਜੀਤ ਕੌਰ ਭਵਾਨੀਗੜ੍ਹ
ਭਵਾਨੀਗੜ੍ਹ, 22 ਸਤੰਬਰ, 2021: ਸਰਕਾਰੀ ਦਫ਼ਤਰਾਂ 'ਚ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਹਾਜ਼ਰੀ ਸਵੇਰੇ 9 ਵਜੇ ਯਕੀਨੀ ਬਣਾਉਣ ਅਤੇ ਸਰਕਾਰੀ ਕੰਮਾਂ 'ਚ ਪਾਰਦਰਸ਼ਤਾ ਲਿਆਉਣ ਲਈ ਸੂਬੇ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ਖਤ ਆਦੇਸ਼ ਜਾਰੀ ਕੀਤੇ ਗਏ ਹਨ। ਜਿਸ ਕਾਰਨ ਅੱਜ ਐੱਸਡੀਐੱਮ ਭਵਾਨੀਗੜ੍ਹ ਵੱਲੋਂ ਸਰਕਾਰੀ ਦਫ਼ਤਰਾਂ 'ਚ ਅਚਾਨਕ ਛਾਪੇਮਾਰੀ ਕਰ ਕੇ ਮੁਲਾਜ਼ਮਾਂ ਦੀ ਹਾਜ਼ਰੀ ਚੈੱਕ ਕੀਤੀ ਗਈ। ਇਸ ਦੌਰਾਨ ਨਗਰ ਕੌਂਸਲ ਦਫ਼ਤਰ ਭਵਾਨੀਗੜ੍ਹ ਸਮੇਤ ਮਾਰਕੀਟ ਕਮੇਟੀ ਦਫ਼ਤਰ 'ਤੇ ਫੂਡ ਸਪਲਾਈ ਵਿਭਾਗ ਦੇ ਦਫ਼ਤਰਾਂ 'ਚ 25 ਮੁਲਾਜ਼ਮ ਗੈਰ ਹਾਜ਼ਰ ਪਾਏ ਗਏ ਜਿਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਲਈ ਨੋਟਿਸ ਕੱਢੇ ਗਏ ਹਨ।
ਇਸ ਸਬੰਧੀ ਐੱਸਡੀਐੱਮ ਭਵਾਨੀਗੜ੍ਹ ਚਰਨਜੋਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਵੱਲੋਂ ਸਥਾਨਕ ਸ਼ਹਿਰ ਦੇ ਤਿੰਨ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਦੌਰਾਨ ਸਭ ਤੋਂ ਪਹਿਲਾਂ ਨਗਰ ਕੌਂਸਲ ਦਾ ਦਫ਼ਤਰ ਚੈੱਕ ਕੀਤਾ ਗਿਆ ਤਾਂ ਉੱਥੇ ਕਾਰਜ ਸਾਧਕ ਅਫ਼ਸਰ ਸਮੇਤ 5 ਕਰਮਚਾਰੀ ਗੈਰ-ਹਾਜ਼ਰ ਪਾਏ ਗਏ। ਇਸ ਤੋਂ ਬਾਅਦ ਫੂਡ ਸਪਲਾਈ ਵਿਭਾਗ ਦੇ ਦਫ਼ਤਰ ਦੀ ਚੈਕਿੰਗ ਦੌਰਾਨ ਏਐੱਫ਼ਐੱਸਓ ਸਮੇਤ 7 ਮੁਲਾਜ਼ਮ ਗੈਰ ਹਾਜ਼ਰ ਪਾਏ ਗਏ।
ਇਸੇ ਤਰ੍ਹਾਂ ਮਾਰਕੀਟ ਕਮੇਟੀ ਭਵਾਨੀਗੜ੍ਹ ਦਫ਼ਤਰ ਦੀ ਚੈਕਿੰਗ ਦੌਰਾਨ ਸੈਕਟਰੀ ਸਮੇਤ 13 ਕਰਮਚਾਰੀ ਗੈਰ ਹਾਜ਼ਰ ਮਿਲੇ। ਐੱਸਡੀਐੱਮ ਵਾਲੀਆ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ 'ਚ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਇਹ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗੈਰ ਹਾਜ਼ਰ ਪਾਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਜਾ ਰਿਹਾ ਹੈ। ਜਿਸ ਉਪਰੰਤ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ।