'ਭਾਰਤ ਬੰਦ' ਦੇ ਸੱਦੇ ਦੀ ਡੀ.ਟੀ.ਐੱਫ. ਨੇ ਕੀਤੀ ਹਮਾਇਤ
10 ਮਹੀਨਿਆਂ ਤੋਂ ਦਿੱਲੀ ਬਾਰਡਰਾਂ 'ਤੇ ਲੱਗੇ ਮੋਰਚੇ ਬਣਨਗੇ ਬੀਜੇਪੀ ਦੇ ਸਿਆਸੀ ਸਫ਼ਾਏ ਦਾ ਅਧਾਰ: ਡੀ.ਟੀ.ਐੱਫ.
ਦਲਜੀਤ ਕੌਰ ਭਵਾਨੀਗੜ੍ਹ, ਬਾਬੂਸ਼ਾਹੀ ਨੈੱਟਵਰਕ
ਸੰਗਰੂਰ 24 ਸਤੰਬਰ, 2021- ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨ ਰੱਦ ਕਰਨ ਅਤੇ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਗਰੰਟੀ ਦੇਣ ਪ੍ਰਤੀ ਅੜੀਅਲ ਰੁਖ਼ ਅਖ਼ਤਿਆਰ ਕਰਨ ਵਾਲੀ ਮੋਦੀ ਸਰਕਾਰ ਖ਼ਿਲਾਫ਼ 27 ਸਤੰਬਰ ਨੂੰ 'ਭਾਰਤ ਬੰਦ' ਕਰਨ ਦੇ ਸੱਦੇ ਦੀ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ ਵੀ ਡਟਵੀਂ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ ਹੈ।
ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲੋਕ ਮਾਰੂ ਨਿੱਜੀਕਰਨ ਦੀ ਨੀਤੀ ਤਹਿਤ ਖੇਤੀ ਸੈਕਟਰ ਵਿੱਚ ਵੀ ਕਾਰਪੋਰੇਟੀ ਲੁੱਟ ਨੂੰ ਤਿੱਖਾ ਕਰਨ ਲਈ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਹਨ। ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਲੰਬੇ ਅਤੇ ਵਿਸ਼ਾਲ ਕਿਸਾਨੀ ਘੋਲ ਦੇ ਬਾਵਜੂਦ, ਸਾਮਰਾਜੀ ਮੁਲਕਾਂ ਤੇ ਕਾਰਪੋਰੇਟਾਂ ਦੇ ਦਬਾਅ ਕਾਰਨ ਕੇਂਦਰ ਸਰਕਾਰ ਦੀ ਅੜੀ ਬਰਕਰਾਰ ਹੈ। ਪ੍ਰੰਤੂ ਪਿਛਲੇ ਦਸ ਮਹੀਨਿਆਂ ਤੋਂ ਦਿੱਲੀ ਬਾਰਡਰਾਂ 'ਤੇ ਲੱਗੇ ਕਿਸਾਨੀ ਮੋਰਚਿਆਂ ਅਤੇ ਮੋਦੀ ਸਰਕਾਰ ਖਿਲਾਫ ਉਸਰੇ ਦੇਸ਼ ਵਿਆਪੀ ਲੋਕ ਘੋਲ, ਬੀਜੇਪੀ ਦੀ ਫਾਸ਼ੀਵਾਦੀ ਵਿਚਾਰਧਾਰਾ ਦੇ ਸਿਆਸੀ ਸਫ਼ਾਏ ਦਾ ਅਧਾਰ ਬਣਨਗੇ।
ਡੀਟੀਐਫ ਆਗੂਆਂ ਨੇ ਕਿਸਾਨ ਘੋਲ ਨਾਲ ਹਰ ਪੱਖੋਂ ਡਟਣ ਦਾ ਐਲਾਨ ਕਰਦਿਆਂ ਕਿਹਾ ਕਿ 27 ਸਤੰਬਰ ਦੇ 'ਭਾਰਤ ਬੰਦ' ਦੌਰਾਨ ਪੰਜਾਬ ਭਰ ਵਿੱਚ ਅਧਿਆਪਕਾਂ ਵਲੋਂ ਵੀ ਭਰਵੀਂ ਸ਼ਮੂਲੀਅਤ ਕਰਵਾਈ ਜਾਵੇਗੀ।
ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਮੀਤ ਪ੍ਰਧਾਨ ਗੁਰਪਿਆਰ ਕੋਟਲੀ, ਮੀਤ ਪ੍ਰਧਾਨ ਰਾਜੀਵ ਕੁਮਾਰ ਬਰਨਾਲਾ, ਮੀਤ ਪ੍ਰਧਾਨ ਜਗਪਾਲ ਬੰਗੀ, ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਮੀਤ ਪ੍ਰਧਾਨ ਜਸਵਿੰਦਰ ਔਜਲਾ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੰਯੁਕਤ ਸਕੱਤਰ ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸ਼ਨ, ਪ੍ਰੈੱਸ ਸਕੱਤਰ ਪਵਨ ਕੁਮਾਰ, ਜੱਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ, ਜੱਥੇਬੰਦਕ ਸਕੱਤਰ ਰੁਪਿੰਦਰ ਪਾਲ ਗਿੱਲ, ਤਜਿੰਦਰ ਸਿੰਘ ਸਹਾਇਕ ਵਿੱਤ ਸਕੱਤਰ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਤੋਂ ਇਲਾਵਾ ਡੇਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਨੇ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਯਤਨ ਕਰਨਗੇ।