ਹੁਸ਼ਿਆਰਪੁਰ: ਜ਼ਿਲ੍ਹਾ ਮੈਜਿਸਟਰੇਟ ਨੇ 27 ਸਤੰਬਰ ਨੂੰ ਜ਼ਿਲ੍ਹੇ ’ਚ ਹਥਿਆਰ ਕੈਰੀ ਕਰਨ ’ਤੇ ਲਗਾਈ ਪੂਰਨ ਪਾਬੰਦੀ
- ਕਿਸਾਨ ਸੰਗਠਨਾਂ ਦੇ ਭਾਰਤ ਬੰਦ ਦੇ ਐਲਾਨ ’ਤੇ ਚੱਲਦਿਆਂ ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਗਏ ਵੱਖ-ਵੱਖ ਹੁਕਮ
- ਜ਼ਰੂਰਤ ਪੈਣ ’ਤੇ ਸਮੂਹ ਐਸ.ਡੀ.ਐਮਜ਼ ਬਤੌਰ ਡਿਊਟੀ ਮੈਜਿਸਟਰੇਟ ਲੈ ਸਕਣਗੇ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀਆਂ ਦੀਆਂ ਸੇਵਾਵਾਂ
- ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਫੌਜਦਾਰੀ ਨਿਯਮਾਂ ਅਨੁਸਾਰ ਕਾਰਵਾਈ
ਹੁਸ਼ਿਆਰਪੁਰ, 26 ਸਤੰਬਰ 2021 - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ 27 ਸਤੰਬਰ ਨੂੰ ਵੱਖ-ਵੱਖ ਕਿਸਾਨ ਸੰਗਠਨਾਂ ਵਲੋਂ ਭਾਰਤ ਬੰਦ ਦੇ ਐਲਾਨ ਦੇ ਮੱਦੇਨਜ਼ਰ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 27 ਸਤੰਬਰ ਨੂੰ ਜ਼ਿਲ੍ਹੇ ਦੀ ਹੱਦ ਅੰਦਰ ਕਿਸੇ ਵੀ ਤਰ੍ਹਾਂ ਦੇ ਹਥਿਆਰ ਨੂੰ ਕੈਰੀ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਵਿਚ ਉਨ੍ਹਾਂ ਐਸ.ਐਸ.ਪੀ. ਹੁਸ਼ਿਆਰਪੁਰ ਨੂੰ ਉਕਤ ਹੁਕਮਾਂ ਦਾ ਪੂਰਨ ਤੌਰ ’ਤੇ ਪਾਲਣਾ ਯਕੀਨੀ ਬਨਾਉਣ ਲਈ ਨਿਰਦੇਸ਼ ਦਿੱਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਇਸ ਦੌਰਾਨ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਜ਼ਿਲ੍ਹੇ ਵਿਚ ਬਤੌਰ ਨੋਡਲ ਅਫ਼ਸਰ ਤਾਇਨਾਤ ਕੀਤਾ ਹੈ ਅਤੇ ਹੁਕਮ ਕੀਤੇ ਹਨ ਕਿ ਜ਼ਰੂਰਤ ਪੈਣ ’ਤੇ ਉਹ ਆਪਣੇ ਅਧਿਕਾਰਤ ਖੇਤਰ ਵਿਚ ਆਉਂਦੇ ਨਗਰ ਨਿਗਮ, ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀਆਂ ਦੀਆਂ ਸੇਵਾਵਾਂ ਬਤੌਰ ਡਿਊਟੀ ਮੈਜਿਸਟਰੇਟ ਲੈ ਸਕਣਗੇ। ਉਨ੍ਹਾਂ ਕਿਹਾ ਕਿ ਐਸ.ਐਸ.ਪੀ. ਹੁਸ਼ਿਆਰਪੁਰ ਜ਼ਿਲ੍ਹੇ ਵਿਚ ਟਰੈਫਿਕ ਕੰਟਰੋਲ, ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਪ੍ਰਦਰਸ਼ਨ ਵਾਲੇ ਦਿਨ ਜਿਲ੍ਹੇ ਵਿਚ ਆਮ ਜਨਤਾ ਵਲੋਂ ਹਰ ਤਰ੍ਹਾਂ ਦੇ ਹਥਿਆਰ ਨੂੰ ਨਾਲ ਰੱਖਣ ਅਤੇ ਹਥਿਆਰ ਨੂੰ ਨਾਲ ਲੈ ਕੇ ਜਾਣ ’ਤੇ ਪੂਰਨ ਪਾਬੰਦੀ ਕਰਵਾਉਣ ਦੇ ਜ਼ਿੰਮੇਵਾਰ ਹੋਣਗੇ। ਇਸ ਤਰ੍ਹਾਂ ਸਮੂਹ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਜ਼ਿਲ੍ਹੇ ਵਿਚ ਆਪਣੇ ਅਧਿਕਾਰ ਖੇਤਰ ਵਿਚ ਬਤੌਰ ਡਿਊਟੀ ਮੈਜਿਸਟਰੇਟ ਨਿਯੁਕਤ ਰਹਿਣਗੇ। ਸਿਵਲ ਸਰਜਨ ਬੰਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਜਾਂ ਮੈਡੀਕਲ ਪ੍ਰੇਸ਼ਾਨੀ ਨਾਲ ਨਿਪਟਣ ਲਈ ਧਰਨੇ ਵਾਲੇ ਸਥਾਨ ’ਤੇ ਪੁਲਿਸ ਅਧਿਕਾਰੀਆਂ ਦੀ ਮੰਗ ਅਨੁਸਾਰ ਡਾਕਟਰ ਜਾਂ ਪੈਰਾ ਮੈਡੀਕਲ ਸਟਾਫ਼, ਐਂਬੂਲੈਂਸ ਦੀ ਟੀਮ ਨੂੰ ਤਾਇਨਾਤ ਕਰਵਾਉਣਾ ਯਕੀਨੀ ਬਣਾਉਣਗੇ।
ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਆਦੇਸ਼ ਦਿੱਤੇ ਕਿ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਪ੍ਰਦਰਸ਼ਨ ਵਾਲੀਆਂ ਥਾਵਾਂ ’ਤੇ ਕਿਸੇ ਅਣਸੁਖਾਵੀਂ ਘਟਨਾ ਨਾਲ ਨਿਪਟਣ ਲਈ ਐਸ.ਐਸ.ਪੀ. ਨਾਲ ਤਾਲਮੇਲ ਕਰਕੇ ਫਾਇਰ ਟੈਂਡਰ ਦੀ ਤਾਇਨਾਤੀ ਦੇ ਜ਼ਿੰਮੇਵਾਰ ਹੋਣਗੇ। ਸਮੂਹ ਉਪ ਮੰਡਲ ਮੈਜਿਸਟਰੇਟ ਆਪਣੇ- ਆਪਣੇ ਅਧਿਕਾਰ ਖੇਤਰ ਵਿਚ ਉਕਤ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ ਅਤੇ ਬਤੌਰ ਨੋਡਲ ਅਫ਼ਸਰ ਤਾਇਨਾਤ ਰਹਿਣਗੇ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਫੌਜਦਾਰੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।