ਬਹਿਬਲ ਕਲਾਂ ਗੋਲੀ ਕਾਂਡ ਦੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਤੇ ਭਾਈ ਗੁਰਜੀਤ ਸਿੰਘ ਸਰਾਵਾਂ ਦਾ ਸ਼ਹੀਦੀ ਦਿਹਾੜਾ 14 ਨੂੰ
ਸੁਖਜਿੰਦਰ ਸਿੰਘ, ਬਾਬੂਸ਼ਾਹੀ ਨੈੱਟਵਰਕ
ਪੰਜਗਰਾਈਂ ਕਲਾਂ,13 ਅਕਤੂਬਰ2021- 12 ਅਕਤੂਬਰ 2015 ਨੂੰ ਬਰਗਾੜੀ ਵਿਖੇ ਪੰਥ ਦੋਖੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਦੇ ਰੋਸ ਵਜੋਂ ਬਹਿਬਲ ਕਲਾਂ ਵਿਖੇ ਸਾਂਤੀਮਈ ਤਰੀਕੇ ਨਾਲ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਨੂੰ ਪਿੰਡਾਂ ਚੋਂ ਲੰਗਰ ਲਿਆ ਕੇ ਵਰਤਾ ਰਹੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀ ਵਾਲਾ ਤੇ ਸ਼ਹੀਦ ਭਾਈ ਗੁਰਜੀਤ ਸਿੰਘ ਸਰਾਵਾਂ ਪੁਲਿਸ ਗੋਲੀਬਾਰੀ ਵਿਚ ਸ਼ਹੀਦ ਹੋ ਗਏ ਸਨ।
ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀ ਵਾਲਾ ਤੇ ਸ਼ਹੀਦ ਭਾਈ ਗੁਰਜੀਤ ਸਿੰਘ ਸਰਾਵਾਂ ਦੇ ਛੇਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦਾਂ ਦੇ ਪਰਿਵਾਰਾਂ ਤੇ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਅੱਜ ਮਿਤੀ 14 ਅਕਤੂਬਰ ਦਿਨ ਵੀਰਵਾਰ 2021 ਨੂੰ ਛੇਵਾਂ ਸ਼ਹੀਦੀ ਸਮਾਗਮ ਗੁਰਦੁਆਰਾ ਟਿੱਬੀ ਸਾਹਿਬ ਪਾਤਸ਼ਾਹੀ ਦਸ਼ਵੀਂ ਬਹਿਬਲ ਕਲਾਂ (ਫਰੀਦਕੋਟ) ਵਿਖੇ ਸੁਭਾ 10 ਤੋਂ ਦੁਪਹਿਰ ਦੇ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਸ਼ਹੀਦਾਂ ਦੀ ਯਾਦ ਵਿੱਚ ਤੇ ਸਰਬੱਤ ਦੇ ਭਲੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਜਾਣਗੇ। ਭੋਗ ਉਪਰੰਤ ਹੋ ਰਹੇ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਕ ਜਥੇਬੰਦੀਆਂ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਨਗੀਆਂ। 'ਰੋਜ਼ਾਨਾ ਪਹਿਰੇਦਾਰ' ਨੂੰ ਇਹ ਸਾਰੀ ਜਾਣਕਾਰੀ ਦਿੰਦਿਆਂ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਨਿਆਮੀ ਵਾਲਾ ਦੇ ਸਪੁੱਤਰ ਭਾਈ ਸ਼ੁਖਰਾਜ ਸਿੰਘ ਨਿਆਮੀ ਵਾਲਾ ਨੇ ਸੰਗਤਾਂ ਨੂੰ ਬੇਨਤੀ ਕੀਤੀ ਕੇ ਉਹ ਇਸ ਸ਼ਹੀਦੀ ਸਮਾਗਮ ਵਿੱਚ ਵੱਧ ਚੜ੍ਹ ਕੇ ਹਾਜ਼ਰੀ ਲਗਾਉਣ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਨ।