ਸਿੱਖਿਆ ਮੰਤਰੀ ਵੱਲੋਂ ਜਲਦ ਹੀ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ, 14 ਅਕਤੂਬਰ 2021 - ਅੱਜ ਪੰਜਾਬ ਭਵਨ ਵਿੱਚ ਸਿੱਖਿਆ ਮੰਤਰੀ ਨਾਲ ਮੈਰੀਟੋਰੀਅਸ ਨਾਨ ਟੀਚਿੰਗ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ । ਇਸ ਮੌਕੇ ਜਾਣਕਾਰੀ ਦਿੰਦੇ ਯੂਨੀਅਨ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਸ: ਪਰਗਟ ਸਿੰਘ ਕੋਲ ਮੈਰੀਟੋਰੀਅਸ ਸਕੂਲਾਂ ਦੇ ਨਾਨ ਟੀਚਿੰਗ ਸਟਾਫ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੀ ਮੰਗ ਰੱਖੀ ਗਈ। ਯੂਨੀਅਨ ਵੱਲੋਂ ਸਿੱਖਿਆ ਮੰਤਰੀ ਨੂੰ ਦੱਸਿਆ ਕਿ 2018 ਵਿੱਚ ਸਿੱਖਿਆ ਵਿਭਾਗ ਵੱਲੋੰ ਸਮੂਹ ਐੱਸਐੱਸਏ/ਰਮਸਾ ਨੂੰ ਵਿਭਾਗ ਵਿੱਚ ਰੈਗੂਲਰ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਸੀ । ਜਿਸ ਤਹਿਤ ਮੈਰੀਟੋਰੀਅਸ ਸਕੂਲਾਂ ਦੇ ਨਾਨ ਟੀਚਿੰਗ ਸਟਾਫ ਨੇ ਵੀ ਸਿੱਖਿਆ ਵਿਭਾਗ ਵਿੱਚ ਰੈਗੂਲਰ ਹੋਣ ਸਬੰਧੀ ਬੇਸਿਕ ਤਨਖਾਹ ਵਾਲੀ ਪਾਲਿਸ ਨੂੰ ਸਵੀਕਾਰ ਕੀਤਾ ਸੀ।
ਯੂਨੀਅਨ ਵੱਲੋਂ ਰੱਖੀ ਇਸ ਮੰਗ ਸਬੰਧੀ ਸਿੱਖਿਆ ਮੰਤਰੀ ਜੀ ਨੇ ਮੌਕੇ ਦੇ ਸਿੱਖਿਆ ਸਕੱਤਰ ਜੀ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਕੇਸ ਸਬੰਧੀ ਜਾਣਕਾਰੀ ਦੇਣ ਲਈ ਕਿਹਾ ਤਾਂ ਸਿੱਖਿਆ ਸਕੱਤਰ ਸਮੇਤ ਸਾਰੇ ਉੱਚ ਅਧਿਕਾਰੀਆਂ ਵੱਲੋਂ ਵੀ ਮੈਰੀਟੋਰੀਅਸ ਸਕੂਲਾਂ ਦੇ ਨਾਨ ਟੀਚਿੰਗ ਸਟਾਫ ਦੀ ਸਿੱਖਿਆ ਵਿਭਾਗ ਚ ਰੈਗੂਲਰ ਦੀ ਮੰਗ ਨੂੰ ਜਾਇਜ਼ ਦੱਸਿਆ ਗਿਆ।
ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਨੇ ਮੌਕੇ ਤੇ ਹੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮੈਰੀਟੋਰੀਅਸ ਸਕੂਲਾਂ ਦੇ ਨਾਨ ਟੀਚਿੰਗ ਸਟਾਫ ਨੂੰ ਸਿੱਖਿਆ ਵਿਭਾਗ ਚ ਰੈਗੂਲਰ ਕਰਨ ਸਬੰਧੀ ਵਿਭਾਗੀ ਪ੍ਰਕਿਰਿਆ ਜਲਦੀ ਪੂਰੀ ਕਰਨ ਲਈ ਕਿਹਾ ਹੈ।
ਇਸ ਮੀਟਿੰਗ ਵਿੱਚ ਡੀਪੀਆਈਜ਼ ਸਮੇਤ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ ਹਾਜਿਰ ਸਨ। ਮੈਰੀਟੋਰੀਅਸ ਸਕੂਲਜ਼ ਨਾਨ- ਟੀਚਿੰਗ ਯੂਨੀਅਨ ਪੰਜਾਬ ਦੇ ਮੈਂਬਰ ਡਿੰਪਲ ਕੁਮਾਰ ਪ੍ਰੈਸ ਸਕੱਤਰ , ਹਰੀ ਓਮ ਵਿੱਤ ਸਕੱਤਰ , ਸੁਖਵਿੰਦਰ ਸਿੰਘ ਤਰਲੋਕ ਸਿੰਘ ਪਰਮਜੀਤ ਕੌਰ ਰਮਾ ਸ਼ਰਮਾ ਹਾਜਿਰ ਸਨ।