ਲੋਕ ਸਭਾ ਮੈਂਬਰ ਤਿਵਾੜੀ ਨੇ ਸ਼ਹੀਦ ਗੱਜਣ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਬਾਬੂਸ਼ਾਹੀ ਨੈੱਟਵਰਕ
ਨੂਰਪੁਰ ਬੇਦੀ, 15 ਅਕਤੂਬਰ 2021- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸੂਰਨਕੋਟ ਇਲਾਕੇ ਵਿੱਚ ਸੋਮਵਾਰ ਨੂੰ ਦਹਿਸ਼ਤਗਰਦਾਂ ਨਾਲ ਮੁਕਾਬਲੇ ਦੌਰਾਨ ਸ਼ਹੀਦੀ ਪਾਉਣ ਵਾਲੇ ਭਾਰਤੀ ਫੌਜ ਚ ਸਿਪਾਹੀ ਗੱਜਣ ਸਿੰਘ ਦੇ ਪਰਿਵਾਰ ਵਾਲਿਆਂ ਨਾਲ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਦੁੱਖ ਸਾਂਝਾ ਕੀਤਾ ਗਿਆ।
ਇਸ ਮੌਕੇ ਸ਼ਹੀਦ ਦੇ ਪਿਤਾ ਚਰਨ ਸਿੰਘ ਅਤੇ ਸ਼ਹੀਦ ਦੀ ਪਤਨੀ ਹਰਪ੍ਰੀਤ ਕੌਰ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਐਮ.ਪੀ ਤਿਵਾੜੀ ਨੇ ਕਿਹਾ ਕਿ ਸ਼ਹੀਦ ਗੱਜਣ ਸਿੰਘ ਦੀ ਕੁਰਬਾਨੀ ਨੂੰ ਦੇਸ਼ ਕਦੇ ਨਹੀਂ ਭੁਲਾ ਸਕਦਾ ਅਤੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖਡ਼੍ਹਾ ਹੈ। ਭਾਵੇਂ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਆਰਥਿਕ ਮੱਦਦ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ, ਲੇਕਿਨ ਉਨ੍ਹਾਂ ਦੀ ਕਮੀ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ। ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਪਰਮਾਤਮਾ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ ਅਤੇ ਵਿਛੁੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਵੇ।
ਇਸ ਮੌਕੇ ਉਨ੍ਹਾਂ ਨਾਲ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਦੇਸ ਰਾਜ ਸੈਣੀ ਵੀ ਮੌਜੂਦ ਰਹੇ।