ਭਲਕੇ ਬੀਜੇਪੀ ਨੇਤਾਵਾਂ ਅਤੇ ਕਾਰਪੋਰੇਟਾਂ ਦੇ ਪੁਤਲੇ ਫੂਕੇ ਜਾਣਗੇ; ਤਿਆਰੀਆਂ ਮੁਕੰਮਲ: ਕਿਸਾਨ ਆਗੂ
ਅੱਜ ਦੁਸਹਿਰੇ ਮੌਕੇ ਬਦੀ ਦੀਆਂ ਅਸਲੀ ਤਾਕਤਾਂ, ਕਾਰਪੋਰੇਟੀ-ਲੁਟੇਰਿਆਂ, ਨੂੰ ਪਹਿਚਾਣੋ: ਕਿਸਾਨ ਆਗੂ
ਕਮਲਜੀਤ ਸਿੰਘ ਸੰਧੂ, ਬਾਬੂਸ਼ਾਹੀ ਨੈੱਟਵਰਕ
ਬਰਨਾਲਾ, 15 ਅਕਤੂਬਰ 2021- ਬੱਤੀ ਜਥੇਬੰਦੀਆਂ 'ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 380 ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਅੱਜ ਬੁਲਾਰਿਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਕੱਲ੍ਹ 16 ਤਰੀਕ ਨੂੰ ਬੀਜੇਪੀ ਨੇਤਾਵਾਂ ਮੋਦੀ,ਯੋਗੀ,ਅਮਿਤ ਸ਼ਾਹ ਅਤੇ ਅੰਬਾਨੀ,ਅਡਾਨੀ,ਵਾਲਮਾਰਟ ਜਿਹੇ ਦੇਸੀ - ਵਿਦੇਸ਼ੀ ਕਾਰਪੋਰੇਟਾਂ ਦੇ ਪੁਤਲੇ ਫੂਕੇ ਜਾਣਗੇ। ਪਹਿਲਾਂ ਇਹ ਪ੍ਰੋਗਰਾਮ15 ਤਰੀਕ, ਦੁਸਹਿਰੇ ਵਾਲੇ ਦਿਨ ਲਈ ਤੈਅ ਕੀਤਾ ਗਿਆ ਸੀ ਪਰ ਇੱਕ ਫਿਰਕੇ ਦੇ ਪੈਰੋਕਾਰਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਨੂੰ ਇੱਕ ਦਿਨ ਲਈ ਟਾਲ ਦਿੱਤਾ ਗਿਆ ਸੀ। ਆਗੂਆਂ ਨੇ ਕਿਹਾ ਕਿ ਸਰਕਾਰ ਤੇ ਬੀਜੇਪੀ ਜਾਣਬੁੱਝ ਕੇ ਕਿਸਾਨ ਮੋਰਚੇ ਦੇ ਹਰ ਫੈਸਲੇ ਤੇ ਪ੍ਰੋਗਰਾਮ ਨੂੰ ਧਾਰਮਿਕ ਰੰਗਤ ਦੇਣ ਦੀ ਕੋਸ਼ਿਸ਼ ਕਰਦੀ ਹੈ। ਸਰਕਾਰ ਨੇ ਪਹਿਲੇ ਦਿਨ ਤੋਂ ਹੀ ਕਿਸਾਨ ਅੰਦੋਲਨ ਨੂੰ ਇੱਕ ਧਰਮ ਵਿਸ਼ੇਸ਼ ਦੇ ਲੋਕਾਂ ਦਾ ਅੰਦੋਲਨ ਸਿੱਧ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੋਈ ਹੈ। ਪਰ ਇਹ ਸਾਰੇ ਦੇਸ਼ ਵਾਸੀਆਂ ਦਾ ਸਾਂਝਾ ਅੰਦੋਲਨ ਹੈ, ਕਿਸੇ ਇੱਕ ਧਰਮ,ਫਿਰਕੇ ਜਾਂ ਸੂਬੇ ਦਾ ਨਹੀਂ।
ਬੁਲਾਰਿਆਂ ਨੇ ਕਿਹਾ ਕਿ ਅੱਜ ਦੁਸਹਿਰੇ ਵਾਲੇ ਦਿਨ ਸਾਨੂੰ ਬਦੀ ਦੀਆਂ ਅਜੋਕੀਆਂ ਅਸਲੀ ਤਾਕਤਾਂ ਦੀ ਪਹਿਚਾਣ ਕਰਕੇ ਉਨਾਂ ਨੂੰ ਨਿਸ਼ਾਨਾ ਬਣਾਉਣਾ ਚਾਹੀਦਾ ਹੈ। ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣੇ ਅਤੇ ਇਨ੍ਹਾਂ ਦੇ ਹੱਕ ਵਿੱਚ ਨੀਤੀਆਂ ਬਣਾਉਣ ਵਾਲੇ ਸਿਆਸੀ ਨੇਤਾ ਅੱਜ ਦੇ ਰਾਵਣ ਹਨ। ਸਾਨੂੰ ਇਨ੍ਹਾਂ ਅਜੋਕੇ ਰਾਵਣਾਂ ਦੇ ਪੁਤਲੇ ਫੂਕਣੇ ਚਾਹੀਦੇ ਹਨ ਅਤੇ ਆਪਣਾ ਚੋਟ-ਨਿਸ਼ਾਨਾ ਬਣਾਉਣਾ ਚਾਹੀਦਾ ਹੈ।
ਅੱਜ ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਉਜਾਗਰ ਸਿੰਘ ਬੀਹਲਾ, ਬਾਬੂ ਸਿੰਘ ਖੁੱਡੀ ਕਲਾਂ, ਬਲਵੰਤ ਸਿੰਘ ਠੀਕਰੀਵਾਲਾ, ਗੁਰਨਾਮ ਸਿੰਘ ਠੀਕਰੀਵਾਲਾ, ਹਰਚਰਨ ਚੰਨਾ, ਜਸਪਾਲ ਚੀਮਾ,ਨਛੱਤਰ ਸਿੰਘ ਸਹੌਰ, ਜਸਪਾਲ ਕੌਰ ਕਰਮਗੜ੍ਹ, ਗੁਰਜੰਟ ਸਿੰਘ ਹਮੀਦੀ,ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੱਸਿਆ ਕਿ ਲਖੀਮਪੁਰ-ਖੀਰੀ ਕਾਂਡ ਦੇ ਦੋਸ਼ੀ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ, ਸਾਡੀ ਮੰਗ ਅਨੁਸਾਰ, ਨਾ ਤਾਂ ਅਜੇ ਤਕ ਬਰਖਾਸਤ ਕੀਤਾ ਹੈ ਅਤੇ ਨਾ ਹੀ ਗ੍ਰਿਫਤਾਰ ਕੀਤਾ ਹੈ। ਇਸ ਲਈ ਸੰਯੁਕਤ ਕਿਸਾਨ ਮੋਰਚੇ ਨੇ 18 ਤਰੀਕ ਨੂੰ ਦੇਸ਼ ਭਰ ਵਿਚ ਰੇਲਾਂ ਰੋਕਣ ਵਾਲੇ ਆਪਣੇ ਸੱਦੇ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਉਸ ਦਿਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। ਇਸ ਸਬੰਧੀ ਵੱਖ ਵੱਖ ਰੇਲਵੇ ਲਾਈਨਾਂ 'ਤੇ ਕਿਸਾਨ ਕਾਰਕੁੰਨਾਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਬੁਲਾਰਿਆਂ ਨੇ ਸਭ ਨੂੰ ਵਧ ਚੜ੍ਹ ਕੇ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।
ਅੱਜ ਰਾਜਵਿੰਦਰ ਸਿੰਘ ਮੱਲੀ ਦੇ ਕਵੀਸ਼ਰੀ ਜਥੇ ਨੇ ਕਵੀਸ਼ਰੀ ਰਾਹੀਂ ਰੰਗ ਬੰਨਿਆ। ਧਨੌਲੇ ਵਾਲੇ ਪਾਠਕ ਭਰਾਵਾਂ ਨੇ ਇਨਕਲਾਬੀ ਗੀਤ ਤੇ ਕਵੀਸ਼ਰੀ ਪੇਸ਼ ਕੀਤੀ ਅਤੇ ਨਰਿੰਦਰ ਪਾਲ ਸਿੰਗਲਾ ਨੇ ਕਵਿਤਾ ਸੁਣਾਈ। ਸੇਖਾ ਕੈਂਚੀਆਂ ਦੀ ਸੰਗਤ ਨੇ ਲੰਗਰ ਦੀ ਸੇਵਾ ਨਿਭਾਈ।