18 ਨੂੰ ਚੱਕ ਕੋਟਲਾ ਫਾਟਕ 'ਤੇ ਰੋਕੀਆਂ ਜਾਣਗੀਆਂ ਰੇਲਾਂ
ਬਲਵਿੰਦਰ ਸਿੰਘ ਧਾਲੀਵਾਲ
- ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਚ ਲਏ ਅਹਿਮ ਫੈਸਲੇ
ਸੁਲਤਾਨਪੁਰ ਲੋਧੀ 15 ਅਕਤੂਬਰ 2021 - ਸੰਯੁਕਤ ਕਿਸਾਨ ਮੋਰਚੇ ਦੀ ਇੱਕ ਮੀਟਿੰਗ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਦਰਸ਼ਨ ਸਿੰਘ ਹਾਜੀਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵੱਡੀ ਗਿਣਤੀ ਵਿੱਚ ਹਾਜ਼ਰ ਹੋਏ ਕਿਸਾਨ ਆਗੂਆਂ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਹੁਕਮਾਂ ਅਨੁਸਾਰ ਫ਼ੈਸਲਾ ਲਿਆ ਗਿਆ ਕਿ ਲਖੀਮਪੁਰ ਕਾਂਡ ਦੇ ਰੋਸ ਵਜੋਂ ਅੱਜ 16 ਅਕਤੂਬਰ ਨੂੰ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਐਡਵੋਕੇਟ ਰਜਿੰਦਰ ਸਿੰਘ ਰਾਣਾ ਅਤੇ ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ ਨੇ ਦੱਸਿਆ ਕਿ 18 ਅਕਤੂਬਰ ਨੂੰ ਸਵੇਰੇ 10 ਵਜੇ ਤੋਂ 4 ਵਜੇ ਪਿੰਡ ਚੱਕ ਕੋਟਲਾ ਫਾਟਕ ਤੇ ਰੇਲਾਂ ਰੋਕੀਆਂ ਜਾਣਗੀਆ।
ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਰਜਿੰਦਰ ਸਿੰਘ ਰਾਣਾ, ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ ਆਦਿ ਨੇ ਦੱਸਿਆ ਕਿ ਕੇਂਦਰ ਸਰਕਾਰ ਸੂਬੇ ਦੇ ਅਧਿਕਾਰਾਂ ਨੂੰ ਖੋਹ ਰਹੀ ਹੈ ਅਤੇ ਬਾਰਡਰ ਏਰੀਆ ਵਧਾ ਕੇ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਲਖੀਮਪੁਰ ਵਿੱਚ ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਚੋਂ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਸੂਬਿਆਂ ਦੇ ਅਧਿਕਾਰ ਅੰਦਰ ਆਉਂਦੇ ਖੇਤੀ ਦੇ ਮਸਲੇ ਖੇਤਰੀ ਕਾਨੂੰਨ ਬਣਾ ਕੇ ਸੂਬਿਆਂ ਦੇ ਅਧਿਕਾਰ ਖੋਹੇ ਅਤੇ ਹੁਣ ਬੀਐਸਐਫ ਦਾ ਘੇਰਾ ਵਧਾ ਕੇ ਸਾਡੇ ਹੱਕ ਖੋਹ ਰਹੀ ਹੈ ਜੋ ਕਿ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਐਡਵੋਕੇਟ ਰਾਣਾ ਨੇ ਸੁਲਤਾਨਪੁਰ ਲੋਧੀ ਤਹਿਸੀਲ ਦੇ ਸਰਕਾਰੀ ਮੁਲਾਜ਼ਮਾਂ ਅਤੇ ਕੁਝ ਇੱਕ ਪਟਵਾਰੀਆ ਨੂੰ ਅਪੀਲ ਕੀਤੀ ਕਿ ਉਹ ਤਨਖਾਹ ਤੇ ਹੀ ਸਬਰ ਕਰਕੇ ਸੇਵਾ ਕਰਨ ਨਾ ਕਿ ਕਿਸਾਨ ਸੰਘਰਸ਼ ਕਰਦੇ ਕਿਸਾਨਾਂ ਅਤੇ ਆਮ ਲੋਕਾਂ ਦੀ ਲੁੱਟ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡਵੋਕੇਟ ਸਤਨਾਮ ਸਿੰਘ ਮੋਮੀ ਪ੍ਰਧਾਨ ਬਾਰ ਐਸੋਸੀਏਸ਼ਨ, ਐਡਵੋਕੇਟ ਸ਼ਿੰਗਾਰਾ ਸਿੰਘ, ਐਡਵੋਕੇਟ ਤਰੁਣ ਕੰਬੋਜ, ਅਮਰਜੀਤ ਸਿੰਘ ਟਿੱਬਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਚਰਨ ਸਿੰਘ ਕੁੱਲ ਹਿੰਦ ਕਿਸਾਨ ਸਭਾ, ਬਲਜਿੰਦਰ ਸਿੰਘ ਕੈਸ਼ੀਅਰ, ਸੁਰਜੀਤ ਸਿੰਘ ਟਿੱਬਾ, ਧਰਮਿੰਦਰ ਸਿੰਘ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਗੁਰਮੀਤ ਸਿੰਘ, ਬਲਵੀਰ ਸਿੰਘ, ਬਲਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਮਾਹਲ, ਜਗੀਰ ਸਿੰਘ ਬਾਜਵਾ ਲਾਡੀ ਭੁੱਲਰ ਆਦਿ ਹਾਜ਼ਰ ਸਨ।