ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿੱਚ ਪੋਸਟਰ ਮੇਕਿੰਗ ਅਤੇ ਰਾਸ਼ਟਰੀ ਗਾਣ ਮੁਕਾਬਲੇ
ਰਜਨੀਸ਼ ਸਰੀਨ, ਬਾਬੂਸ਼ਾਹੀ ਨੈੱਟਵਰਕ
ਨਵਾਂਸ਼ਹਿਰ, 16 ਅਕਤੂਬਰ 2021- ਭਾਰਤ ਸਰਕਾਰ ਵਲੋਂ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਲਈ ‘ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ’ ਪ੍ਰੋਗਰਾਮਾਂ ਤਹਿਤ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦੇ ਕਾਮਰਸ ਅਤੇ ਬਿਜਨੈੱਸ ਮੈਨੇਜ਼ਮੈਂਟ ਵਿਭਾਗ ਵਲੋਂ ਮਹਾਤਮਾ ਗਾਂਧੀ ਜੀ ਦੇ ਜੀਵਨ ਅਤੇ ਅਜ਼ਾਦੀ ਸੰਘਰਸ਼ ਵਿੱਚ ਯੋਗਦਾਨ ਸਬੰਧੀ ਪੋਸਟਰ ਮੇਕਿੰਗ ਅਤੇ ਰਾਸ਼ਟਰੀ ਗਾਣ ਮੁਕਾਬਲੇ ਕਰਵਾਏ ਗਏ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਵੱਖ-ਵੱਖ ਵਿਭਾਗਾਂ ਤੋਂ ਲਗਭਗ 16 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਬੀ.ਕਾਮ ਭਾਗ ਪਹਿਲਾ ਦੀ ਸਿਮਰਨਪ੍ਰੀਤ ਕੌਰ ਨੇ ਪਹਿਲਾ ਸਥਾਨ, ਤਾਨੀਆਂ ਨੇ ਦੂਸਰਾ ਅਤੇ ਗੁਰਵਿੰਦਰ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ। ਇਹਨਾਂ ਪ੍ਰੋਗਰਾਮਾਂ ਦੀ ਲੜੀ ਵਿੱਚ ਰਾਸ਼ਟਰੀ ਗਾਣ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਕਲਾਸਾਂ ਦੇ 250 ਵਿਦਿਆਰਥੀਆਂ ਨੇ ਹਿੱਸਾ ਲਿਆ।
ਸੰਗੀਤ ਵਿਭਾਗ ਦੇ ਮੁਖੀ ਪ੍ਰੋ. ਸ਼ਮਸ਼ਾਦ ਅਲੀ ਨੇ ਸੰਗੀਤ ਸਾਜਾਂ ਨਾਲ ਰਾਸ਼ਟਰੀ ਗਾਣ ਵਿੱਚ ਸਾਥ ਦਿੱਤਾ। ਇਸ ਮੌਕੇ ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਨੇ ਅਜ਼ਾਦੀ ਦੀ ਮਹੱਤਤਾ ਦੱਸਦੇ ਹੋਏ ਵਿਦਿਆਰਥੀਆਂ ਨੂੰ ਅਜ਼ਾਦੀ ਘੁਲਾਟੀਆਂ ਅਤੇ ਦੇਸ਼ ਭਗਤਾਂ ਦਾ ਇਤਿਹਾਸ ਪੜ੍ਹਨ ਲਈ ਪ੍ਰੇਰਿਆ। ਡਾ. ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਅਤੇ ਹੋਰ ਸਟਾਫ਼ ਮੈਂਬਰ ਵੀ ਇਸ ਮੌਕੇ ਤੇ ਹਾਜ਼ਰ ਸਨ।ਅੰਤ ਵਿੱਚ ਇਹਨਾਂ ਪ੍ਰੋਗਰਾਮਾਂ ਦੇ ਕੋ-ਆਰਡੀਨੇਟਰ ਡਾ. ਚਰਨਜੀਤ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਦਾ ਧੰਨਵਾਦ ਕੀਤਾ।