ਸੰਗਰੂਰ ਜ਼ਿਲ੍ਹੇ ’ਚ 56 ਹਜ਼ਾਰ 544 ਮੀਟਰਕ ਟਨ ਝੋਨੇ ਦੀ ਹੋਈ ਖਰੀਦ: ਡਿਪਟੀ ਕਮਿਸ਼ਨਰ
ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 63 ਕਰੋੜ 88 ਲੱਖ ਦੀ ਕੀਤੀ ਅਦਾਇਗੀ
ਦਲਜੀਤ ਕੌਰ ਭਵਾਨੀਗੜ੍ਹ, ਬਾਬੂਸ਼ਾਹੀ ਨੈੱਟਵਰਕ
ਸੰਗਰੂਰ, 18 ਅਕਤੂਬਰ, 2021: ਜ਼ਿਲ੍ਹੇ ਦੀਆਂ 167 ਮੰਡੀਆਂ ਵਿੱਚ ਝੋੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 17 ਅਕਤੂਬਰ ਤੱਕ ਵੱਖ ਵੱਖ ਮੰਡੀਆਂ ਵਿੱਚ 60 ਹਜਾਰ 708 ਮੀਟਰਕ ਟਨ ਝੋਨਾ ਆਇਆ ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 56 ਹਜਾਰ 544 ਮੀਟਰਕ ਟਨ ਝੋਨੇ ਦੀ ਖਰੀਦ ਕਰ ਲਈ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਪਨਗਰੇਨ ਵੱਲੋਂ 24 ਹਜਾਰ 102 ਮੀਟਰਕ ਟਨ, ਮਾਰਕਫੈਡ ਵੱਲੋਂ 16 ਹਜਾਰ 582, ਪਨਸਪ ਵੱਲੋਂ 8 ਹਜਾਰ 515 ਮੀਟਰਕ ਟਨ ਅਤੇ ਵੇਅਰਹਾਉਸ ਵੱਲੋਂ 7 ਹਜਾਰ 345 ਕਰ ਲਈ ਗਈ ਹੈ ਉਹਨਾਂ ਦੱਸਿਆ ਕਿ ਕਿਸ਼ਾਨਾਂ ਨੂੰ ਏਜੰਸੀਆਂ ਵੱਲੋਂ ਖਰੀਦ ਕੀਤੇ ਝੋਨੇ ਦੀ 63 ਕਰੋੜ 88 ਲੱਖ ਦੀ ਅਦਾਇਗੀ ਹੋ ਚੁੱਕੀ ਹੈ ਅਤੇ ਏਜੰਸੀਆਂ ਵੱਲੋਂ 30 ਹਜਾਰ 758 ਮੀਟਰਕ ਟਨ ੲੋਨੇ ਦੀ ਲਿਫਟਿੰਗ ਕਰ ਲਈ ਗਈ ਹੈ।
ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਨਾਲ ਜੁੜੇ ਸਮੂਹ ਅਧਿਕਾਰੀਆਂ ਨੂੰ ਸਰਕਾਰ ਦੇ ਮਾਪਦੰਡਾਂ ਨੂੰ ਧਿਆਨ ’ਚ ਰੱਖ ਕੇ ਖਰੀਦ ਕਾਰਜ਼ਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦ ਕਰਨ ਲਈ ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਵੱਲੋਂਸਮੀਖਿਆ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।
ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਸਬਸਿਡੀ ’ਤੇ ਦਿੱਤੀ ਜਾਂਦੀ ਆਧੁਨਿਕ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ।