ਬੀਕੇਯੂ ਉਗਰਾਹਾਂ ਨੇ ਮਾਨਸਾ ਜ਼ਿਲ੍ਹੇ ’ਚ ਠੱਪ ਰੱਖੀ ਰੇਲ ਆਵਾਜਾਈ
ਅਸ਼ੋਕ ਵਰਮਾ,ਬਾਬੂਸ਼ਾਹੀ ਨੈੱਟਵਰਕ
ਮਾਨਸਾ, 18 ਅਕਤੂਬਰ 2021:ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ ਅਤੇ ਔਰਤਾਂ ਨੇ ਮਾਨਸਾ ਵਿੱਚ ਬਾਠਿੰਡਾ ਦਿੱਲੀ ਰੇਲਵੇ ਲਾਈਨ ਤੇ ਧਰਨਾ ਦੇਕੇ ਰੇਲ ਆਵਾਜਾਈ ਠੱਪ ਕੀਤੀ। ਕਿਸਾਨ ਅੱਜ ਸਵੇਰੇ ਸੰਯੁਕਤ ਕਿਸਾਨ ਮੋਰਚਾ ਦੇ ਛੇ ਘੰਟੇ ਦੇ ‘ਰੇਲ ਰੋਕੋ’ ਅੰਦੋਲਨ ਤਹਿਤ ਰੇਲ ਦੀਆਂ ਪਟੜੀਆਂ ’ਤੇ ਬੈਠ ਗਏ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਗਿ੍ਫਤਾਰੀ ਦੀ ਮੰਗ ਕਰਦਿਆਂ ਯੂਨੀਅਨ ਦੇ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਲਖੀਮਪੁਰ ਖੀਰੀ ਘਟਨਾ ਦੇ ਸਬੰਧ ਵਿਚ ਕੇਂਦਰੀ ਰਾਜ ਮੰਤਰੀ ਦੀ ਗਿ੍ਰਫਤਾਰੀ ਤੇ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕਣ ਦਾ ਫੈਸਲਾ ਹੋਇਆ ਸੀ।
ਕਿਸਾਨ ਆਗੂ ਨੇ ਮੰਗ ਕੀਤੀ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਸ਼ਹੀਦ ਕਰਨ ਦੇ ਮਾਮਲੇ ’ਚ ਕੇਂਦਰੀ ਸਰਕਾਰ ਦੇ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਬਾਹਰ ਕਰਕੇ ਤੁਰੰਤ ਗਿ੍ਰਫਤਾਰ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਨੂੰ ਕੁਚਲਣ ਲਈ ਤਰਾਂ ਤਰਾਂ ਦੇ ਹੱਥ ਕੰਡੇ ਅਪਣਾ ਰਹੀ ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਇਸ ਮੌਕੇ ਜਸਵਿੰਦਰ ਕੌਰ ਝੇਰਿਆਵਾਲੀ, ਮਲਕੀਤ ਸਿੰਘ ਕੋਟਧਰਮੂ, ਸਾਧੂ ਸਿੰਘ ਅਲੀਸ਼ੇਰ ਕਲਾਂ, ਜਗਦੇਵ ਸਿੰਘ ਭੈਣੀਬਾਘਾ, ਬਿੰਦਰ ਸਿੰਘ ਝੰਡਾ ਕਲਾਂ, ਜਗਸੀਰ ਸਿੰਘ ਜਵਾਹਰਕੇ, ਬਲਵੰਤ ਸਿੰਘ ਰੜ, ਭੋਲਾ ਸਿੰਘ ਮਾਖਾ ਚਹਿਲਾਂ ਅਤੇ ਗੁਰਪ੍ਰੀਤ ਭੈਣੀਬਾਘਾ ਨੇ ਸੰਬੋਧਨ ਕੀਤਾ।