ਕੋਰੋਨਾ ਮਹਾਂਮਾਰੀ ਦੌਰਾਨ ਮਲੇਰਕੋਟਲਾ ਪੁਲਿਸ ਵੱਲੋਂ ਨਿਭਾਈ ਗਈ ਸ਼ਲਾਘਾਯੋਗ ਡਿਊਟੀ : ਐਸ.ਐਸ.ਪੀ ਰਵਜੋਤ ਕੌਰ ਗਰੇਵਾਲ
ਹਰਮਿੰਦਰ ਸਿੰਘ ਭੱਟ
- ਮਲੇਰਕੋਟਲਾ ਪੁਲਿਸ ਵੱਲੋਂ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ
- ਸਿਵਲ ਜੱਜ, ਐਸ.ਐਸ.ਪੀ., ਐਸ.ਪੀ., ਡੀ.ਐਸ.ਪੀ, ਐਸ.ਡੀ.ਐਮ, ਸਹਾਇਕ ਕਮਿਸ਼ਨਰ ਤੇ ਹੋਰਨਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਸੰਦੋੜ੍ਹ, 21, ਅਕਤੂਬਰ,2021: ਮਾਲੇਰਕੋਟਲਾ ਪੁਲਿਸ ਵੱਲੋਂ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਡੀ.ਆਈ.ਸੀ ਕੰਪਲੈਕਸ ਠੰਡੀ ਸੜਕ ਵਿਖੇ ਸੀਨੀਅਰ ਪੁਲਿਸ ਕਪਤਾਨ ਮਾਲੇਰਕੋਟਲਾ ਡਾਕਟਰ ਰਵਜੋਤ ਕੌਰ ਗਰੇਵਾਲ ਦੀ ਅਗਵਾਈ ਦੇਖ-ਰੇਖ ਹੇਠ ਮਨਾਏ ਗਏ ਪੁਲਿਸ ਸ਼ਹੀਦੀ ਦਿਵਸ ਮੌਕੇ ਦੇਸ਼ ਦੀ ਸੁਰੱਖਿਆ ਅਤੇ ਅਮਨ ਕਾਨੂੰਨ ਨੂੰ ਕਾਇਮ ਰੱਖਣ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸਮੂਹ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਨਾਲ ਸਬੰਧਿਤ ਜਾਂਬਾਜ਼ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਐਸ.ਐਸ.ਪੀ. ਮਾਲੇਰਕੋਟਲਾ ਡਾਕਟਰ ਰਵਜੋਤ ਕੌਰ ਗਰੇਵਾਲ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਭਵਿੱਖ 'ਚ ਕਿਸੇ ਵੀ ਮੁਸੀਬਤ ਦਾ ਸਾਹਮਣਾ ਡੱਟ ਕੇ ਕਰਨ, ਦੇਸ਼ ਦੀ ਆਨ ਅਤੇ ਸ਼ਾਨ ਦੀ ਖ਼ਾਤਰ ਹਰ ਕੁਰਬਾਨੀ ਕਰਨ ਦਾ ਨਿਸ਼ਚਾ ਕਰਨ ਅਤੇ ਹਰ ਸਮੇਂ ਤਿਆਰ-ਬਰ-ਤਿਆਰ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ।
ਉਨ੍ਹਾਂ ਨੇ ਮੌਜੂਦਾ ਕੋਵਿਡ-19 ਮਹਾਂਮਾਰੀ ਦੇ ਦੌਰ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਨਿਭਾਈ ਗਈ ਭੂਮਿਕਾ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਦੇ ਸਾਡੇ ਕੋਰੋਨਾ ਯੋਧਿਆਂ ਵੱਲੋਂ ਆਪਣੀ ਡਿਊਟੀ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਸਹਿਯੋਗ ਕਰਕੇ ਦਿਨ-ਰਾਤ ਇੱਕ ਕਰਕੇ ਲੋੜਵੰਦਾਂ ਦੀ ਮਦਦ ਕੀਤੀ ਅਤੇ ਪੁਲਿਸ ਵਿਭਾਗ ਦੇ ਕਈ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਪਣੀਆਂ ਕੀਮਤੀ ਜਾਨਾਂ ਵੀ ਕੁਰਬਾਨ ਕੀਤੀਆਂ ਗਈਆਂ। ਇਸ ਲਈ ਇਹ ਸ਼ਹੀਦੀ ਸਮਾਗਮ ਕੋਵਿਡ-19 ਮਹਾਂਮਾਰੀ ਦੌਰਾਨ ਆਪਣੀਆਂ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਪੁਲਿਸ ਕਰਮਚਾਰੀਆਂ ਨੂੰ ਸਮਰਪਿਤ ਕੀਤੀ ਜਾਂਦਾ ਹੈ।
ਉਨ੍ਹਾਂ ਨੇ ਸਮੂਹ ਪੁਲਿਸ ਅਤੇ ਅਰਧ ਸੁਰੱਖਿਆ ਬਲਾਂ ਦੇ ਜਾਂਬਾਜ ਯੋਧਿਆਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਦੱਸਿਆ ਕਿ 21 ਅਕਤੂਬਰ 1959 ਨੂੰ ਭਾਰਤ ਅਤੇ ਚੀਨ ਦੀ ਸਰਹੱਦ 'ਤੇ ਲਦਾਖ਼ ਦੇ ਖੇਤਰ ਹਾਟ ਸਪਰਿੰਗ ਵਿਖੇ ਐਸ.ਆਈ. ਕਰਮ ਸਿੰਘ ਦੀ ਅਗਵਾਈ ਵਿੱਚ ਸਰਹੱਦਾਂ ਦੀ ਰਾਖੀ ਕਰ ਰਹੀ ਸੀ.ਆਰ.ਪੀ.ਐਫ. ਅਤੇ ਇੰਟੈਲੀਜੈਂਸ ਬਿਊਰੋ ਦੀ ਸਾਂਝੀ ਗਸ਼ਤੀ ਟੁਕੜੀ 'ਤੇ ਚੀਨੀ ਫ਼ੌਜਾਂ ਵੱਲੋਂ ਕੀਤੇ ਅਚਾਨਕ ਹਮਲੇ ਕਾਰਨ ਸ਼ਹੀਦ ਹੋਏ 10 ਜਵਾਨਾਂ ਦੀ ਯਾਦ 'ਚ ਦੇਸ਼ ਭਰ 'ਚ 21 ਅਕਤੂਬਰ ਦਾ ਦਿਨ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਇਸ ਤੋਂ ਪਹਿਲਾਂ ਮਿਸ ਜਯੋਤੀ ਯਾਦਵ ਆਈ.ਪੀ.ਐਸ ਸਹਾਇਕ ਕਪਤਾਨ ਪੁਲਿਸ ਸਬ ਡਵੀਜ਼ਨ ਅਮਰਗੜ੍ਹ ਦੀ ਅਗਵਾਈ ਹੇਠਲੀ ਟੁਕੜੀ ਤੋਂ ਸਲਾਮੀ ਲਈ ਅਤੇ ਇਸੇ ਟੁਕੜੀ ਵੱਲੋਂ ਹਥਿਆਰ ਪੁੱਠੇ ਕਰਕੇ ਅਤੇ ਸਾਰਿਆਂ ਨੇ ਦੋ ਮਿੰਟ ਦਾ ਮੋਨ ਧਾਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਐਸ.ਐਸ.ਪੀ. ਨੇ ਇਸ ਸਮਾਗਮ ਵਿੱਚ ਪੁੱਜੇ ਸਮੁੱਚੇ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਸ਼ਹੀਦ ਪੁਲਿਸ ਪਰਿਵਾਰਾਂ ਦਾ ਸਨਮਾਨ ਅਤੇ ਉਨ੍ਹਾਂ ਦੀਆਂ ਦੁੱਖ ਤਕਲੀਫ਼ਾਂ ਵੀ ਸੁਣੀਆਂ।
ਸਮਾਗਮ ਦੌਰਾਨ ਮਿਸ ਹਰਵੰਤ ਕੌਰ ਪੀ.ਪੀ.ਐਸ ਕਪਤਾਨ ਪੁਲਿਸ (ਸਥਾਨਕ) ਮਾਲੇਰਕੋਟਲਾ ਨੇ ਪਿਛਲੇ ਇੱਕ ਸਾਲ ਦੌਰਾਨ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਲਈ ਦੇਸ਼ ਭਰ ਵਿੱਚ ਸ਼ਹੀਦ ਹੋਣ ਵਾਲੇ ਸਮੂਹ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਅਧਿਕਾਰੀਆਂ ਤੇ ਜਵਾਨਾਂ ਦੇ ਨਾਮ ਪੜ੍ਹ ਕੇ ਸ਼ਰਧਾਂਜਲੀ ਭੇਂਟ ਕੀਤੀ।
ਇਸ ਉਪਰੰਤ ਸਿਵਲ ਜੱਜ ਸ਼੍ਰੀ ਜੈ ਬੀਰ ਸਿੰਘ, ਸਿਵਲ ਜੱਜ ਸੁਰੇਸ਼ ਕੁਮਾਰ, ਸਿਵਲ ਜੱਜ ਹਰਸਬੀਰ ਸਿੰਘ ਸੰਧੂ, ਕਪਤਾਨ ਪੁਲਿਸ ਪੀ.ਪੀ.ਐਸ (ਇੰਨਵੈਸਟੀਗੇਸਨ) ਹਰਮੀਤ ਸਿੰਘ ਹੁੰਦਲ, ਕਪਤਾਨ ਪੁਲਿਸ ਮਾਲੇਰਕੋਟਲਾ ਪੀ.ਪੀ.ਐਸ ਅਮਨਦੀਪ ਸਿੰਘ ਬਰਾੜ, ਐਸ.ਡੀ.ਐਮ ਮਾਲੇਰਕੋਟਲਾ ਜਸਵੀਰ ਸਿੰਘ, ਸਹਾਇਕ ਕਮਿਸ਼ਨਰ ਗੁਰਮੀਤ ਕੌਰ, ਉਪ ਪੁਲਿਸ ਕਪਤਾਨ ਪਵਨਜੀਤ ਸਿੰਘ, ਹਰਦੀਪ ਸਿੰਘ, ਰਛਪਾਲ ਸਿੰਘ ਅਤੇ ਹੋਰ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਆਦਿ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਸ਼ਹੀਦੀ ਯਾਦਗਾਰ ਅਤੇ ਸ਼ਹੀਦਾਂ ਦੀਆਂ ਤਸਵੀਰਾਂ 'ਤੇ ਫੁੱਲਾਂ ਦੀਆਂ ਰੀਥਾਂ ਰੱਖ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।