ਹੁਸ਼ਿਆਰਪੁਰ: ਜ਼ਿਲ੍ਹੇ ਦੇ 4270 ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਕੀਤਾ ਗਿਆ : ਅਪਰਾਜਿਤਾ ਜੋਸ਼ੀ
- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਾ ਲਾਭ ਲੈਣ ਲਈ ਕੀਤੀ ਅਪੀਲ
ਹੁਸ਼ਿਆਰਪੁਰ, 21 ਅਕਤੂਬਰ 2021 - ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਦੇ ਨਿਰਦੇਸ਼ਾਂ ’ਤੇ ਨਾਲਸਾ, ਨਵੀਂ ਦਿੱਲੀ ਵਲੋਂ ਚਲਾਏ ਜਾ ਰਹੇ ਪੈਨ ਇੰਡੀਆ ਜਾਗਰੂਕਤਾ ਅਤੇ ਆਊਟਰੀਚ ਪ੍ਰੋਗਰਾਮ (2 ਅਕਤੂਬਰ ਤੋਂ 14 ਨਵੰਬਰ) ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਸਬੰਧੀ ਮੁਫ਼ਤ ਕਾਨੂੰਨੀ ਸਹਾਇਤਾ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦੇ ਸਹਿਯੋਗ ਨਾਲ ਅੱਜ 147 ਵੱਖ-ਵੱਖ ਗਰਾਮ ਪੰਚਾਇਤਾਂ ਵਿਚ ਸਕੱਤਰਾਂ ਅਤੇ ਸਰਪੰਚਾਂ ਵਲੋਂ 3150 ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਸਹਿਯੋਗ ਨਾਲ 49 ਪਿੰਡਾਂ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕ ਕੀਤਾ ਗਿਆ, ਜਿਸ ਵਿਚ 1020 ਲੋਕਾਂ ਨੇ ਹਿੱਸਾ ਲਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਜ਼ ਵਲੋਂ ਪਿੰਡਾਂ ਵਿਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿਚ 100 ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਗਿਆ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਹਰ ਵਿਅਕਤੀ ਜਿਸ ਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਹਵਾਲਾਤੀ, ਮਹਿਲਾ, ਬੱਚਾ, ਉਦਯੋਗਿਕ ਲੇਬਰ, ਅਨੁਸੂਚਿਤ ਜਾਤੀ, ਪੱਛੜੀ ਜਾਤੀ ਦੇ ਲੋਕ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ), ਮੈਡੀਏਸ਼ਨ ਅਤੇ ਕੰਸਲੀਏਸ਼ਨ ਸੈਂਟਰ ਬਾਰੇ ਵੀ ਦੱਸਿਆ।