ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਪਿੰਡਾਂ ਵਿੱਚ ਰੋਸ ਰੈਲੀਆਂ ਕਰਕੇ ਜਲਦ ਅਗਲੇ ਤਿੱਖੇ ਸੰਘਰਸ਼ ਕਰਨ ਦਾ ਕੀਤਾ ਐਲਾਨ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 21 ਅਕਤੂਬਰ, 2021: ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਬੀਤੀ 12 ਅਕਤੂਬਰ ਨੂੰ ਪੰਜਾਬ ਦੇ ਹਜ਼ਾਰਾਂ ਐੱਸਸੀ ਭਾਈਚਾਰੇ ਦੇ ਲੋਕਾਂ ਵੱਲੋਂ ਆਪਣੇ ਹਿੱਸੇ ਦੀਆਂ ਪੰਚਾਇਤੀ ਅਤੇ ਨਜ਼ੂਲ ਜ਼ਮੀਨਾਂ ਸਮੇਤ ਕਰਜ਼ਾ ਮੁਆਫ਼ੀ ਦੇ ਮਸਲੇ ਨੂੰ ਲੈ ਕੇ ਨੂੰ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕੋਠੀ ਅੱਗੇ ਮੁਲਾਕਾਤ ਲਈ ਰੋਸ਼ ਪ੍ਰਦਰਸ਼ਨ ਕੀਤਾ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਸਪੈਸ਼ਲ ਡਿਊਟੀ ਅਫਸਰ ਰਵਿੰਦਰ ਸਿੰਘ ਅਤੇ ਐੱਸ ਐੱਸ ਪੀ ਸ੍ਰੀ ਵਿਵੇਕਸ਼ੀਲ ਸੋਨੀ ਰਾਹੀਂ ਜੱਥੇਬੰਦੀ ਦੀ 21 ਅਕਤੂਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਤੈਅ ਕਰਵਾਈ ਗਈ ਸੀ, ਪ੍ਰੰਤੂ ਬੀਤੀ ਸ਼ਾਮ ਮੁੱਖ ਮੰਤਰੀ ਦੇ ਓਐੱਸਡੀ ਰਵਿੰਦਰ ਸਿੰਘ ਵੱਲੋਂ ਆਗੂਆਂ ਨੂੰ ਫੋਨ ਕਰਕੇ ਮੀਟਿੰਗ ਮੁਲਤਵੀ ਕਰਕੇ ਕੁੱਝ ਦਿਨ ਬਾਅਦ ਦੁਬਾਰਾ ਸਮਾਂ ਦੇਣ ਦਾ ਸੁਨੇਹਾ ਲਗਾਇਆ ਗਿਆ।
ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦਾ ਐੱਸ ਸੀ ਭਾਈਚਾਰੇ ਦੀਆਂ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕਰਨ ਤੋਂ ਟਾਲਾ ਵੱਟਣਾ ਇਸ ਗੱਲ ਨੂੰ ਸਾਫ਼ ਕਰਦਾ ਹੈ ਕਿ ਉਹ ਐੱਸਸੀ ਭਾਈਚਾਰੇ ਦੇ ਲੋਕਾਂ ਦੀ ਜ਼ਿੰਦਗੀ ਨਾਲ ਜੁੜੇ ਜਮੀਨ ਵਰਗੇ ਅਹਿਮ ਮੁੱਦੇ ਲਾਂਭੇ ਕਰਕੇ ਆਉਣ ਵਾਲੀਆਂ ਚੋਣਾਂ ਵਿਚ ਦਲਿਤ ਵੋਟ ਬੈਂਕ ਨੂੰ ਹਥਿਆਉਣ ਦੀ ਸਿਰਫ਼ ਇੱਕ ਚਾਲ ਚੱਲ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਚਾਲ ਨੂੰ ਪਿੰਡਾਂ ਵਿਚ ਬੇਨਕਾਬ ਕਰਨ ਲਈ ਪਿੰਡਾਂ ਵਿੱਚ ਰੋਸ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਇਕ ਹਫ਼ਤੇ ਬਾਅਦ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਉਹਨਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਮੁੱਖ ਮੰਤਰੀ ਦਾ ਪਿੰਡਾਂ ਵਿੱਚ ਆਉਣ 'ਤੇ ਘਿਰਾਓ ਵੀ ਕੀਤਾ ਜਾਵੇਗਾ।