ਅਸ਼ੋਕ ਵਰਮਾ
ਬਠਿੰਡਾ, 22 ਅਕਤੂਬਰ 2021: ਆਮ ਆਦਮੀ ਪਾਰਟੀ ਬਠਿੰਡਾ ਨੇ ਡੇਂਗੂ ਨੂੰ ਲੈਕੇ ਸਰਕਾ;ਰੀ ਸਿਹਤ ਸੇਵਾਵਾਂ ਨੂੰ ਕਟਹਿਰੇ ’ਚ ਖੜ੍ਹਾਉਂਦਿਆਂ ਪੰਜਾਬ ਸਰਕਾਰ ਨੂੰ ਕਟਹਿਰੇ ’ਚ ਖੜ੍ਹਾਇਆ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਬਕ ਲੈਣ ਦੀ ਨਸੀਹਤ ਦਿੱਤੀ ਹੈ। ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਜਗਰੂਪ ਸਿੰਘ ਗਿੱਲ, ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਤੇ ਬਠਿੰਡਾ ਸਹਿਰੀ ਦੇ ਜਿਲ੍ਹਾ ਪ੍ਰਧਾਨ ਨੀਲ ਗਰਗ ਅਤੇ ਮੀਡੀਆ ਇੰਚਾਰਜ ਬਲਕਾਰ ਸਿੰਘ ਭੋਖੜਾ ਨੇ ਅੱਜ ਇੱਕ ਪ੍ਰੈਸ ਬਿਆਨ ਰਾਹੀਂ ਸ਼ਹਿਰ ’ਚ ਬੇਕਾਬੂ ਹੋ ਰਹੇ ਡੇਂਗੂ ਮਾਮਲਿਆਂ ਲਈ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਨੇ ਕਿਹਾ ਕਿ ਸਰਕਾਰੀ ਡਿਸਪੈਂਸਰੀਆਂ ਅਤੇ ਹਸਪਤਾਲਾਂ ਵਿੱਚ ਡੇਂਗੂ ਮਰੀਜਾਂ ਦੇ ਇਲਾਜ ਲਈ ਵਧੀਆ ਪ੍ਰਬੰਧ ਨਾ ਹੋਣ ਕਾਰਨ ਮਰੀਜ਼ ਪ੍ਰਾਈਵੇਟ ਹਸਪਤਾਲਾਂ ਵਿੱਚ ਲੁੱਟ ਦਾ ਸ਼ਿਕਾਰ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਹਰ ਸਾਲ ਡੇਂਗੂ ਦਾ ਹਮਲਾ ਹੁੰਦਾ ਹੈ ਖਾਸ ਤੌਰ ਤੇ ਸਤੰਬਰ, ਅਕਤੂਬਰ ਅਤੇ ਨਵੰਬਰ ਬਿਮਾਰੀ ਦੇ ਸ਼ਿਖਰਲੇ ਦਿਨ ਹੁੰਦੇ ਹਨ ਇਸ ਲਈ ਪੰਜਾਬ ਸਰਕਾਰ ਨੂੰ ਇਸ ਦੀ ਰੋਕਥਾਮ ਲਈ ਪਹਿਲਾਂ ਤੋਂ ਹੀ ਪ੍ਰਬੰਧ ਮੁਕੰਮਲ ਕਰ ਲੈਣੇ ਚਾਹੀਦੇ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਕਰੋਨਾ ਮਹਾਂਮਾਰੀ ਅਤੇ ਹੁਣ ਡੇਂਗੂ ਦੇ ਪ੍ਰਕੋਪ ਨੇ ਪੰਜਾਬ ਦੀਆਂ ਸਰਕਾਰੀ ਸਿਹਤ ਸੇਵਾਵਾਂ ਦਾ ਭਾਂਡਾ ਭੰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚਿੰਤਾਜਨਕ ਹੈ ਕਿ ਪੰਜਾਬ ਵਿੱਚ ਡੇਂਗੂ ਦੇ ਨਿੱਤ ਦਿਨ ਵਧਦੇ ਮਾਮਲਿਆਂ ਕਾਰਨ ਨਿੱਜੀ ਹਸਪਤਾਲਾਂ ’ਤੇ ਆਧਾਰਿਤ ਕਥਿਤ ਸਿਹਤ ਮਾਫ਼ੀਆ ਵੀ ਸਰਗਰਮ ਹੋ ਗਿਆ ਹੈ ਅਤੇ ਬੈਡਾਂ ਤੇ ਟੈਸਟਾਂ ਦੇ ਮੂੰਹ ਮੰਗੇ ਪੈਸੇ ਵਸੂਲੇ ਜਾ ਰਹੇ ਹਨ ਜੋਕਿ ਗਰੀਬ ਪ੍ਰੀਵਾਰਾਂ ਦੇ ਵੱਸ ਤੋਂ ਬਾਹਰ ਹੈ।
ਉਨ੍ਹਾਂ ਆਖਿਆ ਕਿ ਮਰੀਜਾਂ ਤੋਂ ਖੂਨ ਵਿੱਚ ਸੈੱਲਾਂ ਦੀ ਘਾਟ ਪੂਰੀ ਕਰਨ ਲਈ ਸਿੰਗਲ ਡੋਨਰ ਪਲੇਟਲੈਟਸ ਦੇ ਇੱਕ ਪੈਕਟ ਦੀ ਕੀਮਤ 10 ਤੋਂ 15 ਹਜ਼ਾਰ ਤੱਕ ਵਸੂਲੀ ਜਾ ਰਹੀ ਹੈ ਪਰ ਇਸ ਲੁੱਟ ਨੂੰ ਰੋਕਣ ਪੰਜਾਬ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਪੰਜਾਬ ਸਰਕਾਰ ਤੋਂ ਇਸ ਕਥਿਤ ਲੁੱਟ ਨੂੰ ਰੋਕਣ, ਪ੍ਰਾਈਵੇਟ ਹਸਪਤਾਲਾਂ ਵਿੱਚ ਬੈੱਡ ਚਾਰਜ , ਐਸ.ਡੀ.ਪੀ ਕਿੱਟ , ਟੈਸਟਾਂ ਦੀ ਕੀਮਤ ਨਿਰਧਾਰਿਤ ਕਰਨ ਅਤੇ ਜਿਆਦਾ ਵਸੂਲਣ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ ਤੋਂ ਇਲਾਵਾ ਆਮ ਲੋਕਾਂ ਨੂੰ ਬਿਮਾਰੀ ਬਾਰੇ ਜਾਣਕਾਰੀ ਦੇਣ ਅਤੇ ਬਚਾਅ ਲਈ ਜਾਗਰੂਕਤਾ ਮੁਹਿੰਮ ਚਲਾਉਣ ਦੀ ਲੋੜ ਤੇ ਜੋਰ ਦਿੱਤਾ ਤਾਂ ਜੋ ਡੇਂਗੂ ਕਾਰਨ ਮਰੀਜਾਂ ਨੂੰ ਆ ਰਹੀਆਂ ਮੁਸ਼ਕਲਾਂ ਤੇ ਕਾਬੂ ਪਾਇਆ ਜਾ ਸਕੇ।
ਇਸ ਮੌਕੇ ਆਪ ਆਗੂਆਂ ਨੇ ਖੁਨ ਦੇ ਸੈਲਾਂ ਸਮੇਤ ਹੈਲਪਲਾਈਨ ਨੰਬਰ ਜਾਰੀ ਕਰਨ ਦੇ ਨਾਲ ਨਾਲ ਖੂਨਦਾਨੀਆਂ ਨਾਲ ਤਾਲਮੇਲ ਵਧਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬਠਿੰਡਾ ’ਚ ਸਮਾਜਸੇਵੀ ਸੰਸਥਾਵਾਂ ਦਾ ਸਹਿਯੋਗ ਲਿਆ ਜਾਣਾ ਚਾਹੀਦਾ ਹੈ ਅਤੇ ਸਿਹਤ ਵਿਭਾਗ ਨੂੰ ਖੂਨਦਾਨੀਆਂ ਨਾਲ ਵੀ ਤਾਲਮੇਲ ਜਰੂਰੀ ਹੈ। ਆਪ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਡੇਂਗੂ ਦੀ ਘਾਤਕ ਬਿਮਾਰੀ ’ਤੇ ਕਾਬੂ ਪਾਇਆ ਹੈ ਉਸੇ ਤਰ੍ਹਾਂ ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ’ਤੇ ਪਿੰਡ ਅਤੇ ਮਹੱਲਾ ਕਲੀਨਿਕ ਖੋਲ੍ਹ ਕੇ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਜਾਵੇਗਾ।