ਤਾਪਮਾਨ ਘਟ ਜਾਣ ਦੇ ਮੱਦੇਨਜ਼ਰ, ਝੋਨੇ 'ਚ ਨਮੀ ਦੀ ਮਾਤਰਾ ਵਧਾ ਕੇ 20 % ਕੀਤੀ ਜਾਵੇ: ਕਿਸਾਨ ਆਗੂ
487ਵੇਂ ਗੁਰਪੁਰਬ ਮੌਕੇ ਸ਼੍ਰੀ ਗੁਰੂ ਰਾਮਦਾਸ ਜੀ ਨੂੰ ਸਿਜਦਾ ਕੀਤਾ ਗਿਆ; ਗੁਰੂ ਜੀ ਦੀਆਂ ਸਿਖਿਆਵਾਂ ਗ੍ਰਹਿਣ ਕਰਨ 'ਤੇ ਜ਼ੋਰ ਦਿੱਤਾ
ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 22 ਅਕਤੂਬਰ, 2021: ਬੱਤੀ ਜਥੇਬੰਦੀਆਂ 'ਤੇ ਆਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਧਰਨੇ ਅੱਜ 387ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਹੇ।
ਕਿਸਾਨੀ ਧਰਨਿਆਂ ਵਿੱਚ ਅੱਜ ਸਿੱਖ ਧਰਮ ਦੇ ਚੌਥੇ ਗੁਰੂ ਸ਼੍ਰੀ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼-ਪੁਰਬ ਤੇ ਉਨ੍ਹਾਂ ਨੂੰ ਸਿਜਦਾ ਕੀਤਾ ਗਿਆ। ਬੁਲਾਰਿਆਂ ਨੇ ਇਸ ਮੌਕੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਗੁਰੂ ਜੀ ਦੀਆਂ ਸਿਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਅਰਜ਼ ਕੀਤੀ।
ਅੱਜ ਬੁਲਾਰਿਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਦੀ ਵਿਥਿਆ ਸੁਣਾਈ। ਆਗੂਆਂ ਨੇ ਕਿਹਾ ਕਿ ਮੌਸਮ ਬਦਲ ਜਾਣ ਕਾਰਨ ਤਾਪਮਾਨ ਬਹੁਤ ਘੱਟ ਗਿਆ ਹੈ ਜਿਸ ਕਾਰਨ ਨਮੀ ਦੀ 17% ਤੈਅ-ਸ਼ੁਦਾ ਮਾਤਰਾ ਹਾਸਲ ਕਰਨੀ ਬਹੁਤ ਮੁਸ਼ਕਲ ਹੈ। ਵੱਧ ਨਮੀ ਕਾਰਨ ਕਿਸਾਨਾਂ ਨੂੰ ਕਈ ਦਿਨਾਂ ਤੱਕ ਮੰਡੀਆਂ ਵਿੱਚ ਰੁਲਣਾ ਪੈਂਦਾ ਹੈ। ਖਰੀਦ ਹੋ ਜਾਣ ਬਾਅਦ ਵੀ ਕਈ ਦਿਨ ਤੱਕ ਲਿਫਟਿੰਗ ਨਹੀਂ ਹੁੰਦੀ। 48 ਘੰਟਿਆਂ 'ਚ ਭੁਗਤਾਨ ਹੋਣ ਵਾਲੇ ਸਰਕਾਰੀ ਦਾਅਵੇ ਦੀ ਵੀ ਫੂਕ ਨਿਕਲ ਗਈ ਹੈ। ਕਿਸਾਨਾਂ ਨੂੰ ਬੈਂਕਾਂ ਦੇ ਕਈ ਗੇੜੇ ਮਾਰਨੇ ਪੈਂਦੇ ਹਨ ਪਰ ਖਾਤਿਆਂ ਵਿੱਚ ਰਕਮ ਨਹੀਂ ਪਹੁੰਚਦੀ।
ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮੰਗ ਕੀਤੀ ਕਿ ਝੋਨੇ 'ਚ ਨਮੀ ਦੀ ਮਾਤਰਾ 17%ਤੋਂ ਵਧਾ ਕੇ 20% ਕੀਤੀ ਜਾਵੇ ਅਤੇ ਮੰਡੀਆਂ ਦੀਆਂ ਬਾਕੀ ਸਭ ਬਦ-ਇੰਤਜਾਮੀਆਂ ਨੂੰ ਤੁਰੰਤ ਦਰੁਸਤ ਕੀਤਾ ਜਾਵੇ।