ਜੀ ਐਸ ਪੰਨੂ
ਪਟਿਆਲਾ, 22 ਅਕਤੂਬਰ 2021: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਸਕੱਤਰ-ਕਮ-ਸੀ.ਜੇ.ਐਮ. ਪਰਮਿੰਦਰ ਕੌਰ ਨੇ ਦੱਸਿਆ ਹੈ ਕਿ ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਨੂੰ ਲੈਕੇ 2 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਹੁਣ ਤੱਕ 715 ਪਿੰਡਾਂ 'ਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 12888 ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਸਿੱਧੇ ਤੌਰ 'ਤੇ ਦੱਸਿਆ ਗਿਆ ਹੈ।
ਉਨ੍ਹਾਂ ਕਿਹਾ ਕਿ 10 ਅਕਤੂਬਰ ਤੋਂ ਲੈਕੇ 16 ਅਕਤੂਬਰ ਤੱਕ 464 ਸੈਮੀਨਾਰ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਸ ਤੋਂ ਬਿਨ੍ਹਾਂ ਘਰ-ਘਰ ਮੁਹਿੰਮ ਤਹਿਤ 168 ਪਿੰਡਾਂ 'ਚ ਜਾਕੇ 19990 ਲੋਕਾਂ ਤੱਕ ਪਹੁੰਚ ਬਣਾਈ ਗਈ। ਜਿਸ 'ਚ ਪੰਜਾਬ ਸਰਕਾਰ ਦੀਆਂ ਸਕੀਮਾਂ, ਬੁਢਾਪਾ ਪੈਨਸ਼ਨ, ਆਸ਼ਰਿਤ ਬੱਚਿਆਂ ਲਈ ਵਿੱਤੀ ਸਹਾਇਤਾ, ਵਿਧਵਾ ਪੈਨਸ਼ਨ, ਸਕਾਲਰਸ਼ਿਪ ਸਕੀਮ ਤੇ ਸਮਾਰਟ ਰਾਸ਼ਨ ਕਾਰਡ ਦੀ ਸਹੂਲਤ ਪ੍ਰਾਪਤ ਕਰਨ ਬਾਰੇ ਵੀ ਦੱਸਿਆ ਗਿਆ। ਇਸ ਤੋਂ ਬਿਨ੍ਹਾਂ 8 ਤੋਂ 14 ਨਵੰਬਰ ਤੱਕ ਕਾਨੂੰਨੀ ਸੇਵਾਵਾਂ ਹਫ਼ਤਾ ਮਨਾਇਆ ਜਾਵੇਗਾ।
ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਰਾਜਿੰਦਰ ਅਗਰਵਾਲ ਦੀ ਅਗਵਾਈ ਹੇਠ ਚਲਾਈ ਜਾਗਰੂਕਤਾ ਪ੍ਰਚਾਰ ਵੈਨ ਦਾ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ। ਜਿਨ੍ਹਾਂ ਰਾਹੀਂ ਲੋਕਾਂ ਨੂੰ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ ਕੰਟਰੋਲਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸਹਾਇਕ ਕਿਰਤ ਕਮਿਸ਼ਨਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਸੀ.ਡੀ.ਪੀ.ਓ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਪਿੰਡਾਂ 'ਚ ਲਗਾਤਾਰ ਪਹੁੰਚਾ ਬਣਾਕੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਸਮੇਤ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤ, ਤੇਜਾਬੀ ਹਮਲੇ ਦੇ ਪੀੜਤਾਂ ਲਈ ਵਿੱਤੀ ਸਹਾਇਤਾ ਸਕੀਮ, ਸਥਾਈ ਲੋਕ ਅਦਾਲਤ, ਟੋਲ ਫਰੀ ਨੰਬਰ 1968, ਮੀਡੀਏਸ਼ਨ ਦੇ ਲਾਭ, ਲੀਗਲ ਸਰਵਿਸ ਐਪ ਅਤੇ 11 ਦਸੰਬਰ 2021 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਬਾਰੇ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਚਰਨਵੀਰ ਸਿੰਘ ਵੱਲੋਂ ਭੁੱਨਰਹੇੜੀ ਬਲਾਕ ਦੇ ਪਿੰਡਾਂ 'ਚ ਸੈਮੀਨਾਰ ਲਗਾਏ ਗਏ।