ਗੌਰਵ ਮਾਣਿਕ
ਫਿਰੋਜ਼ਪੁਰ 22 ਅਕਤੂਬਰ 2021: ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਕੁਲਵਿੰਦਰ ਕੌਰ ਦੀ ਸੇਵਾ ਮੁਕਤੀ ਉਪਰੰਤ ਖਾਲੀ ਹੋਈ ਅਸਾਮੀ ਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਰਾਜੀਵ ਛਾਬੜਾ ਵੱਲੋ ਅੱਜ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਦਾ ਵਾਧੂ ਕਾਰਜਭਾਰ ਸੰਭਾਲ ਲਿਆ ਗਿਆ। ਇਸ ਮੌਕੇ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਕੁਲਵਿੰਦਰ ਕੌਰ ਉੱਚੇਚੇ ਤੌਰ 'ਤੇ ਸ਼ੁਭ ਇਛਾਵਾਂ ਦੇਣ ਪਹੁੰਚੇ। ਕਾਰਜਭਾਰ ਸੰਭਾਲਦੇ ਹੀ ਦਫਤਰੀ ਸਟਾਫ ਅਤੇ ਮਿਆਰੀ ਸਿੱਖਿਆ ਲਈ ਬਣਾਈਆਂ ਗਈਆਂ ਟੀਮਾਂ ਨਾਲ ਪਲੇਠੀ ਮੀਟਿੰਗ ਕਰਦੇ ਹੋਏ ਨਵ ਨਿਯੁਕਤ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੀਵ ਛਾਬੜਾ ਨੇ ਕਿਹਾ ਕਿ ਉਹ ਦਫਤਰੀ ਸਟਾਫ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਇਸ ਸਰਹੱਦੀ ਜ਼ਿਲ੍ਹੇ ਦੇ ਸਕੂਲਾਂ ਵਿਚ ਮਿਆਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰਨਗੇ ਤਾਂ ਜੋ ਵਿਦਿਆਰਥੀ ਸਮੇਂ ਦੇ ਹਾਣੀ ਬਣ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾ ਲਈ ਇਹ ਜ਼ਿਲ੍ਹਾ ਨਵਾਂ ਨਹੀਂ ਹੈ ਕਿਉਂਕਿ ਉਹ ਪਹਿਲਾ ਹੀ ਲੰਮੇ ਸਮੇ ਤੋਂ ਬਤੋਰ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਵਿਦਿਆਰਥੀਆਂ ਦੀ ਬੁਨਿਆਦੀ ਸਿੱਖਿਆ ਤੇ ਕੰਮ ਕਰ ਰਹੇ ਹਨ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਦੀ ਨੀਂਹ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਕੋਸ਼ਿਸ਼ ਹੋਵੇਗੀ ਕਿ ਸੀਨੀਅਰ ਸੈਕੰਡਰੀ ਵਿੰਗ ਦੇ ਵਿਦਿਆਰਥੀਆਂ ਨੂੰ ਕਿੱਤਾ ਮੁੱਖੀ ਕੋਰਸਾਂ ਨਾਲ ਜੋੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅਧਿਆਪਕ ਸਕੂਲਾਂ ਵਿੱਚ ਬਹੁਤ ਤਨਦੇਹੀ ਨਾਲ ਕੰਮ ਕਰ ਰਹੇ ਹਨ ਤਾਂ ਜੋ ਨੈਸ਼ਨਲ ਅਚੀਵਮੈਂਟ ਸਰਵੇ ਵਿਚ ਜ਼ਿਲ੍ਹਾ ਮੋਹਰੀ ਸਥਾਨ ਹਾਸਲ ਕਰ ਸਕੇ। ਉਨ੍ਹਾਂ ਦਫਤਰੀ ਸਟਾਫ ਨਾਲ ਵਿਚਾਰ ਕਰਦੇ ਹੋਏ ਕਿਹਾ ਕਿ ਸਰਕਾਰ ਅਤੇ ਵਿਭਾਗ ਵੱਲੋ ਬਹੁਤੀਆਂ ਸੁਵਿਧਾਵਾਂ ਪਾਰਦਰਸ਼ੀ ਅਤੇ ਆਨਲਾਈਨ ਮਾਧਿਅਮ ਰਾਹੀ ਦਿੱਤੀਆਂ ਜਾ ਰਹੀਆਂ ਹਨ, ਇਸ ਲਈ ਕਿਸੇ ਵੀ ਮਸਲੇ ਨੂੰ ਲੰਬਿਤ ਨਾ ਰੱਖਿਆ ਜਾਵੇ ਅਤੇ ਸਮਾਂ ਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਫਿਰ ਵੀ ਜੇਕਰ ਕਿਸੇ ਦਫਤਰੀ ਮੁਲਾਜ਼ਮ ਜਾਂ ਫੀਲਡ ਵਿੱਚ ਅਧਿਆਪਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਬੇਝਿਜਕ ਸਿੱਧੇ ਤੌਰ 'ਤੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿ) ਕੋਮਲ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ(ਐ.ਸਿ) ਸੁਖਵਿੰਦਰ ਸਿੰਘ ਨੇ ਨਵ ਨਿਯੁਕਤ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭ ਇਛਾਵਾਂ ਦਿੱਤੀਆਂ। ਜਿਲ੍ਹਾ ਸਿੱਖਿਆ ਅਫਸਰ ਦੇ ਕਾਰਜਭਾਰ ਸੰਭਾਲਣ ਸਮੇ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫਸਰ ਮੈਡਮ ਕੁਲਵਿੰਦਰ ਕੌਰ, ਉੱਪ ਜ਼ਿਲ੍ਹਾ ਸਿੱਖਿਆ ਅਫਸਰ(ਸੈ.ਸਿ) ਕੋਮਲ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਸੁਖਵਿੰਦਰ ਸਿੰਘ, ਸੀਨੀਅਰ ਸਹਾਇਕ ਕਰਮਜੀਤ ਸਿੰਘ, ਡੇਨੀਅਲ ਮਸੀਹ, ਜ਼ਿਲ੍ਹਾ ਕੋਆਰਡੀਨੇਟਰ ਐੱਮਆਈਐੱਸ ਪਵਨ ਮਦਾਨ, ਜੂਨੀਅਰ ਸਹਾਇਕ ਅਮਨ ਕੁਮਾਰ, ਵਰੁਣ ਕੁਮਾਰ ਅਤੇ ਬਾਕੀ ਦਫਤਰੀ ਸਟਾਫ ਹਾਜ਼ਰ ਸੀ।