ਪਟਿਆਲਾ: ਪਾਵਰ ਕਾਮ ਦੀਆਂ 38 ਸੱਬ ਡਵੀਜਨਾਂ ਵਿੱਚ ਲੱਗੇ ਬਿੱਲ ਮੁਆਫ਼ੀ ਕੈਂਪ-ਸੰਦੀਪ ਹੰਸ
ਜੀ ਐਸ ਪੰਨੂ ,ਬਾਬੂਸ਼ਾਹੀ ਨੈੱਟਵਰਕ
ਪਟਿਆਲਾ, 23 ਅਕਤੂਬਰ,2021:ਪਟਿਆਲਾ ਦੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੋ ਕਿਲੋਵਾਟ ਤੱਕ ਦੇ ਮਨਜ਼ੂਰਸ਼ੁਦਾ ਬਿਜਲੀ ਲੋਡ ਵਾਲੇ ਘਰੇਲੂ ਖਪਤਕਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਬਕਾਇਆ ਬਿੱਲ ਮੁਆਫ਼ੀ ਸਕੀਮ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ।
ਹੰਸ ਨੇ ਦੱਸਿਆ ਕਿ 2 ਕਿਲੋਵਾਟ ਤੱਕ ਦੇ ਮਨਜੂਰਸ਼ੁਦਾ ਘਰੇਲੂ ਬਿਜਲੀ ਲੋਡ ਵਾਲੇ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮੁਆਫ਼ ਕਰਨ ਅਤੇ ਬਿੱਲ ਨਾ ਭਰਨ ਕਰਕੇ ਕੱਟੇ ਹੋਏ ਬਿਜਲੀ ਕੁਨੈਕਸ਼ਨਾਂ ਨੂੰ ਜੋੜਨ ਦੀ ਸਕੀਮ ਦਾ ਲਾਭ ਬਹੁਤ ਹੀ ਸੁਖਾਲੇ ਢੰਗ ਨਾਲ ਲਿਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲਾਭ ਹੇਠਲੇ ਪੱਧਰ 'ਤੇ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵੱਲੋਂ ਪਟਿਆਲਾ ਜ਼ਿਲ੍ਹੇ ਅੰਦਰ ਆਪਣੀਆਂ 38 ਸਬ-ਡਵੀਜਨਾਂ ਵਿਖ਼ੇ ਬਿਜਲੀ ਬਿੱਲ ਮੁਆਫ਼ੀ ਦੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ 'ਚ ਬਿਜਲੀ ਖਪਤਕਾਰ ਆਪਣੇ ਬਿਜਲੀ ਬਿੱਲ ਮੁਆਫ਼ ਕਰਵਾਉਣ ਲਈ ਵੱਡੀ ਗਿਣਤੀ 'ਚ ਪੁੱਜ ਰਹੇ ਹਨ ਪਰੰਤੂ ਜਿਹੜੇ 2 ਕਿਲੋਵਾਟ ਤੱਕ ਦੇ ਮਨਜੂਰਸ਼ੁਦਾ ਘਰੇਲੂ ਬਿਜਲੀ ਲੋਡ ਵਾਲੇ ਖਪਤਕਾਰ ਅਜੇ ਇਸ ਸਕੀਮ ਦਾ ਲਾਭ ਨਹੀਂ ਲੈ ਸਕੇ, ਉਹ ਤੁਰੰਤ ਲਾਭ ਲੈਣ ਲਈ ਆਪਣੇ ਨੇੜਲੇ ਬਿਜਲੀ ਦਫ਼ਤਰ ਵਿਖੇ ਪੁੱਜਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਭਪਾਤਰੀ ਖਪਤਕਾਰ ਨੂੰ ਕੇਵਲ ਆਪਣਾ ਮੌਜੂਦਾ ਬਿਜਲੀ ਬਿੱਲ ਜਾਂ ਪਿਛਲਾ ਬਿਜਲੀ ਬਿੱਲ ਹੀ ਆਪਣੇ ਨਾਲ ਬਿਜਲੀ ਦਫ਼ਤਰ ਵਿਖੇ ਲਿਜਾਣ ਦੀ ਲੋੜ ਹੈ ਅਤੇ ਉਸਨੂੰ ਪੰਜਾਬ ਸਰਕਾਰ ਦੀ ਬਿਜਲੀ ਬਿੱਲ ਮੁਆਫ਼ੀ ਸਕੀਮ ਦਾ ਲਾਭ ਲੈਣ ਲਈ ਕੇਵਲ ਇੱਕ ਫਾਰਮ ਹੀ ਭਰਨਾ ਪੈਣਾਂ ਹੈ। ਇਸ ਤੋਂ ਬਾਅਦ ਉਸਦੇ ਬਕਾਇਆ ਬਿਜਲੀ ਬਿੱਲ ਨੂੰ ਪੰਜਾਬ ਸਰਕਾਰ ਵੱਲੋਂ ਭਰਿਆ ਜਾਵੇਗਾ ਅਤੇ ਉਸਦਾ ਬਕਾਇਆ ਬਿਜਲੀ ਬਿੱਲ ਮੁਆਫ਼ ਹੋ ਜਾਵੇਗਾ।
ਇਸੇ ਦੌਰਾਨ ਪੰਜਾਬ ਰਾਜ ਬਿਜਲੀ ਨਿਗਮ ਸਾਊਥ ਸਰਕਲ ਦੇ ਚੀਫ਼ ਇੰਜੀਨੀਅਰ ਰਵਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਬਿਜਲੀ ਨਿਗਮ ਦੇ ਸਾਰੇ ਦਫ਼ਤਰਾਂ ਵੱਲੋਂ 2 ਕਿਲੋਵਾਟ ਤੱਕ ਦੇ ਮਨਜ਼ੂਰਸ਼ੁਦਾ ਘਰੇਲੂ ਬਿਜਲੀ ਲੋਡ ਵਾਲੇ ਖਪਤਕਾਰਾਂ ਨੂੰ ਪੰਜਾਬ ਸਰਕਾਰ ਦੀ ਸਕੀਮ ਦਾ ਲਾਭ ਦੇਣ ਲਈ ਨਿਰੰਤਰ ਯਤਨ ਜਾਰੀ ਹਨ। ਜ਼ਿਕਰਯੋਗ ਹੈ ਕਿ ਇਹ ਕੈਂਪ ਚੀਫ ਇੰਜੀਨੀਅਰ ਸਾਊਥ ਮੁਤਾਬਿਕ ਪਟਿਆਲਾ ਜ਼ਿਲ੍ਹੇ ਦੇ ਹਰ ਸ਼ਹਿਰ ਵਿੱਚ ਇਹ ਕੈਂਪ ਲੱਗੇ ਹੋਏ ਹਨ।