ਸੰਗਰੂਰ ਕਾਲਜ 'ਚ ਕਸ਼ਮੀਰੀ ਵਿਦਿਆਰਥੀਆਂ 'ਤੇ ਹੋਏ ਹਮਲੇ ਦੇ ਵਿਰੋਧ ਵੱਖ-ਵੱਖ ਜਨਤਕ ਜਥੇਬੰਦੀਆਂ ਵੱਲੋਂ ਅਰਥੀ ਫੂਕ ਮੁਜ਼ਾਹਰਾ
ਦਲਜੀਤ ਕੌਰ ਭਵਾਨੀਗੜ੍ਹ
- ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਦਾ ਪੁਖ਼ਤਾ ਪ੍ਰਬੰਧ ਕਰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ
ਸੰਗਰੂਰ, 25 ਅਕਤੂਬਰ, 2021: ਜਮਹੂਰੀ ਅਧਿਕਾਰ ਸਭਾ ਦੇ ਸੱਦੇ ਤੇ ਵੱਖ-ਵੱਖ ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਨੇ ਕੱਲ੍ਹ ਰਾਤ ਭਾਈ ਗੁਰਦਾਸ ਕਾਲਜ ਵਿਚ ਕਸ਼ਮੀਰੀ ਵਿਦਿਆਰਥੀਆਂ ਉਪਰ ਹੋਏ ਹਮਲੇ ਦੇ ਵਿਰੋਧ ਵਿਚ ਸਥਾਨਕ ਮਹਾਂਵੀਰ ਚੌਕ ਵਿੱਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਫਾਸ਼ੀਵਾਦੀ ਸ਼ਕਤੀਆਂ ਦੀ ਅਰਥੀ ਸਾੜੀ ਗਈ।
ਇਸ ਮੌਕੇ ਇਕੱਤਰ ਹੋਏ ਵੱਖ-ਵੱਖ ਜੱਥੇਬੰਦੀਆਂ ਦੇ ਆਗੂਆਂ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਅਤੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਾਲਜ ਮੈਨੇਜਮੈਂਟ ਅਤੇ ਜ਼ਿਲ੍ਹਾ ਸੰਗਰੂਰ ਦਾ ਪ੍ਰਸ਼ਾਸਨ ਵੱਲੋਂ ਕੁੱਟਮਾਰ ਦਾ ਸ਼ਿਕਾਰ ਹੋਏ ਕਸ਼ਮੀਰੀ ਵਿਦਿਆਰਥੀਆਂ ਨੂੰ ਕਿਸੇ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਜੇਕਰ ਪੰਜਾਬ ਸਰਕਾਰ ਨੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਦਾ ਪੁਖ਼ਤਾ ਪ੍ਰਬੰਧ ਕਰਕੇ ਜਲਦ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਤਾਂ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਵਿਸ਼ਾਲ ਲਾਮਬੰਦੀ ਕਰਕੇ ਸੂਬਾ ਸਰਕਾਰ ਖਿਲਾਫ਼ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
ਇਸ ਰੋਸ ਪ੍ਰਦਰਸ਼ਨ ਵਿੱਚ ਜਮਹੂਰੀ ਅਧਿਕਾਰ ਸਭਾ ਦੇ ਆਗੂ ਮਨਧੀਰ ਸਿੰਘ, ਗੁਰਪ੍ਰੀਤ ਕੌਰ, ਸਵਰਨਜੀਤ ਸਿੰਘ, ਜਗਰੂਪ ਸਿੰਘ ਜਵੰਧਾ, ਤਰਕਸ਼ੀਲ ਸੁਸਾਇਟੀ ਦੇ ਪ੍ਰਧਾਨ ਪਰਮਵੇਦ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂ ਹਰਜੀਤ ਸਿੰਘ ਬਾਲੀਆਂ, ਬਬਨ ਪਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ਅਤੇ ਪ੍ਰਗਟ ਸਿੰਘ ਕਾਲਾਝਾੜ, ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ਦੇ ਆਗੂ ਗੁਰਵਿੰਦਰ ਸਿੰਘ, ਡੀਟੀਐੱਫ ਦੇ ਆਗੂ ਦਾਤਾ ਸਿੰਘ, ਅਦਾਰਾ ਪਰਵਾਜ਼ ਵੱਲੋਂ ਸੁਖਵਿੰਦਰ ਸਿੰਘ ਪੱਪੀ ਆਦਿ ਆਗੂ ਹਾਜਰ ਸਨ।