ਪਟਿਆਲਾ: ਮਲਟੀਪਰਪਜ਼ ਸਕੂਲ ਦੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਨੇ ਕਰਾਈ ਪੜ੍ਹਾਈ
ਜੀ ਐਸ ਪੰਨੂ
ਪਟਿਆਲਾ, 28 ਅਕਤੂਬਰ,2021 - ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਹਫ਼ਤਾ ਮਨਾਉਂਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਪਟਿਆਲਾ ਵਿਖੇ ਸੈਮੀਨਾਰ ਕਰਵਾਇਆ, ਜਿਸ 'ਚ ਸਕੂਲ ਦੇ ਕਰੀਬ 250 ਵਿਦਿਆਰਥੀਆਂ ਨੇ ਹਿੱਸਾ ਲਿਆ।
ਸੈਮੀਨਾਰ ਦੌਰਾਨ ਡੀ.ਐਸ.ਪੀ. ਪੁਨੀਤ ਸਿੰਘ ਚਹਿਲ ਨੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਸਾਰਥਿਕਤਾ ਤੋਂ ਜਾਣੂ ਕਰਵਾਇਆ ਅਤੇ ਲੈਕਚਰਾਰ ਪੁਸ਼ਪਿੰਦਰ ਕੌਰ, ਰਵਿੰਦਰ ਕੌਰ ਲੈਕਚਰਾਰ ਤੇ ਹਰਦੀਪ ਕੌਰ ਨੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੋਣ ਲਈ ਵਿਦਿਆਰਥੀਆਂ ਨੂੰ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਤੋਤਾ ਸਿੰਘ ਨੇ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੋਣ ਲਈ ਇਸ ਜਾਗਰੂਕਤਾ ਮੁਹਿੰਮ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਸਭ ਨੂੰ ਮਿਲਕੇ ਹੰਭਲਾ ਮਾਰਨ ਦਾ ਸੁਨੇਹਾ ਦਿੱਤਾ ਗਿਆ। ਸੈਮੀਨਾਰ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਪਟਿਆਲਾ ਦੇ ਵਿਦਿਆਰਥੀਆਂ/ਵਿਦਿਆਰਥਣਾਂ ਕਿਰਨ, ਤਾਨੂਜਾ, ਜਸਮੀਨ ਕੌਰ, ਗਗਨਜੀਤ ਸਿੰਘ ਅਤੇ ਧੀਰਜ ਕੁਮਾਰ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਜਾਗਰੂਕ ਕੀਤਾ ਅਤੇ ਵਿਸਥਾਰ ਸਾਹਿਤ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੋਣ ਲਈ ਪ੍ਰਣ ਕੀਤਾ।
ਡੀ.ਐਸ.ਪੀ. ਪੁਨੀਤ ਸਿੰਘ ਚਹਿਲ ਵੱਲੋਂ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਕਰਦੇ ਹੋਏ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਭ੍ਰਿਸ਼ਟ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸੂਚਨਾਵਾਂ ਦੇਣ ਲਈ ਵਿਜੀਲੈਂਸ ਬਿਊਰੋ ਪੰਜਾਬ ਦੀ ਮੇਲ ਆਈ ਡੀ, ਟੋਲ ਫ਼ਰੀ ਨੰਬਰ, ਦਫ਼ਤਰ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਅਤੇ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਦੇ ਟੈਲੀਫ਼ੋਨ ਨੰਬਰਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਟੀਪਰਪਜ਼ ਪਟਿਆਲਾ ਵਿੱਚ ਮੌਜੂਦ ਸਮੂਹ ਸਟਾਫ਼ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਵਿਜੀਲੈਂਸ ਬਿਊਰੋ ਪੰਜਾਬ, ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪਟਿਆਲਾ ਅਤੇ ਵਿਜੀਲੈਂਸ ਬਿਊਰੋ ਯੂਨਿਟ ਪਟਿਆਲਾ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕਤਾ ਸਬੰਧੀ ਇਸ਼ਤਿਹਾਰ ਤੇ ਪੰਪਲੈਟ ਵੰਡੇ ਗਏ। ਵਿਜੀਲੈਂਸ ਵਿਭਾਗ ਸਬੰਧੀ ਜਾਣਕਾਰੀ ਦਿੱਤੀ ਗਈ ਤੇ ਵਿਦਿਆਰਥੀਆਂ ਦੇ ਰੂਬਰੂ ਹੋ ਕਿ ਚਰਚਾ ਕੀਤੀ ਗਈ ਤੇ ਕਿਸੇ ਵੀ ਤਰ੍ਹਾਂ ਦਾ ਭਿ੍ਰਸ਼ਟਾਚਾਰ ਜਾਨਣ ਤੇ ਤੁਰੰਤ ਵਿਜੀਲੈਂਨ ਵਿਭਾਗ ਨੂੰ ਦੱਸਣ ਦੀ ਅਪੀਲ ਕੀਤੀ ਗਈ।