ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਕਾਫ਼ੀ ਸਮਾਂ ਪਹਿਲਾਂ ਖੁੱਲ੍ਹਣਾ ਚਾਹੀਦਾ ਸੀ : ਪ੍ਰੋ. ਬਡੂੰਗਰ
- ਪ੍ਰੋ ਬਡੂੰਗਰ ਨੇ ਕੀਤਾ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦਾ ਸਵਾਗਤ
ਪਟਿਆਲਾ 16 ਨਵੰਬਰ 2021 - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ ਸਥਿਤ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਖੁੱਲ੍ਹਣ ਜਾ ਰਹੇ ਲਾਂਘੇ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਵੱਲੋਂ ਕਈ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਸਮੇਂ ਸਮੇਂ ਤੇ ਮੰਗ ਕੀਤੀ ਜਾਂਦੀ ਰਹੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾਵੇ ।
ਪ੍ਰੋ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਵੇਂ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਹੋਇਆਂ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ ਪ੍ਰੰਤੂ ਜਦੋਂ ਕੋਰੋਨਾ ਦਾ ਪ੍ਰਕੋਪ ਘਟਣ ਨਾਲ ਸਮੁੱਚੇ ਕੰਮਕਾਜ ਆਪਣੀ ਰਫ਼ਤਾਰ ਗਤੀ ਤੇ ਆ ਗਏ ਸਨ ਤਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਵਿੱਚ ਵੀ ਕੇਂਦਰ ਸਰਕਾਰ ਨੂੰ ਦੇਰੀ ਨਹੀਂ ਕਰਨੀ ਚਾਹੀਦੀ ਸੀ ਤੇ ਕਾਫ਼ੀ ਸਮਾਂ ਪਹਿਲਾਂ ਖੋਹ ਦਿੱਤਾ ਜਾਣਾ ਚਾਹੀਦਾ ਸੀ ।
ਪ੍ਰੋ. ਬਡੂੰਗਰ ਨੇ ਕਿਹਾ ਕਿ ਲੱਖਾਂ ਸੰਗਤਾਂ ਦੀਆਂ ਭਾਵਨਾਵਾਂ ਪਿਛਲੇ ਕਾਫ਼ੀ ਸਮੇਂ ਤੋਂ ਇਹ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਮੰਗ ਕਰਦੀਆਂ ਆ ਰਹੀਆਂ ਸਨ ਤੇ ਇਨ੍ਹਾਂ ਭਾਵਨਾਵਾਂ ਨੂੰ ਉਹ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਮੰਗ ਕਰਦੇ ਰਹੇ ਸਨ ਕਿ ਜਲਦ ਤੋਂ ਜਲਦ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਸੰਗਤਾਂ ਗੁਰੂ ਘਰ ਦੇ ਦਰਸ਼ਨ ਕਰਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰ ਸਕੇ ।