ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵੱਡੀ ਗਿਣਤੀ ’ਚ ਨਤਮਸਤਕ
ਜਗਤਾਰ ਸਿੰਘ
- ਹਜ਼ੂਰੀ ਕੀਰਤਨੀ ਜਥਿਆਂ ਨੇ ਚਲਾਇਆ ਗੁਰਬਾਣੀ ਪ੍ਰਵਾਹ, ਸੰਗਤਾਂ ਨੇ ਕੀਤੀ ਪੰਗਤ-ਸੰਗਤ
- ਅਜੌਕੇ ਦੌਰ ’ਚ ਆਓ ਬਣੀਏ ਗੁਰੂ ਸਾਹਿਬ ਦੀਆਂ ਮਹਾਨ ਕ੍ਰਾਂਤੀਕਾਰੀ ਸਿੱਖਿਆਵਾਂ ਦਾ ਧਾਰਨੀ : ਪ੍ਰੋ. ਬਡੂੰਗਰ
ਪਟਿਆਲਾ 19 ਨਵੰਬ2021 - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਸਮੁੱਚੀ ਮਾਨਵਤਾ ਦੇ ਰਹਿਬਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਤੜਕ ਸਵੇਰ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਦਰਬਾਰ ’ਚ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਨ ਮਗਰੋਂ ਪੰਗਤ-ਸੰਗਤ ਕਰਦਿਆਂ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਗਿਆ।
ਇਸੇ ਤਰ੍ਹਾਂ ਗੁਰਦੁਆਰਾ ਬਹਾਦਰਗੜ੍ਹ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ ਅਤੇ ਗੁਰਦੁਆਰਾ ਬਾਬਾ ਅਜਾਪਾਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਕ ਸਮਾਗਮ ਕਰਵਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਦੇ ਦੀਵਾਨ ਹਾਲ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹੈਡ ਗ੍ਰੰਥੀ ਭਾਈ ਪਿ੍ਰਤਪਾਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸਮੁੱਚੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਹਜ਼ੂਰੀ ਰਾਗੀ ਭਾਈ ਇੰਦਰਪ੍ਰੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਪ੍ਰਵਾਹ ਚਲਾਇਆ।
ਧਾਰਮਕ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼ੋ੍ਰਮਣੀ ਕਮੇਟੀ ਮੈਂਬਰਾਨ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ, ਸਾਬਕਾ ਮੈਂਬਰ ਬੀਬੀ ਕਮਲੇਸ਼ ਕੌਰ ਉਚੇਚੇ ਤੌਰ ’ਤੇ ਪੁੱਜੇ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮੁੱਚੀ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਰਬ ਜਗਤ ਦੇ ਗੁਰੂ ਸਾਰੇ ਵਿਸ਼ਵ ਦੇ ਰਹਿਬਰ ਸਨ, ਜੋ ਵਿਸ਼ਵ ਦੇ ਉਚਤਮ ਕ੍ਰਾਂਤੀਕਾਰੀ ਦਾਰਸ਼ਨਿਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਹਮੇਸ਼ਾ ਲਈ ਹਰ ਪੱਖ ਤੋਂ, ਹਰ ਖੇਤਰ ਵਿਚ ਅਗਵਾਈ ਕਰਨ ਦੇ ਸਮਰੱਥ ਹਨ ਅਤੇ ਅੱਜ ਲੋੜ ਹੈ ਕਿ ਗੁਰਬਾਣੀ ਦੇ ਫਲਸਫੇ ਅਨੁਸਾਰ ਗੁਰੂ ਸਾਹਿਬ ਦੀਆਂ ਮਹਾਨ ਕ੍ਰਾਂਤੀਕਾਰੀ ਸਿੱਖਿਆਵਾਂ ਦੇ ਧਾਰਨੀ ਬਣੀਏ ਅਤੇ ਸ਼ਬਦ ਗੁਰੂ ਦੀ ਰੌਸ਼ਨੀ ’ਚ ਆਪਣਾ ਜੀਵਨ ਸਫਲਾ ਕਰੀਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਭਾਈ ਅਜਮੇਰ ਸਿੰਘ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਪੀਏਸੀ ਮੈਂਬਰ ਸੁਖਵਿੰਦਰਪਾਲ ਸਿੰਘ ਮਿੰਟਾ, ਜਸਪ੍ਰੀਤ ਸਿੰਘ ਭਾਟੀਆ, ਮਨਪ੍ਰੀਤ ਸਿੰਘ ਮਨੀ ਭੰਗੂ, ਗੁਰਦੀਪ ਸਿੰਘ ਸ਼ੇਖੁਪੁਰਾ, ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ ਆਦਿ ਹਾਜ਼ਰ ਸਨ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਵੀ ਕੀਤਾ ਗਿਆ।
(ਡੱਬੀ)
ਪ੍ਰਕਾਸ਼ ਪੁਰਬ ਮੌਕੇ 62 ਪ੍ਰਾਣੀਆਂ ਨੇ ਲਈ ਖੰਡੇ ਬਾਟੇ ਦੀ ਪਾਹੁਲ
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਅੰਮਿ੍ਰਤ ਸੰਚਾਰ ਵੀ ਕਰਵਾਇਆ ਗਿਆ। ਪੰਜ ਪਿਆਰਿਆਂ ਪਾਸੋਂ 62 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਅੰਮਿ੍ਰਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ’ਚ ਮਹਿਲਾਵਾਂ, ਬਜ਼ੁਰਗ, ਨੌਜਵਾਨ ਅਤੇ ਬੱਚੇ ਵੀ ਸ਼ਾਮਲ ਸਨ। ਇਸ ਮੌਕੇ ਪੰਜ ਪਿਆਰੇ ਸਾਹਿਬਾਨ ਨੇ ਸੰਗਤਾਂ ਨੂੰ ਰਹਿਤ ਰੱਖਣ ਦੇ ਨਾਲ-ਨਾਲ ਬਾਣੀ ਅਤੇ ਬਾਣੇ ਦਾ ਧਾਰਨੀ ਬਣਨ ਲਈ ਪ੍ਰੇਰਿਆ।
ਫੋਟੋ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਹੈਡ ਗ੍ਰੰਥੀ ਗਿਆਨੀ ਪਿ੍ਰਤਪਾਲ ਸਿੰਘ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ।
ਫੋਟੋ : ਗੁਰਦੁਆਰਾ ਦੀਵਾਨ ਹਾਲ ਵਿਖੇ ਸਾਬਕਾ ਪ੍ਰਧਾਨ ਸਮੇਤ ਪੁੱਜੀਆਂ ਸਖਸ਼ੀਅਤਾਂ ਨੂੰ ਸਨਮਾਨਤ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ।