ਪਹਿਲੀ ਦਫ਼ਾ ਮਿਲਿਆ ਬਜ਼ੁਰਗਾਂ ਨੂੰ ਡਾਕ ਜ਼ਰੀਏ ਵੋਟ ਪਾਉਣ ਦਾ ਹੱਕ
ਐਤਕੀਂ 80 ਸਾਲ ਉਮਰ ਵਾਲੇ ਵੋਟਰ ਵੀ ਪਾ ਸਕਣਗੇ ਪੋਸਟਲ ਬੈਲਟ ਪੇਪਰ ਰਾਹੀਂ ਵੋਟ - ਡੀ ਐੱਸ ਮਾਂਗਟ
ਗੁਰਪ੍ਰੀਤ ਸਿੰਘ ਮੰਡਿਆਣੀ, ਬਾਬੂਸ਼ਾਹੀ ਨੈੱਟਵਰਕ
ਮੋਗਾ, 24 ਨਵੰਬਰ 2021-ਭਾਰਤੀ ਚੋਣ ਕਮਿਸ਼ਨ ਵੱਲੋਂ ਹਰੇਕ ਵੋਟਰ ਦੀ ਵੋਟ ਪੈਣੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ 80 ਸਾਲ ਜਾਂ ਇਸ ਤੋਂ ਉਪਰ ਉਮਰ ਵਾਲੇ ਵੋਟਰਾਂ ਨੂੰ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਫਿਰੋਜ਼ਪੁਰ ਡਿਵੀਜ਼ਨ ਦੇ ਕਮਿਸ਼ਨਰ - ਕਮ - ਰੋਲ ਆਬਜ਼ਰਵਰ ਸ੍ਰ ਦਲਜੀਤ ਸਿੰਘ ਮਾਂਗਟ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ, ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਹੋਰ ਚੋਣ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ।
ਉਹਨਾਂ ਕਿਹਾ ਕਿ ਇਹ ਸਹੂਲਤ ਦਾ ਲਾਭ ਲੈਣ ਲਈ ਯੋਗ ਵੋਟਰਾਂ ਨੂੰ ਚੋਣ ਜ਼ਾਬਤਾ ਲਾਗੂ ਹੋਣ ਦੇ ਇਕ ਹਫ਼ਤੇ ਦੇ ਅੰਦਰ ਅੰਦਰ ਨਿਰਧਾਰਤ ਫਾਰਮ ਭਰ ਕੇ ਆਪਣੇ ਖੇਤਰ ਦੇ ਬੀ ਐੱਲ ਓ ਨੂੰ ਦੇਣਾ ਹੋਵੇਗਾ। ਉਹਨਾਂ ਕਿਹਾ ਕਿ ਇਸ ਸਹੂਲਤ ਨਾਲ ਜਿੱਥੇ ਤਾਂ ਬਜ਼ੁਰਗ ਵੋਟਰਾਂ ਨੂੰ ਪੋਲਿੰਗ ਬੂਥ ਆਉਣ ਦੀ ਲੋੜ ਨਹੀਂ ਰਹੇਗੀ ਉਥੇ ਹੀ ਵੋਟ ਪ੍ਰਕਿਰਿਆ ਵਿੱਚ ਹੋਰ ਵਧੇਰੇ ਪਾਰਦਰਸ਼ਤਾ ਆਵੇਗੀ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਅਪੰਗ ਵੋਟਰਾਂ ਅਤੇ ਹੋਰ ਵੋਟਰਾਂ ਲਈ ਵੀ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ। ਉਹਨਾਂ ਸਮੂਹ ਚੋਣ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਵੋਟ ਬਿਨਾ ਪੜਤਾਲ ਤੋਂ ਕੱਟੀ ਨਾ ਜਾਵੇ। ਉਹਨਾਂ ਕਿਹਾ ਕਿ ਇਹ ਅਕਸਰ ਸ਼ਿਕਾਇਤ ਆਉਂਦੀ ਹੈ ਕਿ ਕੁਝ ਸ਼ਰਾਰਤੀ ਲੋਕਾਂ ਵੱਲੋਂ ਜਾਣ ਬੁੱਝ ਕੇ ਕੁਝ ਲੋਕਾਂ ਦੀਆਂ ਵੋਟਾਂ ਕਟਵਾ ਦਿੱਤੀਆਂ ਜਾਂਦੀਆਂ ਹਨ ਜੋ ਕਿ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ, 2022 ਦੇ ਆਧਾਰ ’ਤੇ ਵੋਟਰ ਸੂਚੀ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ ਹੈ। ਇਸ ਲਈ ਜਿਹਨਾਂ ਨਾਗਰਿਕਾਂ ਦੀ ਉਮਰ ਮਿਤੀ 01 ਜਨਵਰੀ, 2022 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਅਤੇ ਉਨਾਂ ਦੀ ਵੋਟ ਨਹੀਂ ਬਣੀ, ਨੂੰ ਆਪਣੀ ਵੋਟ ਬਣਾਉਣ ਜਾਂ ਦਰੁਸਤੀ ਕਰਾਉਣ ਲਈ ਭਾਰਤ ਚੋਣ ਕਮਿਸਨ ਵੱਲੋਂ 30 ਨਵੰਬਰ, 2021 ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸ ਸਮੇਂ ਦੌਰਾਨ ਕੰਮ-ਕਾਜੇ ਵਾਲੇ ਦਿਨ ਆਪਣੇ ਸਬੰਧਤ ਐੱਸ ਡੀ ਐੱਮ ਦਫਤਰ ਵਿੱਚ ਜਾ ਕੇ ਆਪਣੀ ਨਵੀ ਵੋਟ ਦਾ ਫਾਰਮ ਭਰ ਕੇ ਦਿੱਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸਨ ਦੀ ਵੈਬਸਾਈਟ ’ਤੇ ਜਾ ਕੇ ਆਨਲਾਈਨ ਫਾਰਮ ਵੀ ਭਰਿਆ ਜਾ ਸਕਦਾ ਹੈ। ਅਗਰ ਫਿਰ ਵੀ ਕਿਸੇ ਕਿਸਮ ਦੀ ਪ੍ਰੇਸ਼ਾਨੀ ਆਉਦੀ ਹੈ ਤਾਂ 1950 ਟੋਲ ਵੀ ਨੰਬਰ ’ਤੇ ਮੁਫਤ ਫੋਨ ਕਰਕੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਹਨਾਂ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਜੇਕਰ ਕਿਸੇ ਵੀ ਵੋਟਰ ਨੂੰ ਆਪਣੇ ਵੋਟਰ ਕਾਰਡ ਵਿੱਚ ਕੋਈ ਵੀ ਦਰੁਸਤੀ ਕਰਵਾਉਣੀ ਹੈ ਜਾਂ ਆਪਣੀ ਵੋਟ ਕਟਵਾਉਣੀ ਹੈ ਤਾਂ ਉਹ ਵੀ ਫਾਰਮ ਭਰ ਕੇ ਦੇ ਸਕਦੇ ਹਨ।
ਉਹਨਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਭਾਰਤੀ ਚੋਣ ਕਮਿਸ਼ਨ ਦੇ ਇਸ ਸੁਨਿਹਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਚੁੱਕਿਆ ਜਾਵੇ ਅਤੇ ਜਿਨਾਂ ਨਾਗਰਿਕਾਂ ਦੀਆਂ ਵੋਟਾਂ ਨਹੀਂ ਬਣੀਆਂ ਜਰੂਰ ਬਣਵਾਈਆਂ ਜਾਣ। ਉਨਾਂ ਕਿਹਾ ਕਿ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਸਰਸਰੀ ਸੁਧਾਈ ਦੇ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ। ਉਨਾਂ ਕਿਹਾ ਕਿ 18 ਸਾਲ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਨੂੰ ਵੋਟਰ ਬਣਨ ਲਈ ਉਤਸ਼ਾਹਿਤ ਕੀਤਾ ਜਾਵੇ। ਸ੍ਰ ਮਾਂਗਟ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਆਸ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਅਤਿਅੰਤ ਮਹੱਤਵਪੂਰਨ ਅਤੇ ਸਮਾਂ ਬੱਧ ਕੰਮ ਵਿੱਚ ਸਹਿਯੋਗ ਦੇਣਗੇ।
ਮੀਟਿੰਗ ਵਿੱਚ ਹਾਜ਼ਰ ਸ਼੍ਰੀ ਹਰੀਸ਼ ਨਈਅਰ ਡਿਪਟੀ ਕਮਿਸਨਰ-ਕਮ- ਵਧੀਕ ਜ਼ਿਲਾ ਚੋਣ ਅਫਸਰ ਮੋਗਾ ਨੇ ਫਿਰੋਜ਼ਪੁਰ ਡਿਵੀਜ਼ਨ ਦੇ ਕਮਿਸ਼ਨਰ - ਕਮ - ਰੋਲ ਆਬਜ਼ਰਵਰ ਸ੍ਰ ਦਲਜੀਤ ਸਿੰਘ ਮਾਂਗਟ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਮੋਗਾ ਵਿੱਚ ਹਰੇਕ ਯੋਗ ਵਿਅਕਤੀ ਨੂੰ ਵੋਟਰ ਬਨਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹਨਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਜ਼ਿਲ੍ਹਾ ਮੋਗਾ ਵਿੱਚ ਇੱਕ ਤਿਉਹਾਰ ਦੀ ਤਰ੍ਹਾਂ ਮਨਾਇਆ ਜਾਵੇਗਾ ਜਿਸ ਵਿਚ ਹਰੇਕ ਜ਼ਿਲ੍ਹਾ ਵਾਸੀ ਉਤਸ਼ਾਹ ਨਾਲ ਭਾਗ ਲਵੇਗਾ। ਮੀਟਿੰਗ ਵਿੱਚ ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ, ਧਰਮਕੋਟ ਦੇ ਵਿਧਾਇਕ ਸ੍ਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਵਧੀਕ ਡਿਪਟੀ ਕਮਿਸ਼ਨਰ (ਜ) ਹਰਚਰਨ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਕੁਲਦੀਪ ਸਿੰਘ ਜੋਗੇਵਾਲਾ, ਭਾਜਪਾ ਵੱਲੋਂ ਬੋਹੜ ਸਿੰਘ ਗਿੱਲ, ਸੀ ਪੀ ਆਈ ਐਮ ਵੱਲੋਂ ਕਰਨੈਲ ਸਿੰਘ ਭੰਮਰਾ, ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਹਰਵਿੰਦਰ ਸਿੰਘ ਬਿੱਟੂ, ਆਪ ਵੱਲੋਂ ਹਰਮਨਜੀਤ ਸਿੰਘ, ਤ੍ਰਿਣਮੂਲ ਕਾਂਗਰਸ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਕੰਬੋਜ, ਐਨ ਸੀ ਪੀ ਵੱਲੋਂ ਵਨੀਤ ਸ਼ਰਮਾ ਅਤੇ ਸੁਖਜੀਤ ਸਿੰਘ, ਜ਼ਿਲ੍ਹਾ ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।