ਓ. ਪੀ. ਸੋਨੀ ਵੱਲੋਂ ਸਿਵਲ ਹਸਪਤਾਲ ਸੰਗਰੂਰ ਦੀ ਅਚਨਚੇਤ ਦੌਰਾ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 25 ਨਵੰਬਰ, 2021: ਪੰਜਾਬ ਦੇ ਉਪ ਮੁੱਖ ਮੰਤਰੀ ਓ. ਪੀ. ਸੋਨੀ ਵੱਲੋਂ ਅੱਜ ਸਿਵਲ ਹਸਪਤਾਲ ਸੰਗਰੂਰ ਦੀ ਅਚਨਚੇਤ ਦੌਰਾ ਕੀਤਾ ਗਿਆ ਅਤੇ ਐਮਰਜੈਂਸੀ ਵਾਰਡ ’ਚ ਦਾਖਲ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਪਾਸੋਂ ਸਿਵਲ ਹਸਪਤਾਲ ਸੰਗਰੂਰ ’ਚ ਮਿਲ ਰਹੀਆਂ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ।
ਇਸ ਮੌਕੇ ਉੱਪ ਮੁੱਖ ਮੰਤਰੀ ਓਮ ਪੀ ਸੋਨੀ ਨੂੰ ਮਰੀਜ਼ਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਿਵਲ ਹਸਪਤਾਲ ’ਚ ਜਿੱਥੇ ਦਵਾਈਆਂ ਅਤੇ ਡਾਕਟਰਾਂ ਵੱਲੋਂ ਪੂਰਾ ਸਹਿਯੋਗ ਮਿਲ ਰਿਹਾ ਹੈ, ਉਥੇ ਹੀ ਸਰਕਾਰ ਦੀਆਂ ਸਾਰੀਆਂ ਸਿਹਤ ਸੇਵਾਵਾਂ ਦਾ ਪੂਰਾ ਲਾਭ ਪ੍ਰਾਪਤ ਹੋ ਰਿਹਾ ਹੈ। ਓ. ਪੀ. ਸੋਨੀ ਵੱਲੋਂ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਿਸਾਂ ਨਾਲ ਗੱਲਬਾਤ ਕਰਨ ’ਤੇ ਤਸੱਲੀ ਹੋਈ। ਉਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਅੰਦਰ ਮਰੀਜ਼ਾਂ ਦੀ ਸਾਂਭ-ਸੰਭਾਲ ਅਤੇ ਸਿਹਤ ਸਹੂਲਤਾਂ ਨੂੰ ਪਾਰਦਰਸ਼ਿਤਾ ਨਾਲ ਲੋਕਾਂ ਤੱਕ ਪੁੱਜਦਾ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਅੱਜ ਓ. ਪੀ. ਸੋਨੀ ਉਪ ਮੁੱਖ ਮੰਤਰੀ ਪੰਜਾਬ ਵੱਲੋਂ ਸਿਵਲ ਹਸਪਤਾਲ ਸੰਗਰੂਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਸੀ ਪਰ ਚਰਚਾ ਇਹ ਰਹੀ ਕਿ ਓ. ਪੀ. ਸੋਨੀ ਗਾਇਨੀ ਵਾਰਡ ਦੀ ਬਿਲਡਿੰਗ ਦਾ ਉਦਘਾਟਨ ਕਰਨ ਆਏ ਸਨ। ਜਦੋਂ ਉਪ ਮੁੱਖ ਮੰਤਰੀ ਐਮਰਜੈਂਸੀ ਵਾਰਡ ਦਾ ਦੌਰਾ ਕਰ ਕੇ ਜਾਣ ਵਾਸਤੇ ਰਵਾਨਾ ਹੋਏ ਤਾਂ ਉਨ੍ਹਾਂ ਦਾ ਐੱਨ. ਐੱਚ. ਐੱਮ. ਅਤੇ ਆਸ਼ਾ ਵਰਕਰਾਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ ਤੇ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਜਥੇਬੰਦੀਆਂ ਦੇ ਆਗੂਆਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ। ਉਪ ਮੁੱਖ ਮੰਤਰੀ ਵੱਲੋਂ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਵੀ ਕੀਤੀ ਗਈ। ਜਦੋਂ ਇਸ ਸਬੰਧੀ ਸਿਵਲ ਹਸਪਤਾਲ ਸੰਗਰੂਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਬਲਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮਾਣਯੋਗ ਉਪ ਮੁੱਖ ਮੰਤਰੀ ਓ. ਪੀ. ਸੋਨੀ ਵੱਲੋਂ ਅਚਨਚੇਤ ਸਿਵਲ ਹਸਪਤਾਲ ਸੰਗਰੂਰ ਦੀ ਚੈਕਿੰਗ ਕੀਤੀ ਗਈ ਸੀ, ਜਿੱਥੇ ਸਾਰੀਆਂ ਸਿਹਤ ਸੇਵਾਵਾਂ ਤਸੱਲੀਬਖ਼ਸ਼ ਪਾਈਆਂ ਗਈਆਂ ਸਨ। ਉੱਥੇ ਹੀ ਦਾਖ਼ਲ ਮਰੀਜ਼ਾਂ ਅਤੇ ਉਨ੍ਹਾਂ ਦੇ ਵਾਰਿਸਾਂ ਵੱਲੋਂ ਵੀ ਸਿਵਲ ਹਸਪਤਾਲ ਸੰਗਰੂਰ ਦੇ ਡਾਕਟਰਾਂ ਅਤੇ ਕੰਮਕਾਰ ’ਤੇ ਤਸੱਲੀ ਪ੍ਰਗਟ ਕੀਤੀ ਗਈ। ਉਨ੍ਹਾਂ ਇਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਅੱਜ ਸੰਗਰੂਰ ਸਿਵਲ ਹਸਪਤਾਲ ਵਿਖੇ ਕਿਸੇ ਵੀ ਇਮਾਰਤ ਦਾ ਉਦਘਾਟਨ ਕਰਨ ਸਬੰਧੀ ਉਪ ਮੁੱਖ ਮੰਤਰੀ ਓ. ਪੀ. ਸੋਨੀ ਦਾ ਕੋਈ ਵੀ ਸਰਕਾਰੀ ਪ੍ਰੋਗਰਾਮ ਨਹੀਂ ਉਲੀਕਿਆ ਗਿਆ ਸੀ ਸਗੋਂ ਉਨ੍ਹਾਂ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ ਹੈ।
ਉਨ੍ਹਾਂ ਬਿਲਡਿੰਗ ਦੇ ਉਦਘਾਟਨ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਖੰਡਨ ਕਰਦਿਆਂ ਕਿਹਾ ਕਿ ਜੇਕਰ ਉਪ ਮੁੱਖ ਮੰਤਰੀ ਓ. ਪੀ. ਸੋਨੀ ਦਾ ਕੋਈ ਵੀ ਉਦਘਾਟਨ ਕਰਨ ਸੰਬੰਧੀ ਸਮਾਗਮ ਹੁੰਦਾ ਤਾਂ ਉਸ ਦੇ ਸਾਰੇ ਪ੍ਰਬੰਧ ਪਹਿਲਾਂ ਕੀਤੇ ਜਾਣੇ ਸਨ। ਇਸ ਕਰਕੇ ਇਹ ਦੌਰਾ ਸਿਰਫ ਉਪ ਮੁੱਖ ਮੰਤਰੀ ਵੱਲੋਂ ਸਿਹਤ ਸਹੂਲਤਾਂ ਨੂੰ ਲੋਕਾਂ ਤੱਕ ਪੁੱਜਦਾ ਕਰਨ ਦੇ ਉਦੇਸ਼ ਨਾਲ ਹੀ ਕੀਤਾ ਗਿਆ ਸੀ। ਇਸ ਮੌਕੇ ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਵੱਲੋਂ ਉਪ ਮੁੱਖ ਮੰਤਰੀ ਸੰਗਰੂਰ ਦਾ ਸਿਵਲ ਹਸਪਤਾਲ ਪੁੱਜਣ ’ਤੇ ਭਰਵਾਂ ਸਵਾਗਤ ਵੀ ਕੀਤਾ ਗਿਆ।