ਸ਼ਨੀਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਦੇ ਰੂਬਰੂ ਹੋਣਗੇ ਮੁੱਖ ਮੰਤਰੀ ਚੰਨੀ - ਕੇਵਲ ਢਿੱਲੋਂ
ਕਮਲਜੀਤ ਸਿੰਘ ਸੰਧੂ
ਬਰਨਾਲਾ, 26 ਨਵੰਬਰ 2021 - ਪੰਜਾਬ ਦੇ ਮੁੱਖ ਮੰਤਰੀ ਸ.ਚਰਨਜੀਤ ਸਿੰਘ ਚੰਨੀ ਸ਼ਨੀਵਾਰ ਨੂੰ ਬਰਨਾਲਾ ਜ਼ਿਲ੍ਹੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਮਹਿਲ ਕਲਾਂ, ਬਰਨਾਲਾ ਅਤੇ ਤਪਾ (ਭਦੌੜ) ਵਿਖੇ ਲੋਕਾਂ ਦੇ ਰੂਬਰੂ ਹੋਣਗੇ। ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗੱਲਬਾਤ ਦੌਰਾਨ ਸਾਂਝੀ ਕੀਤੀ। ਉਹਨਾਂ ਕਿਹਾ ਕਿ ਬਤੌਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹਿਲੀ ਵਾਰ ਬਰਨਾਲਾ ਜ਼ਿਲ੍ਹੇ ਵਿੱਚ ਪਹੁੰਚ ਰਹੇ ਹਨ। ਮੁੱਖ ਮੰਤਰੀ ਚੰਨੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲਏ ਗਏ ਲੋਕ ਭਲਾਈ ਦੇ ਫੈਸਲਿਆਂ ਤੋਂ ਪੰਜਾਬ ਦੇ ਲੋਕ ਬਹੁਤ ਖੁਸ਼ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਤੋਂ ਬਹੁਤ ਉਮੀਦਾਂ ਹਨ।
ਜਿਸ ਕਰਕੇ ਬਰਨਾਲਾ ਆ ਰਹੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਵਾਗਤ ਲਈ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਉਹਨਾਂ ਦੱਸਿਆ ਕਿ ਇਸ ਦੌਰਾਨ ਮੁੱਖ ਮੰਤਰੀ ਚੰਨੀ ਮਜ਼ਦੂਰ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਦੇ ਸਰਟੀਫਿਕੇਟ ਅਤੇ ਕਿਸਾਨ ਅੰਦੋਲਨ ਦੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈਕ ਸੌਂਪਣਗੇ। ਇਸਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਖੇਡਾਂ ਲਈ ਗ੍ਰਾਂਟਾਂ ਵੀ ਦਿੱਤੀਆਂ ਜਾਣਗੀਆਂ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਸਮਾਗਮ ਦੀਆਂ ਤਿਆਰੀਆਂ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਮੁਕੰਮਲ ਕਰ ਲਈਆਂ ਗਈਆਂ ਹਨ।