ਪਰਿਵਾਰ ਨਿਯੋਜਨ `ਚ ਮਰਦ ਵੀ ਨਿਭਾਉਣ ਆਪਣੀ ਜ਼ਿੰਮੇਵਾਰੀ: ਡਾ ਪਰਮਿੰਦਰ ਕੌਰ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 26 ਨਵੰਬਰ, 2021: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧਦੀ ਆਬਾਦੀ ਤੇ ਕਾਬੂ ਪਾਉਣ ਦੇ ਮਕਸਦ ਨਾਲ ਸਿਹਤ ਵਿਭਾਗ ਸੰਗਰੂਰ ਵੱਲੋਂ "ਪੁਰਸ਼ਾਂ ਨੇ ਪਰਿਵਾਰ ਨਿਯੋਜਨ ਅਪਣਾਇਆ, ਸੁਖੀ ਪਰਿਵਾਰ ਦਾ ਆਧਾਰ ਬਣਾਇਆ” ਥੀਮ ਤਹਿਤ ਪਰਿਵਾਰ ਨਿਯੋਜਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ।
ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਪਰਿਵਾਰ ਨਿਯੋਜਨ ਵਿੱਚ ਮਰਦਾਂ ਦੀ ਹਿੱਸੇਦਾਰੀ ਨੂੰ ਵਧਾਉਣ ਲਈ 4 ਦਸੰਬਰ ਤਕ ਨਸਬੰਦੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਇਸ ਪੰਦਰਵਾੜੇ ਨੂੰ ਦੋ ਭਾਗਾਂ ਵਿੱਚ ਵੰਡਿਆ ਗਿਆ ਹੈ,ਪਹਿਲੇ ਭਾਗ ਵਿਚ 21 ਨਵੰਬਰ ਤੋਂ 27 ਨਵੰਬਰ ਤੱਕ ਜਨ ਜਾਗਰੂਕਤਾ ਕੀਤੀ ਜਾ ਰਹੀ ਹੈ ਅਤੇ ਦੂਜੇ ਭਾਗ ਵਿੱਚ 28 ਨਵੰਬਰ ਤੋਂ 4 ਦਸੰਬਰ ਤੱਕ ਨਸਬੰਦੀ ਆਪ੍ਰੇਸ਼ਨ ਕੀਤੇ ਜਾਣਗੇ।
ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਇੰਦਰਜੀਤ ਸਿੰਗਲਾ ਨੇ ਦੱਸਿਆ ਕਿ ਪਰਿਵਾਰ ਨਿਯੋਜਨ ਰਾਹੀਂ ਪਰਿਵਾਰ ਦੀ ਖੁਸ਼ਹਾਲੀ ਵਿੱਚ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੋ ਬੱਚਿਆਂ ਦੇ ਜਨਮ ਦਰਮਿਆਨ ਘੱਟੋ ਘੱਟ ਤਿੰਨ ਸਾਲ ਦਾ ਅੰਤਰ ਹੋਣਾ ਚਾਹੀਦਾ ਹੈ। ਬੱਚਿਆਂ ਦੇ ਜਨਮ ਦਰਮਿਆਨ ਤਿੰਨ ਸਾਲ ਤੋਂ ਘੱਟ ਦਾ ਅੰਤਰ ਹੋਣ ਨਾਲ ਔਰਤ ਦੀ ਸਿਹਤ `ਤੇ ਮਾੜਾ ਪ੍ਰਭਾਵ ਪੈਂਦਾ ਹੈ ਤੇ ਇਸ ਦੇ ਨਾਲ ਹੀ ਬੱਚਿਆਂ ਦਾ ਪਾਲਣ ਪੋਸ਼ਣ ਵੀ ਸਹੀ ਢੰਗ ਨਾਲ ਨਹੀਂ ਹੁੰਦਾ।
ਉਨ੍ਹਾਂ ਅੱਗੇ ਕਿਹਾ ਕਿ ਦੋ ਬੱਚਿਆਂ ਤੋਂ ਬਾਅਦ ਪਰਿਵਾਰ ਨਿਯੋਜਨ ਦਾ ਸਥਾਈ ਸਾਧਨ ਅਪਣਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਮੁਲਾਜਮਾਂ ਤੋਂ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨਾ ਬਾਰੇ ਜਾਣਕਾਰੀ ਲੈਣ ਅਤੇ ਇਸ ਦਾ ਲਾਭ ਪ੍ਰਾਪਤ ਕਰਨ।