ਡੀਟੀਐੱਫ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਲਾਠੀਚਾਰਜ਼ ਕਰਨ ਅਤੇ ਪਰਚੇ ਦਰਜ ਦੀ ਸਖ਼ਤ ਨਿਖੇਧੀ
ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 26 ਨਵੰਬਰ, 2021: ਪਿਛਲੇ ਸਾਢੇ ਚਾਰ ਸਾਲਾਂ ਤੋਂ ਰੁਜ਼ਗਾਰ ਲਈ ਭਟਕ ਰਹੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੀ ਬਜਾਏ ਲਾਠੀਆਂ ਅਤੇ ਪਰਚੇ ਦਰਜ ਕੀਤੇ ਮਾਮਲਿਆਂ ਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਸਖ਼ਤ ਨਿਖੇਧੀ ਕੀਤੀ ਹੈ।
ਇੱਥੇ ਲਿਖਤੀ ਪ੍ਰੈਸ ਬਿਆਨ ਰਾਹੀਂ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਆਪਣੀਆਂ ਮੰਗਾਂ ਮੁੱਖ ਮੰਤਰੀ ਨੂੰ ਦੱਸਣ ਆ ਰਹੇ ਬੇਰੁਜ਼ਗਾਰ ਅਧਿਆਪਕਾਂ ਅਤੇ ਹੋਰ ਜਥੇਬੰਦੀਆਂ ਦੇ ਆਗੂਆਂ ਉੱਤੇ ਪਰਚੇ ਦਰਜ਼ ਕਰਨਾ ਸ਼ਰੇਆਮ ਹੱਕ ਮੰਗਦੇ ਲੋਕਾਂ ਦੀ ਆਵਾਜ਼ ਬੰਦ ਕਰਨ ਦਾ ਦਮਨਕਾਰੀ ਹਮਲਾ ਹੈ।
ਡੀਟੀਐੱਫ ਦੇ ਮੀਤ ਪ੍ਰਧਾਨਾਂ ਗੁਰਮੀਤ ਸੁੁਖਪੁਰ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਗਪਾਲ ਸਿੰਘ ਬੰਗੀ ਤੇ ਜਸਵਿੰਦਰ ਸਿੰਘ ਔਜਲਾ, ਸੰਯੁਕਤ ਸਕੱਤਰ ਹਰਜਿੰਦਰ ਵਡਾਲਾ ਬਾਂਗਰ, ਦਲਜੀਤ ਸਿੰਘ ਸਫੀਪੁੁਰ, ਕੁਲਵਿੰਦਰ ਸਿੰਘ ਜੋਸ਼ਨ, ਪ੍ਰੈੱਸ ਸਕੱਤਰ ਪਵਨ ਕੁਮਾਰ, ਜੱਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ ਅਤੇ ਰੁਪਿੰਦਰ ਪਾਲ ਗਿੱਲ, ਸਹਾਇਕ ਵਿੱਤ ਸਕੱਤਰ ਤਜਿੰਦਰ ਸਿੰਘ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਅਤੇ ਡੇਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਨੇ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਮੁੱਖ ਮੰਤਰੀ ਪੰਜਾਬ ਖੁਦ ਬੇਰੁਜ਼ਗਾਰਾਂ ਦੇ ਮਸਲੇ ਹੱਲ ਕਰੇ, ਕਿਓਕਿ ਬੇਰੁਜ਼ਗਾਰ ਉਹਨਾਂ ਵਾਅਦਿਆਂ ਦੀ ਪੂਰਤੀ ਦੀ ਮੰਗ ਕਰ ਰਹੇ ਹਨ ਜਿਹੜੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਚੋਣਾਂ ਵੇਲੇ ਬੇਰੁਜ਼ਗਾਰਾਂ ਨਾਲ ਕੀਤੇ ਸਨ, ਪਰ ਵਾਪਰ ਉਲਟਾ ਰਿਹਾ ਹੈ ਕਿ ਮੁੱਖ ਮੰਤਰੀ ਅੱਗੇ ਗੁਹਾਰ ਲੈ ਕੇ ਜਾਂਦੇ ਕੌਮ ਨਿਰਮਾਤਿਆਂ ਨੂੰ ਤਸ਼ੱਦਦ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਬੇਰੁਜ਼ਗਾਰਾਂ ਦੀ ਪਿੱਠ ਉੱਤੇ ਚੱਟਾਨ ਬਣਕੇ ਖੜਨਗੇ।