ਪੰਜਾਬ ਦੇ ਗਵਰਨਰ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਿਕ ਪੰਗਤ ਵਿੱਚ ਬੈਠ ਕੇ ਛਕਿਆ ਲੰਗਰ
ਜੀ ਐਸ ਪੰਨੂ
ਫ਼ਤਹਿਗੜ੍ਹ ਸਾਹਿਬ, 27 ਨਵੰਬਰ 2021 - ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਅੱਜ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਿਕ ਹੋਏ। ਜਿਥੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਭੇਂਟ ਕੀਤਾ ਗਿਆ। ਇਸ ਮੌਕੇ ਕਮੇਟੀ ਮੈਂਬਰਾਂ ਨੇ ਗਵਰਨਰ ਨੂੰ ਗੁਰਦੁਆਰਾ ਸਾਹਿਬ ਦੀ ਇਤਿਹਾਸਕ ਮਹੱਤਤਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਗਵਰਨਰ ਨੂੰ 25, 26 ਅਤੇ 27 ਦਸੰਬਰ ਨੂੰ ਦਸਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਫ਼ਤਹਿ ਸਿੰਘ, ਬਾਬਾ ਜ਼ੋਰਾਵਰ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਸਲਾਨਾਂ ਸ਼ਹੀਦੀ ਸਭਾ ਵਿੱਚ ਆਉਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਵੀ ਮੌਜੂਦ ਸਨ। ਗਵਰਨਰ ਨੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੰਗਤ ਵਿੱਚ ਬੈਠ ਕੇ ਲੰਗਰ ਛੱਕਿਆ ।
ਇਸ ਤੋਂ ਪਹਿਲਾਂ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਪੁਰੋਹਿਤ ਨੇ ਡਿਪਟੀ ਕਮਿਸ਼ਨਰ ਤੋਂ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਬਾਰੇ ਜਾਣਕਾਰੀ ਲਈ ਅਤੇ ਕੇਂਦਰ ਤੇ ਰਾਜ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਵਿੱਚ ਜਿ਼ਲ੍ਹੇ ਦੀ ਪ੍ਰਾਪਤੀ ਬਾਰੇ ਪੁੱਛਿਆ। ਗਵਰਨਰ ਪੁਰੋਹਿਤ ਨੇ ਭਲਾਈ ਸਕੀਮਾਂ ਵਿੱਚ ਫ਼ਤਹਿਗੜ੍ਹ ਸਾਹਿਬ ਜਿ਼ਲ੍ਹੇ ਦੀ ਪ੍ਰਾਪਤੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਜ ਦੇ ਗਰੀਬ ਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਚਲਾਈਆਂ ਸਕੀਮਾਂ ਨੂੰ ਹਰੇਕ ਯੋਗ ਵਿਅਕਤੀ ਤੱਕ ਪਹੁੰਚਾਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਾ ਕੀਤੀ ਜਾਵੇ ਅਤੇ ਪ੍ਰਧਾਨ ਮੰਤਰੀ ਰੋਜ਼ਗਾਰ ਯੋਜਨਾ ਵਿੱਚ ਬੇਰੋਜ਼ਗਾਰਾਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਦਿੱਤੇ ਜਾਂਦੇ ਕਰਜਿ਼ਆਂ ਵਿੱਚ ਢਿੱਲ ਮੱਠ ਵਿਖਾਉਣ ਵਾਲੇ ਬੈਂਕਾਂ ਦੀ ਸੂਚਨਾਂ ਉਨ੍ਹਾਂ ਨੂੰ ਭੇਜਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਇੱਕ ਮਹੱਤਵਪੂਰਨ ਯੋਜਨਾ ਹੈ ਅਤੇ ਜੇਕਰ ਬੈਂਕ ਇਸ ਸਕੀਮ ਅਧੀਨ ਕਰਜ਼ੇ ਦੇਣ ਵਿੱਚ ਅਣਗਹਿਲੀ ਵਿਖਾਉਂਦੇ ਹਨ ਤਾਂ ਉਨ੍ਹਾਂ ਨੂੰ ਲਿਖਤੀ ਸੂਚਨਾ ਭੇਜੀ ਜਾਵੇ ਅਤੇ ਉਹ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣਗੇ।
ਬਨਵਾਰੀ ਲਾਲ ਪੁਰੋਹਿਤ ਨੇ ਅਧਿਕਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪ੍ਰਮਾਤਮਾਂ ਨੇ ਤੁਹਾਨੂੰ ਅਧਿਕਾਰ ਦਿੱਤੇ ਹਨ ਅਤੇ ਉਨ੍ਹਾਂ ਅਧਿਕਾਰਾਂ ਦੀ ਵਰਤੋਂ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਰਨੀ ਚਾਹੀਦੀ ਹੈ ਕਿਉਂਕਿ ਸਮਾਜ ਦੇ ਲੋੜਵੰਦ ਲੋਕਾਂ ਦੀ ਭਲਾਈ ਸਭ ਤੋਂ ਉਤਮ ਕਾਰਜ ਹੈ। ਉਨ੍ਹਾਂ ਵੱਖ-ਵੱਖ ਪੈਨਸ਼ਨ ਸਕੀਮਾਂ ਬਾਰੇ ਵੀ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਬੰਧੀ ਨਿੱਜੀ ਪੱਧਰ ’ਤੇ ਨਿਗਰਾਨੀ ਕੀਤੀ ਜਾਵੇ ਕਿਉਂਕਿ ਲੋੜਵੰਦ ਤੇ ਗਰੀਬ ਲੋਕਾਂ ਦੀ ਭਲਾਈ ਕਰਨਾ ਹੀ ਸਹੀ ਅਰਥਾਂ ਵਿੱਚ ਲੋਕ ਸੇਵਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ.ਪੀ. (ਐਚ) ਆਲਮ ਵਿਜੈ ਸਿੰਘ, ਐਸ.ਪੀ. ਨਵਰੀਤ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਕਮਲਜੀਤ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਹਿਮਾਂਸ਼ੂ ਗੁਪਤਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।