ਡੀਸੀ ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਮੈਪਿੰਗ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼
ਬਾਬੂਸ਼ਾਹੀ ਨੈੱਟਵਰਕ
ਨਵਾਂਸ਼ਹਿਰ, 29 ਨਵੰਬਰ 2021- ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੁਤੰਤਰ ਅਤੇ ਨਿਰਪੱਖ ਮਤਦਾਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਮੈਪਿੰਗ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਨਾਲ ਵੀਡਿਓ ਕਾਨਫਰੰਸਿੰਗ ਬਾਅਦ ਅਧਿਕਾਰੀਆਂ ਨਾਲ ਕਰਦੇ ਹੋਏ ਸ਼੍ਰੀ ਸਾਰੰਗਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਵੇਦਨਸ਼ੀਲ ਚੋਣ ਬੂਥਾਂ ਦੀ ਮੈਪਿੰਗ ਕਰਨ ਨੂੰ ਸਭ ਤੋਂ ਵੱਧ ਤਰਜੀਹ ਦੇਣ ਅਤੇ ਉਨ੍ਹਾਂ ਨੂੰ ਫੀਲਡ ਵਿਜ਼ਿਟ ਅਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਪਛਾਣ ਕਰਕੇ ਰਿਪੋਰਟ ਭੇਜਣ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਨੇ ਪੁਲਿਸ ਵਿਭਾਗ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀਜ਼) ਅਤੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਨਾਲ ਮੀਟਿੰਗਾਂ ਕਰਕੇ ਮਾੜੇ ਅਨਸਰਾਂ ਦੀਆਂ ਸੂਚੀਆਂ ਤਿਆਰ ਕਰਨ ਲਈ ਕਿਹਾ।
ਉਨ੍ਹਾਂ ਇਹ ਵੀ ਕਿਹਾ ਕਿ ਪੈਰੋਲ ਜੰਪਰ (ਜੇਲ੍ਹ ਤੋਂ ਛੁੱਟੀ ਆਉਣ ਬਾਅਦ ਵਾਪਸ ਹਾਜ਼ਰ ਨਾ ਹੋਣ ਵਾਲੇ ਕੈਦੀ), ਹਿਸਟਰੀ ਸ਼ੀਟਰ, ਬੇਲ ਜੰਪਰ (ਜ਼ਮਾਨਤ ਬਾਅਦ ਮੁੜ ਨਾ ਪੇਸ਼ ਹੋਣ ਵਾਲੇ), ਕਾਨੂੰਨ ਤੇ ਵਿਵਸਥਾ ਲਈ ਮੁਸ਼ਕਿਲ ਬਣਨ ਵਾਲਿਆਂ ਅਤੇ ਹੋਰਾਂ ਬਾਰੇ ਵੀ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੀਆਂ ਗਤੀਵਿਧੀਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਸਕੇ। ਇਸ ਤੋਂ ਇਲਾਵਾ, ਚੋਣਾਂ ਤੋਂ ਪਹਿਲਾਂ ਜਮ੍ਹਾ ਕਰਵਾਏ ਜਾਣ ਵਾਲੇ ਹਥਿਆਰਾਂ ਅਤੇ ਹੋਰਾਂ ਬਾਰੇ ਵੇਰਵੇ ਵੀ ਤਿਆਰ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ 2017 ਅਤੇ ਲੋਕ ਸਭਾ ਚੋਣਾਂ 2019 ਦੌਰਾਨ ਦਰਜ ਐਫ.ਆਈ.ਆਰਜ਼ ਦੀ ਬਕਾਇਆ ਸਥਿਤੀ ਬਾਰੇ ਵੀ ਜਾਣਕਾਰੀ ਤਿਆਰ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਇਹ ਵੀ ਕਿਹਾ ਕਿ ਉਹ ਅਸਲਾ ਧਾਰਕਾਂ ਦੀਆਂ ਸੂਚੀਆਂ ਪਹਿਲਾਂ ਤੋਂ ਹੀ ਅੱਪਡੇਟ ਕਰਨ ਤਾਂ ਜੋ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਜਾ ਸਕਣ।
ਸ਼੍ਰੀ ਸਾਰੰਗਲ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਉਹ ਵੱਖ-ਵੱਖ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਚੋਣਾਂ ਦੌਰਾਨ ਆਪੋ-ਆਪਣੇ ਖੇਤਰਾਂ ਦੀ ਚੈਕਿੰਗ ਕਰਨ।
ਉਨ੍ਹਾਂ ਦੱਸਿਆ ਕਿ ਚੋਣ ਡਿਊਟੀ ਲਈ ਸਿਰਫ਼ ਟੀਕਾਕਰਣ ਕਰਵਾਉਣ ਵਾਲਾ ਸਟਾਫ਼ ਹੀ ਤਾਇਨਾਤ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਅਮਰਦੀਪ ਸਿੰਘ ਬੈਂਸ ਆਦਿ ਹਾਜ਼ਰ ਸਨ।