ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ, ਖਰੜ-ਚੰਡੀਗੜ੍ਹ ਹਾਈਵੇਅ ਕੀਤਾ ਜਾਮ
ਦਲਜੀਤ ਕੌਰ ਭਵਾਨੀਗੜ੍ਹ
ਖਰੜ, 30 ਨੰਵਬਰ, 2021: ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਦਿੱਤੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਦੇਸੂਮਾਜਰਾ ਵਿਖੇ ਟੈਂਕੀ ਨੇੜੇ ਲੱਗੇ ਪੱਕੇ ਧਰਨੇ ਵਿੱਚ ਸੈਂਕਡ਼ਿਆਂ ਦੀ ਗਿਣਤੀ ਵਿੱਚ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਇਕੱਠੇ ਹੋ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤੇ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕਰਨ ਦੇ ਰੋਸ ਵਜੋਂ ਬੇਰੁਜ਼ਗਾਰ ਅਧਿਆਪਕਾਂ ਨੇ ਚੰਡੀਗੜ੍ਹ-ਖਰੜ ਹਾਈਵੇਅ ਜਾਮ ਕਰ ਦਿੱਤਾ।
ਇਸ ਮੌਕੇ ਮੌਜੂਦ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜ਼ੀਰਾ,ਕੁਲਦੀਪ ਖੋਖਰ, ਅਮਿਤ ਜਲਾਲਾਬਾਦ, ਰਾਜਸੁਖਵਿੰਦਰ ਗੁਰਦਾਸਪੁਰ, ਮਨੀ ਸੰਗਰੂਰ, ਬੱਗਾ ਖੁਡਾਲ, ਬਲਵਿੰਦਰ ਕਾਕਾ ਤੇ ਸੁਰਿੰਦਰਪਾਲ ਗੁਰਦਾਸਪੁਰ ਅਤੇ ਗੁਰਪ੍ਰੀਤ ਫਾਜ਼ਿਲਕਾ ਨੇ ਕਿਹਾ ਕਿ ਪਹਿਲਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਈਟੀਟੀ ਦੀਆਂ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ ਡਾਂਗਾਂ ਖਾਣੀਆਂ ਪਈਆਂ, ਨਹਿਰਾਂ ਚ ਛਾਲਾਂ ਮਾਰੀਆਂ, ਮਰਨ ਵਰਤ ਰੱਖਿਆ ਮਜ਼ਬੂਰਨ ਟੈਂਕੀ ਅਤੇ ਟਾਵਰਾਂ ਦੇ ਉੱਪਰ ਚੜ੍ਹਨ ਤੱਕ ਦੀ ਨੌਬਤ ਆਈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਕਰਨ ਤੋਂ ਬਾਅਦ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਪ੍ਰਾਇਮਰੀ ਅਧਿਆਪਕਾਂ ਦੀਆਂ 2364, 6635 ਤੇ 22 ਈਟੀਟੀ ਕਾਡਰ ਦੀਆਂ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਕੀਤੇ ਗਏ।
ਬੇਰੁਜ਼ਗਾਰ ਅਧਿਆਪਕ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਬੇਰੁਜ਼ਗਾਰ ਅਧਿਆਪਕਾਂ ਦੀਆਂ ਇਹਨਾਂ ਅਸਾਮੀਆਂ ਲਈ ਭਰਤੀ ਕਰ ਦੇਣੀ ਚਾਹੀਦੀ ਸੀ ਪਰ ਸਰਕਾਰ ਦੀਆਂ ਨਲਾਇਕੀਆਂ ਕਾਰਨ ਇਹ ਭਰਤੀਆਂ ਹੁਣ ਕੋਰਟ ਕੇਸਾਂ ਕਾਰਨ ਰੁਕੀਆਂ ਹੋਈਆਂ ਹਨ ਤੇ ਦੂਜੇ ਪਾਸੇ ਚੋਣ ਜ਼ਾਬਤਾ ਵੀ ਲੱਗਣ ਵਾਲਾ ਹੈ, ਜਿਸ ਕਰਕੇ ਦੋਵੇਂ ਭਰਤੀਆਂ ਰੁਲਣ ਦੇ ਕਿਨਾਰੇ ਹੋਈਆਂ ਪਈਆਂ ਹਨ। ਜਿਸ ਕਾਰਨ ਹਜ਼ਾਰਾਂ ਬੇਰੁਜ਼ਗਾਰ ਅਧਿਆਪਕਾਂ ਦਾ ਭਵਿੱਖ ਰੁਲਣ ਦੇ ਕਿਨਾਰੇ ਹੋਇਆ ਪਿਆ ਹੈ।
ਉਨ੍ਹਾਂ ਕਿਹਾ ਕਿ 6635 ਅਤੇ 2364 ਦੀਆਂ ਭਰਤੀਆਂ ਪ੍ਰਕਿਰਿਆਵਾਂ ਨੂੰ ਜਾਣ-ਬੁੱਝ ਕੇ ਲਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ ਜਿਹੜੀ ਸਟੇਅ ਲੱਗੀ ਹੋਈ ਹੈ ਉਸ ਨੂੰ ਹਟਾਉਣ ਦੇ ਲਈ ਏ.ਜੀ ਪੰਜਾਬ ਦੇ ਵੱਲੋਂ ਕੋਈ ਵੀ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਕਿਹਾ ਕਿ 2364 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਕੋਈ ਠੋਸ ਹੱਲ ਕੀਤਾ ਜਾਵੇ ਅਤੇ ਪ੍ਰਾਇਮਰੀ ਅਧਿਆਪਕਾਂ ਦੀਆਂ 6635 ਤੇ 22 ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਸਰਕਾਰ ਦੇ ਵੱਲੋਂ ਤੁੁਰੰਤ ਪੂਰੀ ਕੀਤੀ ਜਾਵੇ।
ਇਸ ਮੌਕੇ ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ ਭਾਵੇਂ ਅੱਜ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਦੇ ਚਿਹਰੇ ਬਦਲ ਚੁੱਕੇ ਹਨ। ਬੇਰੁਜ਼ਗਾਰ ਨੌਜਵਾਨਾਂ ਨੂੰ ਉਮੀਦਾਂ ਸਨ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਰਵੱਈਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਰਗਾ ਨਹੀਂ ਹੋਵੇਗਾ ਸਗੋਂ ਕਿ ਉਹ ਬੇਰੁਜ਼ਗਾਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਗੇ ਪਰ ਉਨ੍ਹਾਂ ਵੱਲੋਂ ਬੇਰੁਜ਼ਗਾਰਾਂ ਦੀਆਂ ਮੰਗਾਂ ਹੱਲ ਤਾਂ ਕੀ ਕਰਨੀਆਂ ਸੁਣਨ ਤੱਕ ਦਾ ਵੀ ਸਮਾਂ ਉਨ੍ਹਾਂ ਵੱਲੋਂ ਨਹੀਂ ਕੱਢਿਆ ਗਿਆ।
ਉਨ੍ਹਾਂ ਦੱਸਿਆ ਕਿ ਪਿਛਲੇ 41 ਦਿਨਾਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਪਰਮ ਫ਼ਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਇੱਥੇ ਦੇਸੂਮਾਜਰਾ ਵਿਖੇ ਟੈਂਕੀ ਦੇ ਉੱਪਰ ਚੜ੍ਹੇ ਹੋਏ ਹਨ ਅਤੇ ਲਗਾਤਾਰ ਡੇਢ ਮਹੀਨੇ ਦੇ ਕਰੀਬ ਟੈਂਕੀ ਤੇ ਬੈਠਣ ਕਾਰਨ ਬੇਰੁਜ਼ਗਾਰ ਅਧਿਆਪਕਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ, ਪਰ ਪ੍ਰਸ਼ਾਸਨ ਵਲੋਂ ਇਨ੍ਹਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ ਹੈ।
ਇਸ ਮੌਕੇ ਮੌਜੂਦ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦੀ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਉਪਰ ਕੋਈ ਠੋਸ ਹੱਲ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ 'ਚ ਹੋਰ ਤਿੱਖੇ ਐਕਸ਼ਨ ਕੀਤੇ ਜਾਣਗੇ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।
ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ:-
1) 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਚਲਾਈ ਜਾਵੇ ਤੇ ਕੋਰਟ ਚ ਲੱਗੀ ਰੋਕ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਲੈ ਕੇ ਉਸ ਰੋਕ ਨੂੰ ਹਟਾਇਆ ਜਾਵੇ
2) 2364 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਠੋਸ ਹੱਲ ਕੀਤਾ ਜਾਵੇ
3) ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ 6635 ਈਟੀਟੀ ਅਧਿਆਪਕਾਂ ਦੀ ਭਰਤੀ ਚ ਇੱਕ ਵਾਰ ਮੌਕਾ ਦਿੱਤਾ ਜਾਵੇ