ਜ਼ਿਲ੍ਹੇ ਭਰ ਦੇ ਅਧਿਕਾਰੀਆਂ ਦੀ ਬੈਠਕ ਲੈਂਦੇ ਹੋਏ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ
ਜਗਦੀਸ਼ ਥਿੰਦ
ਫਾਜਿ਼ਲਕਾ, 3 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੇ ਫਾਜਿ਼ਲਕਾ ਜਿ਼ਲ੍ਹੇ ਦੇ ਦੌਰੇ ਦੌਰਾਨ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਆਈ ਏ ਐਸ ਦੀ ਪ੍ਰਧਾਨਗੀ ਹੇਠ ਬੈਠਕ ਹੋਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਫਾਜਿ਼ਲਕਾ ਦੌਰੇ ਦੌਰਾਨ ਨਵੇਂ ਬਣੇ ਬੱਸ ਸਟੈਂਡ ਅਤੇ ਜਿ਼ਲ੍ਹਾ ਹਸਪਤਾਲ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਸ ਮੌਕੇ ਉਨ੍ਹਾਂ ਵੱਲੋਂ ਐਮ ਆਰ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜਨ ਸਭਾ ਨੂੰ ਵੀ ਸੰਬੋਧਨ ਕੀਤਾ ਜਾਵੇਗਾ।
ਉਨ੍ਹਾਂ ਨੇ ਇਸ ਮੌਕੇ ਸਾਰੇ ਸਬੰਧਤ ਵਿਭਾਗਾਂ ਨੂੰ ਮੁੱਖ ਮੰਤਰੀ ਦੇ ਦੌਰੇ ਦੀਆਂ ਤਿਆਰੀਆਂ ਨੂੰ ਸਮਾਂ ਰਹਿੰਦੇ ਪੂਰਾ ਕਰਨ ਦੇ ਹੁਕਮ ਦਿੱਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੌਰੇ ਦੌਰਾਨ ਟਰੈਫਿਕ ਅਤੇ ਸੁਰੱਖਿਆ ਪ੍ਰਬੰਧ ਪੰਜਾਬ ਪੁਲਿਸ ਵੱਲੋਂ ਕੀਤੇ ਜਾਣਗੇ ਜਦ ਕਿ ਨਗਰ ਕੌਂਸਲ ਵੱਲੋਂ ਸਾਫ ਸਫਾਈ ਦੀ ਵਿਵਸਥਾ ਕੀਤੀ ਜਾਵੇਗੀ।
ਉਨ੍ਹਾਂ ਨੇ ਸਿਹਤ ਵਿਭਾਗ ਨੂੰ ਸਮਾਗਮ ਵਾਲੀ ਥਾਂ ਤੇ ਮੈਡੀਕਲ ਟੀਮ ਤਾਇਨਾਤ ਕਰਨ ਲਈ ਵੀ ਕਿਹਾ।
ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਭੀਜੀਤ ਕਪਲਿਸ਼, ਏ.ਡੀ.ਸੀ. ਵਿਕਾਸ ਸ੍ਰੀ ਨਵਲ ਰਾਮ, ਐਸ ਡੀ ਐਮ ਸ੍ਰੀ ਰਵਿੰਦਰ ਸਿੰਘ ਅਰੋੜਾ, ਸ੍ਰੀ ਅਮਿਤ ਗੁਪਤਾ, ਸ੍ਰੀ ਦੇਵਦਰਸ਼ ਦੀਪ ਸਿੰਘ, ਸਿਵਲ ਸਰਜਨ ਡਾ: ਦਵਿੰਦਰ ਕੁਮਾਰ, ਡੀ ਡੀ ਪੀ ਓ ਸ੍ਰੀ ਜੀ ਐਸ ਵਿਰਕ ਆਦਿ ਵੀ ਹਾਜਰ ਸਨ।