ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 06 ਦਸੰਬਰ 2021: ਸਮਾਜਿਕ ਨਿਆ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਵਿਖੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਬੀ.ਆਰ ਅੰਬੇਦਕਰ ਜੀ ਦੀ ਯਾਦ ਵਿੱਚ ਮਹਾਪ੍ਰੀ ਨਿਰਵਾਣ ਦਿਵਸ ਦਾ ਆਯੋਜਨ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੀ ਅਗਵਾਈ ਹੇਠ ਕੀਤਾ ਗਿਆ।
ਇਸ ਮੌਕੇ ਐੱਸ.ਡੀ.ਐੱਮ ਫ਼ਰੀਦਕੋਟ ਮੈਡਮ ਬਲਜੀਤ ਕੌਰ ਅਤੇ ਐਸ.ਡੀ.ਐਮ ਕੋਟਕਪੂਰਾ ਵਰਿੰਦਰਪਾਲ ਸਿੰਘ ਵਲੋਂ ਡਾ ਬੀ.ਆਰ. ਅੰਬੇਦਕਰ ਜੀ ਦੇ ਜੀਵਨ, ਉਨ੍ਹਾਂ ਦੀ ਸਮਾਜ,ਦੇਸ਼ ਪ੍ਰਤੀ ਵਡਮੁੱਲੀ ਦੇਣ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਡਾ ਅੰਬੇਦਕਰ ਜੀ ਨੇ ਜਿੱਥੇ ਭਾਰਤ ਦੇ ਲਿਖਤੀ ਸੰਵਿਧਾਨ ਨੂੰ ਬਣਾਉਣ ਵਿਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ, ਉੱਥੇ ਉਨ੍ਹਾਂ ਸਮਾਜ ਦੇ ਦੱਬੇ-ਕੁਚਲੇ ਲੋਕਾਂ ਤੇ ਖਾਸਕਰ ਔਰਤ ਵਰਗ ਲਈ ਵੀ ਆਪਣੀਆਂ ਵੱਡਮੁੱਲੀਆਂ ਸੇਵਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਹ ਉੱਚ ਕੋਟੀ ਦੇ ਵਿਦਵਾਨ ਵੀ ਸਨ। ਜਿਨ੍ਹਾਂ ਨੇ ਸਮਾਜ ਸੁਧਾਰ ਦੇ ਨਾਲ ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਆਪਣਾ ਵੱਡਮੁੱਲਾ ਯੋਗਦਾਨ ਪਾਇਆ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਤੇ ਨਿਆਂ ਅਧਿਕਾਰਤਾ ਅਫਸਰ ਸ੍ਰੀ ਗੁਰਮੀਤ ਸਿੰਘ ਬਰਾੜ ਨੇ ਮਹਾਪ੍ਰੀ ਨਿਰਵਾਣ ਦਿਵਸ ਸਬੰਧੀ ਸੰਖੇਪ ਜਾਣਕਾਰੀ ਦਿੱਤੀ ਅਤੇ ਸਭ ਨੂੰ ਜੀ ਆਇਆ ਕਿਹਾ। ਤਹਿਸੀਲ ਭਲਾਈ ਅਫਸਰ ਸ੍ਰੀ ਗੁਰਮੀਤ ਸਿੰਘ ਕਡ਼ਿਆਲਵੀ ਵੱਲੋਂ ਡਾ ਭੀਮ ਰਾਓ ਅੰਬੇਦਕਰ ਜੀ ਦੇ ਜੀਵਨ, ਸਮਾਜ ਨੂੰ ਦੇਣ ਉਨ੍ਹਾਂ ਦੇ ਸੰਘਰਸ਼ਾਂ ਸਬੰਧੀ ਵਿਸਥਾਰ ਸਾਹਿਤ ਚਾਨਣਾ ਪਾਇਆ ਤੇ ਕਿਹਾ ਕਿ ਉਹ ਸੱਚਮੁੱਚ ਹੀ ਮਹਾਨ ਪੁਰਸ਼ ਸਨ। ਜਿਨ੍ਹਾਂ ਦੇ ਦੇਸ਼ ਸਮਾਜ ਪ੍ਰਤੀ ਵਡਮੁੱਲੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ । ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਡਾ.ਬੀ.ਆਰ ਅੰਬੇਦਕਰ ਜੀ ਦੇ ਬੁੱਤ ਤੇ ਐੱਸ.ਡੀ.ਐੱਮ ਮੈਡਮ ਬਲਜੀਤ ਕੌਰ ਐਸ.ਡੀ.ਐਮ ਕੋਟਕਪੂਰਾ ਸ੍ਰੀ ਵਰਿੰਦਰ ਪਾਲ ਸਿੰਘ ਸਮੇਤ ਵੱਖ ਵੱਖ ਸ਼ਖ਼ਸੀਅਤਾਂ ਨੇ ਫੁੱਲ ਮਾਲਾਵਾਂ ਪਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਸ੍ਰੀ ਸੱਤਪਾਲ, ਜ਼ਿਲ੍ਹਾ ਖਜ਼ਾਨਾ ਅਫ਼ਸਰ ਕ੍ਰਿਸ਼ਨ ਕੁਮਾਰ ਹਾਂਡਾ, ਡਿਪਟੀ ਡੀ.ਈ. ਓ ਸ੍ਰੀ ਪ੍ਰਦੀਪ ਕੁਮਾਰ, ਸ੍ਰੀ ਜਸਬੀਰ ਜੱਸੀ ਮੀਡੀਆ ਕੋਆਰਡੀਨੇਟਰ, ਜਸਬੀਰ ਕੌਰ ਧੰਜੂ ਡੀ.ਐਸ.ਐਸ.ਓ, ਪਰਮਜੀਤ ਸਿੰਘ ਜ਼ਿਲ੍ਹਾ ਨਗਰ ਯੋਜਨਾਕਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ ।