ਸਰਕਾਰ ਅਤੇ ਕਿਸਾਨ ਮੋਰਚੇ 'ਚ ਬਹੁਤਿਆ ਮੁੱਦਿਆਂ 'ਤੇ ਆਪਸੀ ਸਹਿਮਤੀ, ਕੱਲ੍ਹ ਹੋ ਸਕਦਾ ਕੋਈ ਵੱਡਾ ਐਲਾਨ
ਨਵੀਂ ਦਿੱਲੀ, 7 ਦਸੰਬਰ 2021 - ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕਿਸਾਨਾਂ ਨੂੰ ਇੱਕ ਚਿੱਠੀ ਭੇਜੀ ਗਈ ਹੈ। ਜਿਸ ‘ਚ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨ ਮੋਰਚਾ ਵੱਲੋਂ ਅੰਦੋਲਨ ਖਤਮ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਖ਼ਬਰ ਮਿਲ ਰਹੀ ਹੈ ਕੇ ਕਿਸਾਨ ਮੋਰਚਾ ਬੁੱਧਵਾਰ ਨੂੰ ਅੰਦੋਲਨ ਖਤਮ ਕਰਨ ਦਾ ਐਲਾਨ ਕਰ ਸਕਦਾ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨ ਮੋਰਚਾ ਨੂੰ ਪੱਤਰ ਭੇਜਿਆ ਗਿਆ ਹੈ। ਪੱਤਰ ਵਿੱਚ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਦਰਜ ਕੇਸ ਵਾਪਸ ਲੈਣ ਸਮੇਤ ਹੋਰ ਮੰਗਾਂ ’ਤੇ ਵੀ ਸਹਿਮਤੀ ਪ੍ਰਗਟਾਈ ਗਈ ਹੈ। ਬਿਜਲੀ ਸੋਧ ਬਿੱਲ-2020 'ਤੇ ਭਾਰਤ ਸਰਕਾਰ ਨੇ ਸਾਰੇ ਹਿੱਸੇਦਾਰ ਰਾਜਾਂ ਨਾਲ ਗੱਲ ਕਰਨ ਅਤੇ ਹੱਲ ਕੱਢਣ ਦਾ ਭਰੋਸਾ ਦਿੱਤਾ ਹੈ।
ਇਸ ਦੇ ਨਾਲ ਹੀ ਜਾਣਕਾਰੀ ਮਿਲ ਰਹੀ ਹੈ ਕਿ ਕਿਸਾਨ ਮੋਰਚਾ ਨੂੰ ਗ੍ਰਹਿ ਮੰਤਰਾਲੇ ਤੋਂ ਇੱਕ ਸੁਨੇਹਾ ਮਿਲਿਆ ਹੈ। ਇਸ ਵਿੱਚ ਧਾਰਾ 302 ਅਤੇ 307 ਤਹਿਤ ਦਰਜ ਕੇਸਾਂ ਨੂੰ ਛੱਡ ਕੇ ਹੋਰ ਕੇਸ ਵਾਪਸ ਲੈਣ ਦੀ ਗੱਲ ਕਹੀ ਗਈ ਹੈ। ਐਮਐਸਪੀ ’ਤੇ ਕਮੇਟੀ ਬਣਾਉਣ ਅਤੇ ਕਮੇਟੀ ਵਿੱਚ ਮੋਰਚਾ ਦੇ ਆਗੂਆਂ ਨੂੰ ਸ਼ਾਮਲ ਕਰਨ ਦੀ ਵੀ ਗੱਲ ਚੱਲ ਰਹੀ ਹੈ। ਮੰਗਾਂ ਮੰਨਣ ਤੋਂ ਬਾਅਦ ਹੁਣ ਕਿਸਾਨ ਮੋਰਚਾ ਵੀ ਅੰਦੋਲਨ ਵਾਪਸ ਲੈਣ 'ਤੇ ਵਿਚਾਰ ਕਰ ਰਿਹਾ ਹੈ।