ਪੰਜਾਬ ਸਟੂਡੈਂਟਸ ਯੂਨੀਅਨ ਸਿਆਸੀ ਕੈਦੀਆਂ ਦੀ ਰਿਹਾਈ ਲਈ 10 ਦਸੰਬਰ ਨੂੰ ਕਰੇਗੀ ਰੋਸ ਮੁਜ਼ਾਹਰਾ
ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 7 ਦਸੰਬਰ, 2021 : ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਮਨੁੱਖੀ ਅਧਿਕਾਰ ਦਿਵਸ 'ਤੇ 10 ਦਸੰਬਰ ਨੂੰ ਸਜ਼ਾ ਭੁਗਤ ਚੁੱਕੇ ਸਿਆਸੀ ਕੈਦੀਆਂ ਅਤੇ ਹੋਰ ਬੁੱਧੀਜੀਵੀਆਂ, ਲੇਖਕਾਂ, ਪੱਤਰਕਾਰਾਂ ਦੀ ਰਿਹਾਈ ਲਈ ਵਿਦਿਅਕ ਸੰਸਥਾਵਾਂ ਵਿਚ ਤਿੱਖੇ ਰੋਸ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਰੰਧਾਵਾ, ਜਨਰਲ ਸਕੱਤਰ ਅਮਨਦੀਪ ਸਿੰਘ ਅਤੇ ਪ੍ਰੈੱਸ ਸਕੱਤਰ ਮੰਗਲਜੀਤ ਪੰਡੋਰੀ ਨੇ ਕਿਹਾ ਕਿ ਭਾਜਪਾ ਹਕੂਮਤ ਦੌਰਾਨ ਕਈ ਬੁੱਧੀਜੀਵੀਆਂ, ਲੇਖਕਾਂ, ਪੱਤਰਕਾਰਾਂ ਤੇ ਝੂਠੇ ਮੁੱਕਦਮੇ ਦਰਜ ਕਰ ਕੇ ਜੇਲ੍ਹਾਂ ਵਿਚ ਬੇਵਜ੍ਹਾ ਬੰਦ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਭਾਜਪਾ ਨੇ ਫਿਰਕੂ ਮਾਨਸਿਕਤਾ ਤਹਿਤ ਭੀਮਾ ਕੋਰੇਗਾਂਵ ਵਿਚ ਹਾਲਾਤ ਖਰਾਬ ਕੀਤੇ, ਫਿਰ ਇਸ ਸਾਰੇ ਘਟਨਾਕ੍ਮ ਲਈ ਅਸਲ ਦੋਸੀਆਂ ਨੂੰ ਛੱਡ ਕੇ ਲੋਕ-ਪੱਖੀ ਬੁੱਧੀਜੀਵੀਆਂ ਲੇਖਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਦਿੱਲੀ ਦੇ ਸ਼ਾਹੀਨ ਬਾਗ ਵਿਚ ਚੱਲ ਰਹੇ ਅੰਦੋਲਨ ਖਿਲਾਫ ਭੜਕਾਉਣ ਵਾਲੇ ਭਾਜਪਾ ਅਹੁਦੇਦਾਰਾਂ ਨੂੰ ਛੱਡ ਕੇ ਨਿਰਦੋਸ਼ ਲੋਕਾਂ ਨੂੰ ਝੂਠੇ ਕੇਸਾਂ ਵਿਚ ਫਸਾਇਆ ਗਿਆ।
ਆਗੂਆਂ ਨੇ ਦੱਸਿਆ ਕਿ ਪੰਜਾਬ ਸਟੂਡੈਂਟਸ ਯੂਨੀਅਨ ਆਪਣੀਆਂ ਮੰਗਾਂ ਕਿ ਸਿਆਸੀ ਕੈਦੀ ਜੋ ਸਜ਼ਾ ਭੁਗਤ ਚੁੱਕੇ ਹਨ ਅਤੇ ਜੋ ਝੂਠੇ ਕੇਸਾਂ ਵਿਚ ਫਸਾ ਕੇ ਜੇਲ੍ਹੀਂ ਬੰਦ ਕੀਤੇ ਹੋਏ ਹਨ, ਨੂੰ ਤੁਰੰਤ ਰਿਹਾਅ ਕਰਵਾਉਣ ਲਈ 10 ਦਸੰਬਰ ਨੂੰ ਸੂਬੇ ਭਰ ਵਿਚ ਤਿੱਖੇ ਰੋਸ ਮੁਜ਼ਾਹਰੇ ਕਰੇਗੀ।