ਚੰਨੀ ਤੇ ਸਿੱਧੂ ਵਲੋਂ ਲਏ ਜਾ ਰਹੇ ਲੋਕ ਪੱਖੀ ਫ਼ੈਸਲੇ ਸ਼ਲਾਘਾਯੋਗ : ਕਾਲਾ ਢਿੱਲੋਂ
ਕਮਲਜੀਤ ਸਿੰਘ ਸੰਧੂ, ਬਾਬੂਸ਼ਾਹੀ ਨੈੱਟਵਰਕ
ਬਰਨਾਲਾ: 08 ਦਸੰਬਰ, 2021- ਸੀਨੀਅਰ ਟਕਸਾਲੀ ਕਾਂਗਰਸੀ ਆਗੂ ਤੇ ਉੱਘੇ ਟਰਾਂਸਪੋਰਟਰ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਲਏ ਜਾ ਰਹੇ ਲੋਕ ਪੱਖੀ ਫੈਸਲਿਆਂ ਦੀ ਜ਼ੋਰਦਾਰ ਸ਼ਬਦਾਂ ’ਚ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਨੂੰ ਲੋਕਾਂ ਦੀਆਂ ਪ੍ਰਮੁੱਖ ਲੋੜਾਂ ਬਾਰੇ ਡੂੰਘੀ ਜਾਣਕਾਰੀ ਹੈ ਤੇ ਉਹ ਜਿੰਨੀ ਤੇਜ਼ੀ ਨਾਲ ਵੱਖ ਵੱਖ ਮਹੱਤਵਪੂਰਨ ਲੋਕ ਪੱਖੀ ਫੈਸਲਿਆਂ ਨੂੰ ਸਫ਼ਲਤਾ ਨਾਲ ਲਾਗੂ ਕਰ ਰਹੇ ਹਨ, ਉਹ ਬੇਹੱਦ ਸ਼ਲਾਘਾਯੋਗ ਹੈ।
ਕਾਲਾ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਨਬਜ਼ ਪਛਾਣਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਰਾਜ ’ਚ ‘ਪੰਜਾਬ ਪ੍ਰੋਟੈਕਸ਼ਨ ਐਂਡ ਰੈਗੁਲਰਾਈਜੇਸ਼ਨ ਆਫ਼ ਕੰਟਰੈਕਚੂਅਲ ਇੰਪਲਾਈਜ਼ ਬਿੱਲ’ ਨੂੰ ਹਰੀ ਝੰਡੀ ਦਿੰਦੇ ਹੋਏ 36 ਹਜ਼ਾਰ ਕਾਮਿਆਂ ਨੂੰ ਪੱਕਾ ਕਰਨ, ਡੀ.ਸੀ ਰੇਟ ਵਧਾਉਣ ਸਮੇਤ ਮੁਲਾਜ਼ਮ ਵਰਗ ਲਈ ਵੱਡੇ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦਾ ਸੁਪਨਾ ਹੁੰਦਾ ਹੈ ਕਿ ਉਸ ਦਾ ਆਪਣਾ ਘਰ ਹੋਵੇ, ਜਿਸ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਵੱਲੋਂ ‘ਮੇਰਾ ਘਰ ਮੇਰੇ ਨਾਮ ਸਕੀਮ’ ਨੂੰ ਸ਼ੁਰੂ ਕੀਤਾ ਗਿਆ ਤੇ ਪਿੰਡਾਂ ਤੇ ਸ਼ਹਿਰਾਂ ’ਚ ਲਾਲ ਲਕੀਰ ਅੰਦਰ ਪੈਂਦੇ ਘਰਾਂ ਦੇ ਮਾਲਕਾਨਾ ਹੱਕ ਦੀਆਂ ਸੰਨਦਾ ਲਾਭਪਾਤਰੀਆਂ ਨੂੰ ਸੌਂਪੀਆਂ ਗਈਆਂ।
ਉਨ੍ਹਾਂ ਕਿਹਾ ਕਿ ਦੋ ਕਿਲੋਵਾਟ ਤੱਕ ਦੇ ਬਿਜਲੀ ਦੇ ਬਕਾਇਆ ਬਿੱਲ ਮਾਫ਼ ਕਰਨ, ਸ਼ਹਿਰੀ ਇਲਾਕਿਆਂ ’ਚ ਘਰੇਲੂ ਖਪਤਕਾਰਾਂ ਦੇ 700 ਕਰੋੜ ਦੇ ਪਾਣੀ ਤੇ ਸੀਵਰੇਜ ਬਿੱਲ ਮੁਆਫ਼ ਕਰਲ ਦੇ ਨਾਲ ਨਾਲ ਪੰਜਾਬ ਵਾਸੀਆਂ ਨੂੰ ਬਿਜਲੀ ਦੀਆਂ ਦਰਾਂ ’ਚ 3 ਰੁਪਏ ਪ੍ਰਤੀ ਯੂਨਿਟ ਕੀਮਤ ਘਟਾਕੇ ਲੋਕਾਂ ਨੂੰ ਵਿੱਤੀ ਤੌਰ ’ਤੇ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾ ਕਿਹਾ ਕਿ ਚੰਨੀ ਨੇ ਸਾਰੇ ਵਰਗਾਂ ਨੂੰ ਸੁਵਿਧਾਵਾਂ ਦੇਣ ਦੀ ਮੁਹਿੰਮ ਨੂੰ ਠੋਸ ਰੂਪ ਦਿੱਤਾ ਹੋਇਆ ਹੈ, ਜਿਸ ਤੋਂ ਸਾਰੇ ਸੂਬਾ ਵਾਸੀ ਖੁਸ਼ ਹਨ। ਢਿੱਲੋਂ ਨੇ ਕਿਹਾ ਕਿ ਹੋਰ ਸਿਆਸੀ ਪਾਰਟੀਆਂ ਵੱਲੋਂ ਸਮੇਂ ਸਮੇਂ ’ਤੇ ਲੋਕਾਂ ਨਾਲ ਜੋ ਵਾਅਦੇ ਕੀਤੇ, ਉਨ੍ਹਾਂ ’ਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਜਦਕਿ ਕਾਂਗਰਸ ਸਰਕਾਰ ਨੇ ਸੂਬੇ ਦੇ ਹਿੱਤਾਂ ਨੂੰ ਪ੍ਰਮੁੱਖਤਾ ਦਿੰਦੇ ਹੋਏ ਹਰੇਕ ਵਾਅਦੇ ਨੂੰ ਪੂਰਾ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਇਸ ਮੌਕੇ ਉਨ੍ਹਾਂ ਨਾਲ ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ, ਬਲਦੇਵ ਸਿੰਘ ਭੁੱਚਰ, ਸੂਰਤ ਸਿੰਘ ਬਾਜਵਾ, ਜਗਤਾਰ ਸਿੰਘ ਪੱਖੋ, ਕੌਂਸਲਰ ਕੁਲਦੀਪ ਧਰਮਾ, ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਕਾਕਾ ਸੂਚ, ਸਾਬਕਾ ਕੌਂਸਲਰ ਰਾਜੂ ਚੌਧਰੀ, ਸਾਬਕਾ ਕੌਂਸਲਰ ਮਹੇਸ਼ ਕੁਮਾਰ ਲੋਟਾ, ਸਾਬਕਾ ਕੌਂਸਲਰ ਜਸਵਿੰਦਰ ਟਿੱਲੂ ਆਦਿ ਹਾਜ਼ਰ ਸਨ।