ਚੋਣਾਂ ਸਬੰਧੀ ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਹਲਕਿਆਂ ਲਈ ਕੰਟਰੋਲ ਰੂਮ ਸਥਾਪਿਤ-ਡੀ.ਸੀ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 22 ਜਨਵਰੀ 2022 - ਡਿਪਟੀ ਕਮਿਸ਼ਨਰ ਸ੍ਰੀ ਹਰਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕਰੋਨਾ ਦੇ ਮਾਮਲਿਆਂ ਵਿੱਚ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਚੋਣਾਂ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਜਾਂ ਸ਼ਿਕਾਇਤ ਲਈ ਅਤੇ ਆਮ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ਦੇ ਕੰਟਰੋਲ ਰੂਮ ਤੋਂ ਇਲਾਵਾ ਵਿਧਾਨ ਸਭਾ ਹਲਕਾ ਵਾਈਜ ਕੰਟਰੋਲ ਰੂਮ ਨੰਬਰ ਜਾਰੀ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਫਰੀਦਕੋਟ ਜਿਲੇ ਲਈ ਕੰਟਰੋਲ ਰੂਮ ਦਾ ਨੰਬਰ 01639-292065 ਅਤੇ ਵਿਧਾਨ ਸਭਾ ਹਲਕੇ ਫਰੀਦਕੋਟ 087 ਲਈ 01639-251153 , ਵਿਧਾਨ ਸਭਾ ਹਲਕਾ ਕੋਟਕਪੂਰਾ 088 ਲਈ 01635-292146 ਅਤੇ ਵਿਧਾਨ ਸਭਾ ਹਲਕਾ ਜੈਤੋ ਲਈ 01635-230770 ਹਨ। ਉਨ੍ਹਾਂ ਕਿਹਾ ਕਿ ਲੋਕ ਉਕਤ ਨੰਬਰਾਂ ਉੱਤੇ ਚੋਣਾਂ ਨਾਲ ਸਬੰਧਤ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦੇ ਸਕਦੇ ਹਨ। ਜ਼ਿਲਾ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਮੁਸ਼ਕਿਲਾਂ ਦਾ ਜਲਦ ਤੋਂ ਜਲਦ ਢੁਕਵਾਂ ਹੱਲ ਕਰਨ ਦੀ ਕੋਸ਼ਿਸ ਕੀਤੀ ਜਾਵੇਗੀ।
ਉਨਾਂ ਅੱਗੇ ਦੱਸਿਆ ਕਿ ਜ਼ਿਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਕੋਵਿਡ ਵੈਕਸੀਨੇਸ਼ਨ ਕੈਂਪ ਲਗਾ ਕੇ ਵੱਧ ਤੋਂ ਵੱਧ ਲੋਕਾਂ ਦੇ ਵੈਕਸੀਨੇਸ਼ਨ ਕਰ ਰਿਹਾ ਹੈ ਤਾਂ ਕਿ ਜਲਦ ਤੋਂ ਜਲਦ ਸਾਰਿਆਂ ਨੂੰ ਕੋਵਿਡ ਦੀਆਂ ਦੋਨੋਂ ਖੁਰਾਕਾਂ ਲਗਾਈਆਂ ਜਾ ਸਕਣ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਵੈਕਸੀਨੇਸ਼ਨ ਦੀਆਂ ਦੋਨੋਂ ਖੁਰਾਕਾਂ ਜਲਦ ਤੋਂ ਜਲਦ ਲੈਣ ਨੂੰ ਯਕੀਨੀ ਬਣਾਉਣ। ਉਨਾਂ ਜਿਲ੍ਹਾਂ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਉਹ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਣ, ਹੱਥਾਂ ਨੂੰ ਵਾਰ ਵਾਰ ਧੋਣ ਅਤੇ ਮਾਸਕ ਪਹਿਨਣ ਨੂੰ ਯਕੀਨੀ ਬਣਾਉਣ ਤਾਂ ਜੋ ਇਸ ਭਿਆਨਕ ਬਿਮਾਰੀ ਦੀ ਚਪੇਟ ਵਿੱਚ ਆਉਣ ਤੋਂ ਬਚਿਆ ਜਾ ਸਕੇ।ਇਸ ਤੋਂ ਇਲਾਵਾ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਲਾਗੂ ਪਾਬੰਦੀਆਂ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਚੋਣਾਂ ਲਈ ਤਾਇਨਾਤ ਕੀਤੇ ਗਏ ਅਧਿਕਾਰੀਆਂ/ਕਰਮਚਾਰੀਆਂ ਨੂੰ ਪਹਿਲ ਦੇ ਆਧਾਰ ਤੇ ਕਰੋਨਾ ਵੈਕਸੀਨ ਦੀ ਬੂਸਟਰ ਡੋਜ ਲਗਾਈ ਜਾ ਰਹੀ ਹੈ।