ਮੋਹਾਲੀ 24 ਜਨਵਰੀ 2022: ਆਮ ਆਦਮੀ ਪਾਰਟੀ ਦੇ ਹਲਕਾ ਮੋਹਾਲੀ ਤੋਂ ਉਮੀਦਵਾਰ ਕੁਲਵੰਤ ਸਿੰਘ ਨੂੰ ਅੱਜ ਵਾਲਮੀਕ ਭਾਈਚਾਰੇ ਵੱਲੋਂ ਵੀ ਸਮਰਥਨ ਦੇ ਦਿੱਤਾ ਗਿਆ। ਸੈਕਟਰ 79 ਸਥਿਤ ਦਫ਼ਤਰ ਵਿਖੇ ਵਾਲਮੀਕਿ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਲੋਕੀਂ ਪਹੁੰਚੇ ਜਿਨ੍ਹਾਂ ਦਾ ਕੁਲਵੰਤ ਸਿੰਘ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।
ਅੱਜ ਸ਼ਾਮਿਲ ਹੋਣ ਵਾਲੇ ਵਾਲਮੀਕਿ ਭਾਈਚਾਰੇ ਦੇ ਨੁਮਾਇੰਦਿਆਂ ਵਿੱਚੋਂ ਸੰਗਠਨ ਨਵਦੀਸਾ ਵਿਚਾਰ ਮੰਚ ਦੇ ਸੂਬਾ ਪ੍ਰਧਾਨ ਬਿੱਲੂ ਵਾਲਮੀਕੀ, ਗੁਰੂ ਨਾਨਕ ਕਾਲੋਨੀ ਜਗਤਪੁਰਾ ਤੋਂ ਰਾਹੁਲ ਮੋਹਾਲੀ, ਵਿਕਾਸ, ਛਿੰਦਾ ਕੁੰਭਡ਼ਾ, ਸੂਰਜ ਦਾਊਂ ਆਦਿ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਨੇਕ ਤੇ ਇਮਾਨਦਾਰ ਉਮੀਦਵਾਰ ਕੁਲਵੰਤ ਸਿੰਘ ਦੀ ਸ਼ਖਸੀਅਤ ਤੋਂ ਕਾਫ਼ੀ ਜ਼ਿਆਦਾ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਿਛਲੇ ਪੂਰੇ ਪੰਜ ਸਾਲ ਵਿੱਚ ਗਰੀਬ ਵਰਗ ਦੇ ਲਈ ਕੁਝ ਵੀ ਨਹੀਂ ਕੀਤਾ। ਅਕਾਲੀ ਦਲ ਅਤੇ ਕਾਂਗਰਸ ਪਾਰਟੀਆਂ ਨੇ ਹਮੇਸ਼ਾਂ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਹੀ ਹੈ। ਇਸ ਕਰਕੇ ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣੀ ਜ਼ਰੂਰੀ ਹੋ ਗਈ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਸ਼ੁੱਭ ਸੰਕੇਤ ਹੈ ਕਿ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਵਿੱਚ ਵਿਸ਼ਵਾਸ ਵਧ ਰਿਹਾ ਹੈ ਅਤੇ ਲੋਕੀਂ ਕਾਂਗਰਸ ਪਾਰਟੀ ਨੂੰ ਨਕਾਰ ਕੇ ਇੱਧਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਹਲਕੇ ਦਾ ਭਲਾ ਚਾਹੁਣ ਵਾਲੇ ਲੋਕ ਜੁਡ਼ ਰਹੇ ਹਨ ਜਦਕਿ ਕਾਂਗਰਸ ਅਤੇ ਅਕਾਲੀ ਦਲ ਨਾਲ ਗੁੰਡਾਗਰਦੀ ਵਾਲੇ ਲੋਕ ਜੁਡ਼ ਰਹੇ ਹਨ। ਪ੍ਰੰਤੂ ਇਹ ਅਟੱਲ ਸੱਚਾਈ ਹੈ ਕਿ ਜਿੱਤ ਹਮੇਸ਼ਾਂ ਹੱਕ ਸੱਚ ਦੀ ਗੱਲ ਕਰਨ ਵਾਲਿਆਂ ਦੀ ਹੁੰਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ 20 ਫ਼ਰਵਰੀ ਨੂੰ ਚੋਣ ਨਿਸ਼ਾਨ ‘ਝਾਡ਼ੂ’ ਨੂੰ ਵੋਟਾਂ ਪਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ ਤਾਂ ਜੋ ਅਰਵਿੰਦ ਕੇਜਰੀਵਾਲ ਦੇ ਹੱਥ ਮਜ਼ਬੂਤ ਕੀਤੇ ਜਾ ਸਕਣ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਮੋਹਾਲੀ ਹਲਕੇ ਦਾ ਵੀ ਯੋਗਦਾਨ ਪਾਇਆ ਜਾ ਸਕੇ।