← ਪਿਛੇ ਪਰਤੋ
ਐਸ.ਏ.ਐਸ. ਨਗਰ/ ਮੋਹਾਲੀ, 24 ਜਨਵਰੀ 2022: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਮੋਹਾਲੀ ਸਮੇਤ ਹਲਕੇ ਦੇ ਹਰ ਪਿੰਡ ਦਾ ਵਿਕਾਸ ਸ਼ਹਿਰਾਂ ਦੀ ਤਰਜ਼ ’ਤੇ ਕੀਤਾ ਜਾਵੇਗਾ ਅਤੇ ਮੋਹਾਲੀ ਹਲਕਾ ਵਿਕਾਸ ਪੱਖੋਂ ਪੰਜਾਬ ਵਿੱਚੋਂ ਸਭ ਤੋਂ ਮੋਹਰੀ ਅਤੇ ਖੂਬਸੂਰਤ ਹੋਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੇਅਰ ਅਤੇ ਮੋਹਾਲੀ ਤੋਂ ਆਪ ਦੇ ਉਮੀਦਵਾਰ ਸ. ਕੁਲਵੰਤ ਸਿੰਘ ਨੇ ਵੱਖ-ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਮੇਰਾ ਸੁਪਨਾ ਹੈ ਕਿ ਹਰ ਪਿੰਡ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮਿਲਣ ਅਤੇ ਕੋਈ ਵੀ ਪਿੰਡ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ। ਸ. ਕੁਲਵੰਤ ਸਿੰਘ ਨੇ ਕਿਹਾ ਕਿ ਜਿਵੇਂ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਵੱਡੇ ਪੱਧਰ ’ਤੇ ਵਿਕਾਸ ਕੀਤੇ ਹਨ, ਪੰਜਾਬ ਵਿੱਚ ਵੀ ਉਸੇ ਤਰਜ਼ ’ਤੇ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪਿਛਲੇ 7 ਦਹਾਕਿਆਂ ਤੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਬਣਦੀਆਂ ਆ ਰਹੀਆਂ ਹਨ, ਪਰ ਉਹਨਾਂ ਨੇ ਅਜ਼ਾਦੀ ਦੇ 75 ਸਾਲ ਬੀਤ ਜਾਣ ਤੋਂ ਬਾਅਦ ਵੀ ਪਿੰਡਾਂ ਤੇ ਸ਼ਹਿਰਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਵੱਧ ਤੋਂ ਵੱਧ ਵੋਟਾਂ ਪਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਓ ਤਾਂ ਜੋ ਪੰਜਾਬ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ।
Total Responses : 108