ਨੈਸ਼ਨਲ ਵੋਟਰ ਦਿਵਸ ਮੌਕੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ
- ਵਧੀਕ ਡਿਪਟੀ ਕਮਿਸ਼ਨਰ ਨੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਵੇਂ ਵੋਟਰਾਂ ਨੂੰ ਐਪਿਕ ਕਾਰਡ ਦੇ ਕੇ ਕੀਤਾ ਸਨਮਾਨਿਤ
ਸੰਜੀਵ ਜਿੰਦਲ
ਮਾਨਸਾ, 25 ਜਨਵਰੀ 2022 : ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਨੈਸ਼ਨਲ ਵੋਟਰ ਦਿਵਸ ਵਰਚੂਅਲ ਸਮਾਗਮ ਰਾਹੀਂ ਮਨਾਇਆ ਗਿਆ। ਇਸ ਮੌਕੇ ਜ਼ਿਲੇ ਦੇ ਸਮੂਹ ਸਮਾਰਟ ਸਕੂਲਾਂ ਦੁਆਰਾ ਇਸ ਸਮਾਗਮ ਵਿਚ ਆਨਲਾਈਨ ਮਾਧਿਅਮ ਰਾਹੀਂ ਸ਼ਮੂਲੀਅਤ ਕੀਤੀ ਗਈ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸੰਧੂ ਨੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਵੇਂ ਵੋਟਰਾਂ ਨੂੰ ਐਪਿਕ ਕਾਰਡ ਦੇ ਕੇ ਸਨਮਾਨਿਤ ਕੀਤਾ। ਉਨਾਂ ਨੈਸ਼ਨਲ ਵੋਟਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਜੋ ਨੌਜਵਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ, ਉਹ ਜਿੰਮੇਵਾਰ ਨਾਗਰਿਕ ਬਣ ਚੁੱਕੇ ਹਨ। ਉਨਾਂ ਕਿਹਾ ਕਿ ਹੁਣ ਉਨਾਂ ਦੀ ਨੈਤਿਕ ਜਿੰਮੇਵਾਰੀ ਬਣਦੀ ਹੈ, ਉਹ ਹੁਣ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਵੋਟ ਜ਼ਰੂਰ ਪਾਉਣ। ਉਨਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਵੋਟ ਪਾਉਣੀ ਚਾਹੀਦੀ ਹੈ ਅਤੇ ਯੋਗ ਉਮੀਦਵਾਰ ਨੂੰ ਚੁਣਨਾ ਚਾਹੀਦਾ ਹੈ। ਉਨਾਂ ਕਿਹਾ ਕਿ ਜਿੱਥੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਵੇਂ ਬਣੇ ਵੋਟਰ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ, ਉਥੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਹੋਰ ਲੋਕਾਂ ਨੂੰ ਵੀ ਵੋਟਾਂ ਪਾਉਣ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ।
ਉਨਾਂ ਹਾਜ਼ਰੀਨ ਨੂੰ ਦੇਸ਼ ਦੀਆਂ ਲੋਕਤੰਤਰੀ ਪ੍ਰੰਪਰਾਵਾਂ ਕਾਇਮ ਰੱਖਣ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਚੋਣਾਂ ਦਾ ਮਾਣ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਦਾ ਪ੍ਰਣ ਦਿਵਾਇਆ। ਇਸ ਮੌਕੇ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਈ.ਆਰ.ਓਜ਼, ਬੀ.ਐਲ.ਓਜ਼ ਅਤੇ ਸਵੀਪ ਨੋਡਲ ਅਫ਼ਸਰਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਜ਼ਿਲਾ ਨੋਡਲ ਅਫ਼ਸਰ (ਸਵੀਪ) ਨਵਨੀਤ ਜੋਸ਼ੀ, ਚੋਣ ਤਹਿਸੀਲਦਾਰ ਹਰੀਸ਼ ਕੁਮਾਰ, ਸਹਾਇਕ ਨੋਡਲ ਅਫ਼ਸਰ (ਸਵੀਪ) ਨਰਿੰਦਰ ਮੋਹਲ, ਜਗਜੀਵਨ ਸਿੰਘ, ਰਾਜੇਸ਼ ਯਾਦਵ, ਭੂਸ਼ਣ ਕੁਮਾਰ ਕਾਨੂੰਗੋ, ਸਰਬਜੀਤ ਕੌਰ, ਮਹਿੰਦਰ ਕੌਰ ਮੌਜੂਦ ਸਨ।