ਕੋਵਿਡ ਦੇ ਮੱਦੇਨਜ਼ਰ ਮਲੇਰਕੋਟਲਾ ਜ਼ਿਲ੍ਹੇ ਵਿਚ ਅਗਲੇ ਹੁਕਮਾਂ ਤੱਕ ਪਾਬੰਦੀਆਂ ਵਿਚ ਵਾਧਾ
ਬਾਬੂਸ਼ਾਹੀ ਨੈੱਟਵਰਕ
ਮਲੇਰਕੋਟਲਾ 27 ਜਨਵਰੀ 2022- ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਮਾਧਵੀ ਕਟਾਰੀਆ ਵੱਲੋਂ ਜ਼ਿਲ੍ਹਾ ਮਲੇਰਕੋਟਲਾ ਵਿਖੇ 01 ਫਰਵਰੀ 2022 ਤੱਕ ਕੋਵਿਡ-19 ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਐਪੀਡੈਮਿਕ ਡਿਸੀਜ਼ ਐਕਟ 1897 ਦੇ ਐਕਟ ਨੰਬਰ 2 ਅਤੇ ਡਿਜਾਸਟਰ ਮੈਨੇਜਮੈਂਟ ਐਕਟ 2005 ਅਤੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਹਿਲਾ ਜੋ ਪਾਬੰਦੀਆ ਮਿਤੀ 25 ਜਨਵਰੀ 2022 ਤੱਕ ਲਗਾਈਆਂ ਗਈਆਂ ਸਨ ਉਨ੍ਹਾਂ ਨੂੰ ਵਧਾ ਕੇ 01 ਫਰਵਰੀ 2022 ਤੱਕ ਕਰ ਦਿੱਤਾ ਗਿਆ ਹੈ ।
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਮਾਧਵੀ ਕਟਾਰੀਆ ਨੇ ਕੋਵਿਡ-19 ਦੇ ਖਤਰੇ ਦੇ ਮੱਦੇਨਜ਼ਰ ਇਕ ਵਿਸੇਸ਼ ਹੁਕਮ ਜਾਰੀ ਕਰਕੇ ਜ਼ਿਲ੍ਹੇ ਅੰਦਰ ਪਹਿਲਾਂ ਤੋਂ ਲਾਗੂ ਪਾਬੰਦੀਆਂ ਅਗਲੇ ਹੁਕਮਾਂ ਤੱਕ ਵਧਾ ਦਿੱਤੀਆਂ ਹਨ। ਇਸ ਤੋਂ ਬਿਨ੍ਹਾ ਅੰਦਰ (ਇੰਡੋਰ) ਅਤੇ ਬਾਹਰ (ਆਊਟਡੋਰ) 300 ਤੋਂ ਵੱਧ ਲੋਕਾਂ ਦੇ ਇੱਕਠ ਕਰਨ ਤੇ ਵੀ ਰੋਕ ਲਗਾਈ ਗਈ ਹੈ। ਇਹ ਇੱਕਠ ਵੀ ਕੋਵਿਡ ਸਬੰਧੀ ਲਾਗੂ ਪ੍ਰੋਟੋਕਾਲ ਦੀ ਪਾਲਣਾ ਨਾਲ ਹੀ ਕੀਤਾ ਜਾ ਸਕੇਗਾ।
ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜਨਤਕ ਥਾਂਵਾਂ ਅਤੇ ਕੰਮ ਦੀਆਂ ਥਾਂਵਾਂ ਤੇ ਮਾਸਕ ਪਾਉਣਾ ਲਾਜਮੀ ਕੀਤਾ ਗਿਆ ਹੈ। ਇਸੇ ਤਰਾਂ ਜਨਤਕ ਥਾਂਵਾਂ ਤੇ ਸਮਾਜਿਕ ਦੂਰੀ ਰੱਖਣ ਅਤੇ 6 ਫੁੱਟ ਦੀ ਦੂਰੀ ਰੱਖਣ ਲਈ ਨਿਰਦੇਸ਼ ਜਾਰੀ ਕੀਤਾ ਗਿਆ ਹੈ।
ਇਸੇ ਤਰਾਂ ਧਾਰਾ 144 ਤਹਿਤ ਜਾਰੀ ਇੰਨ੍ਹਾਂ ਹੁਕਮਾਂ ਅਨੁਸਾਰ ਗੈਰ ਜਰੂਰੀ ਆਵਾਜਾਈ ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਿਲ੍ਹੇ ਵਿਚ ਰੋਕ ਰਹੇਗੀ। ਹਾਲਾਂਕਿ ਜਰੂਰੀ ਗਤੀਵਿਧੀਆਂ, ਸਮਾਨ ਦੀ ਢੌਆ ਢੁਆਈ, ਸਰਕਾਰੀ ਕੰਮਕਾਜ ਆਦਿ ਦੀ ਆਗਿਆ ਹੋਵੇਗੀ।ਵੈਕਸੀਨ, ਸਿਹਤ ਯੰਤਰ ਅਤੇ ਟੈਸਟਿੰਗ ਕਿੱਟ ਦੀ ਆਵਾਜਾਈ `ਤੇ ਕੋਈ ਰੋਕ ਨਹੀਂ ਹੋਵੇਗੀ। ਸਕੂਲ, ਕਾਲਜ, ਯੁਨੀਵਰਸਿਟੀਆਂ ਕੋਚਿੰਗ ਸੰਸਥਾਨ ਆਦਿ ਨੂੰ ਵੀ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ ਜਦ ਕਿ ਆਨਲਾਈਨ ਵਿਧੀ ਨਾਲ ਪੜਾਈ ਜਾਰੀ ਰਹੇਗੀ। ਮੈਡੀਕਲ ਤੇ ਨਰਸਿੰਗ ਕਾਲਜ ਰੋਜਾਨਾ ਦੇ ਆਧਾਰ `ਤੇ ਕੰਮ ਕਰਨਗੇ। ਇਨ੍ਹਾਂ ਹੁਕਮਾਂ ਤਹਿਤ ਸਾਰੇ ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ ਨੂੰ 50 ਫੀਸਦੀ ਸਮੱਰਥਾ ਨਾਲ ਹੀ ਖੋਲਣ ਦੀ ਆਗਿਆ ਹੋਵੇਗੀ ਬਸ਼ਰਤੇ ਸਾਰਾ ਸਟਾਫ ਪੂਰੀ ਤਰਾਂ ਵੈਕਸੀਨੇਟਡ ਹੋਵੇ। ਏ.ਸੀ ਬੱਸਾਂ 50 ਫੀਸਦੀ ਸਮੱਰਥਾ ਨਾਲ ਹੀ ਚੱਲ ਸਕਣਗੀਆਂ।
ਹੁਕਮਾਂ ਤਹਿਤ ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਤੋਂ ਕੋਈ ਵੀ ਸੇਵਾ ਉਸੇ ਵਿਅਕਤੀ ਨੂੰ ਮਿਲੇਗੀ ਜਿਸ ਨੇ ਮਾਸਕ ਪਾਇਆ ਹੋਵੇਗਾ। ਬਾਕੀ ਸਾਰੇ ਵਿਭਾਗ ਵੀ ਕੋਵਿਡ ਪ੍ਰੋਟੋਕਾਲ ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ। ਸਿਰਫ਼ ਉਹ ਯਾਤਰੀ ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਗਿਆ ਹੈ, ਜਾਂ ਕੋਵਿਡ ਤੋਂ ਠੀਕ ਹੋਏ ਹਨ ਜਾਂ 72 ਘੰਟਿਆਂ ਤੋਂ ਘੱਟ ਸਮੇਂ ਦੀ ਆਰ.ਟੀ.ਪੀ.ਸੀ.ਆਰ ਦੀ ਨੈਗੇਟਿਵ ਰਿਪੋਰਟ ਵਾਲਿਆਂ ਨੂੰ ਹੀ ਜ਼ਿਲ੍ਹੇ ਵਿੱਚ ਦਾਖਲ ਹੋਣ ਦੀ ਆਗਿਆ ਹੋਵੇਗੀ। ਜੇਕਰ ਕਿਸੇ ਵੀ ਯਾਤਰੀ ਕੋਲ ਉਪਰੋਕਤ ਵਿੱਚ ਕੁਝ ਨਹੀਂ ਹੈ ਤਾਂ ਉਸ ਦੀ ਐਰ.ਏ.ਟੀ (RAT) ਟੈਸਟਿੰਗ ਲਾਜ਼ਮੀ ਹੋਵੇਗੀ । ਹਵਾਈ ਜਹਾਜ ਰਾਹੀਂ ਯਾਤਰਾ ਕਰਨ ਵਾਲੇ ਮੁਸਫਰਾਂ ਨੂੰ ਲਾਜਮੀ ਤੌਰ ਤੇ ਮੁਕੰਮਲ ਟੀਕਾਕਰਨ ਜਾਂ ਕੋਵਿਡ ਤੋਂ ਹਾਲ ਵਿੱਚ ਠੀਕ ਹੋਏ ਜਾਂ ਪਿਛਲੇ 72 ਘੰਟਿਆਂ ਤੋਂ ਘੱਟ ਸਮੇਂ ਦੀ ਆਰ.ਟੀ.ਪੀ.ਸੀ.ਆਰ ਦੀ ਨੈਗੇਟਿਵ ਰਿਪੋਰਟ ਕੋਲ ਹੋਣੀ ਲਾਜਮੀ ਹੈ । ਇਨ੍ਹਾਂ ਹੁਕਮਾ ਅਨੁਸਾਰ ਅਪਾਹਜ ਵਿਅਕਤੀਆਂ ਅਤੇ ਗਰਭਵਤੀ ਮਹਿਲਾ ਕਰਮਚਾਰੀਆਂ ਨੂੰ ਦਫਤਰ ਤੋਂ ਛੋਟ ਦਿੱਤੀ ਗਈ ਹੈ ਪਰ ਘਰ ਤੋਂ ਕੰਮ ਕਰਨ ਦੀ ਹਦਾਇਤ ਕੀਤੀ ਗਈ ਹੈ ।
ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।