ਸੁਲਤਾਨਪੁਰ ਲੋਧੀ ਨੇੜੇ ਪਿੰਡ ਰਣਧੀਰਪੁਰ ਬੀੜ ’ਚੋਂ ਨੌਜਵਾਨ ਦੀ ਲਾਸ਼ ਬਰਾਮਦ
ਬਲਵਿੰਦਰ ਸਿੰਘ ਧਾਲੀਵਾਲ, ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ,04ਮਈ 2022- ਸੁਲਤਾਨਪੁਰ ਲੋਧੀ-ਕਪੂਰਥਲਾ ਮੁੱਖ ਮਾਰਗ ਤੋਂ ਜੈਨਪੁਰ ਪਿੰਡ ਨੂੰ ਜਾਂਦੀ ਸੰਪਰਕ ਸੜਕ ਦੇ ਕਿਨਾਰੇ ਰਣਧੀਰਪੁਰ ਬੀੜ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮਿ੍ਤਕ ਨੌਜਵਾਨ ਦੀ ਪਹਿਚਾਣ ਯੁਗਰਾਜ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਸ਼ੇਰਪੁਰ ਸੱਧਾ ਤਹਿਸੀਲ ਸੁਲਤਾਨਪੁਰ ਲੋਧੀ ਜਿਲ੍ਹਾ ਕਪੂਰਥਲਾ ਵਜੋਂ ਹੋਈ ਹੈ ਅਤੇ ਮਿ੍ਤਕ ਦੀ ਜੇਬ ਵਿੱਚੋਂ ਇੱਕ ਖਾਲੀ ਸਰਿੰਜ ਅਤੇ ਲਿਫਾਫਾ ਵੀ ਬਰਾਮਦ ਹੋਇਆ ਹੈ। ਮੌਕੇ ’ਤੇ ਪੁੱਜੇ ਕਪੂਰਥਲਾ ਦੇ ਐੱਸ. ਪੀ. (ਡੀ) ਜਗਜੀਤ ਸਿੰਘ ਸੋਰਆ, ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਰਜੇਸ਼ ਕੱਕੜ ਅਤੇ ਐੱਸ. ਐੱਚ. ਓ ਗਗਨਦੀਪ ਸਿੰਘ ਸੇਖੋਂ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਤਸ਼ਫਤੀਸ਼ ਸ਼ੁਰੂ ਕਰ ਦਿੱਤੀ ਹੈ।
ਇਸ ਮੌਕੇ ਮਿ੍ਰਤਕ ਨੌਜਵਾਨ ਦੇ ਚਾਚਾ ਬੂਟਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਕੱਲ ਤੋਂ ਘਰੋਂ ਗਿਆ ਹੋਇਆ ਸੀ ਅਤੇ ਉਸ ਦੀ ਭਾਲ ਕਰ ਰਹੇ ਸੀ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਦੇ ਭਤੀਜੇ ਦੀ ਮੌਤ ਹੋ ਗਈ ਹੈ ਤਾਂ ਉਹ ਤੁਰੰਤ ਇਥੇ ਪੁਜੇ ਹਨ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਉਨ੍ਹਾਂ ਦੇ ਭਤੀਜੇ ਨੂੰ ਕਿਸੇ ਨੇ ਮਾਰ ਕੇ ਇਥੇ ਸੁੱਟਿਆ ਹੈ। ਉਨ੍ਹਾਂ ਪੁਲਿਸ ਪ੍ਰਸਾਸ਼ਨ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚੋਂ ਨਸ਼ਾ ਤਸਕਰੀ ਦਾ ਧੰਦਾ ਬੰਦ ਕੀਤਾ ਜਾਵੇ ਤਾਂ ਜੋ ਪੰਜਾਬ ਦੀ ਨੌਜਵਾਨੀ ਬਚ ਸਕੇ। ਇਸ ਮੌਕੇ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਰਾਜੇਸ਼ ਕੱਕੜ ਨੇ ਕਿਹਾ ਕਿ ਮਿ੍ਰਤਕ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਵੱਲੋਂ ਬਰੀਕੀ ਨਾਲ ਤਫਤੀਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜਿਆ ਗਿਆ ਹੈ ਅਤੇ ਜਲਦੀ ਹੀ ਸੱਚ ਸਾਰਿਆਂ ਦੇ ਸਾਹਮਣੇ ਹੋਵੇਗਾ।