ਪੰਜਾਬ ਸਰਕਾਰ ਨੇ ਘੱਟ ਸਮੇਂ ’ਚ ਕਰਵਾਏ ਸੂਬੇ ’ਚ ਰਿਕਾਰਡਤੋੜ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ
-ਕੈਬਨਿਟ ਮੰਤਰੀ ਨੇ 38 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਅੱਜੋਵਾਲ ਤੋਂ ਆਦਮਵਾਲ ਜਾਣ ਵਾਲੀ ਲਿੰਕ ਰੋਡ ਨੂੰ ਚੌੜਾ ਕਰਨ ਦੇ ਕਾਰਜ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 16 ਮਈ 2022: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਹੁਤ ਘੱਟ ਸਮੇਂ ਵਿਚ ਸੂਬੇ ਵਿਚ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਹਨ, ਜਿਸ ਨਾਲ ਲੋਕਾਂ ਨੂੰ ਕਾਫ਼ੀ ਫਾਇਦਾ ਹੋਇਆ ਹੈ। ਉਹ 38 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਅੱਜੋਵਾਲ ਤੋਂ ਆਦਮਵਾਲ ਜਾਣ ਵਾਲੀ 1.54 ਕਿਲੋਮੀਟਰ ਲੰਬੀ ਲਿੰਕ ਰੋਡ ਨੂੰ ਚੌੜਾ ਕਰਨ ਦੇ ਕਾਰਜ ਦਾ ਉਦਘਾਟਨ ਕਰਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨੂੰ ਲੈ ਕੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੜਕ ਦੀ ਚੌੜਾਈ ਨੂੰ 10 ਫੁੱਟ ਤੋਂ ਵਧਾ ਕੇ 14 ਫੁੱਟ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿਚ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਬਹੁਤ ਤੇਜ਼ੀ ਨਾਲ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ, ਇਸ ਤੋਂ ਬਾਅਦ ਪਿੰਡਾਂ ਦੇ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਵਾਲੇ ਪ੍ਰੋਜੈਕਟਾਂ ਦਾ ਕੰਮ ਕੀਤਾ ਜਾਵੇਗਾ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਲੋਕਾਂ ਦੀਆਂ ਸੁਵਿਧਾਵਾਂ ਨੂੰ ਦੇਖਦੇ ਹੋਏ ਵਿਕਾਸ ਕਾਰਜ ਕਰਵਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕਰ ਰਹੀ ਹੈ। ਇਸ ਮੌਕੇ ਐਕਸੀਅਨ ਰਜਿੰਦਰ ਗੋਤਰਾ, ਐਸ.ਡੀ.ਓ. ਗੁਰਮੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।