ਮਾਨ ਦੇ ਜੱਦੀ ਜ਼ਿਲੇ ਸੰਗਰੂਰ ’ਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ
- 24 x 7 ਕਾਰਜਸ਼ੀਲ ਰਹਿਣ ਵਾਲੇ ਹੈਲਪਲਾਈਨ ਨੰਬਰ 96464-22212 ’ਤੇ ਕਾਲ, ਮੈਸੇਜ ਜਾਂ ਵਟਸਐਪ ਰਾਹੀਂ ਭੇਜੀ ਜਾ ਸਕੇਗੀ ਸੂਚਨਾ: ਜਤਿੰਦਰ ਜੋਰਵਾਲ
- ਡੀ.ਸੀ. ਵੱਲੋਂ ਜਾਣਕਾਰੀ ਭੇਜਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖਣ ਦਾ ਭਰੋਸਾ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 18 ਮਈ, 2022: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਸੂਬੇ ’ਚ ਪੰਚਾਇਤੀ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਵਿੱਢੀ ਮੁਹਿੰਮ ਨੂੰ ਉਨਾਂ ਦੇ ਜੱਦੀ ਜ਼ਿਲੇ ਸੰਗਰੂਰ ’ਚ ਹੁਲਾਰਾ ਦਿੰਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਨਜਾਇਜ਼ ਕਬਜ਼ਿਆਂ ਵਿਰੁੱਧ ਡਟਣ ਦੀ ਅਪੀਲ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਆਮ ਲੋਕਾਂ ਨੂੰ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਨਾਲ ਜੋੜਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ 24 x 7 ਕਾਰਜਸ਼ੀਲ ਰਹਿਣ ਵਾਲਾ ਇੱਕ ਹੈਲਪਲਾਈਨ ਨੰਬਰ, 96464-22212, ਜਾਰੀ ਕੀਤਾ ਗਿਆ ਹੈ ਜਿਸ ’ਤੇ ਸੰਪਰਕ ਕਰਕੇ ਕੋਈ ਵੀ ਵਿਅਕਤੀ ਸੰਗਰੂਰ ਜ਼ਿਲੇ ਦੀ ਹਦੂਦ ਅੰਦਰ ਕਿਸੇ ਵੀ ਪੰਚਾਇਤੀ ਜ਼ਮੀਨ ’ਤੇ ਕਿਸੇ ਵੀ ਸ਼ਰਾਰਤੀ ਅਨਸਰ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਬਾਰੇ ਸੂਚਨਾ ਦੇ ਸਕਦਾ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਸ ਹੈਲਪਲਾਈਨ ਨੰਬਰ ’ਤੇ ਜਾਣਕਾਰੀ ਕਿਸੇ ਵੀ ਰੂਪ ਵਿੱਚ ਜਿਵੇਂ ਕਾਲ, ਮੈਸੇਜ ਜਾਂ ਵਟਸਐਪ ਜ਼ਰੀਏ ਸਾਂਝੀ ਕੀਤੀ ਜਾ ਸਕੇਗੀ ਜਿਸ ’ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਤਰਜੀਹ ਦੇ ਆਧਾਰ ’ਤੇ ਬਣਦੀ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਭਰੋਸਾ ਦਿੱਤਾ ਕਿ ਇਸ ਤਰਾਂ ਦੀ ਕੋਈ ਵੀ ਜਾਣਕਾਰੀ ਸਾਂਝੀ ਕਰਨ ਵਾਲੇ ਹਰ ਵਿਅਕਤੀ ਦੀ ਪਛਾਣ ਹਰ ਪੱਖੋਂ ਗੁਪਤ ਰੱਖੀ ਜਾਵੇਗੀ। ਉਨਾਂ ਕਿਹਾ ਕਿ ਇੱਕ ਵਾਰ ਜਾਣਕਾਰੀ ਮਿਲਣ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਵੱਲੋਂ ਸਭ ਤੋਂ ਪਹਿਲਾਂ ਜ਼ਮੀਨ ਦੇ ਰਿਕਾਰਡ ਅਤੇ ਮੌਜੂਦਾ ਸਥਿਤੀ ਦੀ ਜਾਂਚ ਕਰਵਾਈ ਜਾਵੇਗੀ ਅਤੇ ਨਾਜਾਇਜ਼ ਕਬਜ਼ੇ ਦੀ ਪੁਸ਼ਟੀ ਹੋਣ ਤੋਂ ਬਾਅਦ ਲੋੜੀਂਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।
ਸ਼੍ਰੀ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪੰਚਾਇਤੀ ਜ਼ਮੀਨਾਂ ’ਤੇ ਨਜਾਇਜ਼ ਕਾਬਜ਼ਕਾਰਾਂ ਨੂੰ 31 ਮਈ ਤੱਕ ਨਾਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਸਪੁਰਦ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਸੰਗਰੂਰ ਜ਼ਿਲੇ ’ਚ ਵੀ ਵੱਡੀ ਗਿਣਤੀ ’ਚ ਲੋਕਾਂ ਨੇ ਪੰਚਾਇਤੀ ਜ਼ਮੀਨਾਂ ਸਰਕਾਰੀ ਮਹਿਕਮਿਆਂ ਦੇ ਸਪੁਰਦ ਕਰ ਦਿੱਤੀਆਂ ਹਨ। ਉਨਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸੰਗਰੂਰ ਜ਼ਿਲੇ ਵਿੱਚ ਕਿਸੇ ਵੀ ਨਾਜਾਇਜ਼ ਕਾਬਜ਼ਕਾਰ ਵੱਲੋਂ 31 ਮਈ ਤੱਕ ਪੰਚਾਇਤੀ ਜ਼ਮੀਨ ਦੀ ਸਪੁਰਦਗੀ ਜ਼ਿਲਾ ਪ੍ਰਸ਼ਾਸਨ ਨੂੰ ਨਾ ਦਿੱਤੀ ਤਾਂ ਨਿਰਧਾਰਿਤ ਤਾਰੀਖ ਤੋਂ ਬਾਅਦ ਸਬੰਧਤ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਵੀ ਹਾਜ਼ਰ ਸਨ।