ਗੁਰਮੀਤ ਸਿੰਘ ਸਰਬਸੰਮਤੀ ਨਾਲ ਜ਼ਿਲ੍ਹਾ ਕਲਚਰਲ ਤੇ ਲਿਟਰੇਰੀ ਸੁਸਾਇਟੀ ਵਿਰਸਾ ਵਿਹਾਰ ਦੇ ਸਕੱਤਰ ਨਿਯੁਕਤ
- ਸੁਸਾਇਟੀ ਵੱਲੋਂ ਜ਼ਿਲ੍ਹੇ ’ਚ ਸਾਹਿਤ ਤੇ ਕਲਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਲਾਹਕਾਰ ਕਮੇਟੀਆਂ ਦਾ ਗਠਨ
ਜਲੰਧਰ, 20 ਮਈ 2022 - ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਕਲਚਰਲ ਤੇ ਲਿਟਰੇਰੀ ਸੁਸਾਇਟੀ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਅੱਜ ਗੁਰਮੀਤ ਸਿੰਘ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਕਲਚਰਲ ਤੇ ਲਿਟਰੇਰੀ ਸੁਸਾਇਟੀ ਵਿਰਸਾ ਵਿਹਾਰ ਦਾ ਸਕੱਤਰ ਨਿਯੁਕਤ ਕੀਤਾ ਗਿਆ।
ਨਵ ਨਿਯੁਕਤ ਸਕੱਤਰ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਕਲਚਰਲ ਤੇ ਲਿਟਰੇਰੀ ਸੁਸਾਇਟੀ ਜ਼ਿਲ੍ਹੇ ਵਿੱਚ ਕਲਾ ਅਤੇ ਸਾਹਿਤ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ, ਜਿਸ ਲਈ ਸੁਸਾਇਟੀ ਵੱਲੋਂ ਸਮੇਂ-ਸਮੇਂ ’ਤੇ ਉਪਰਾਲੇ ਕੀਤੇ ਜਾਂਦੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਲੜੀ ਨੂੰ ਅੱਗੇ ਵੀ ਬਰਕਰਾਰ ਰੱਖਿਆ ਜਾਵੇਗਾ ਅਤੇ ਭਵਿੱਖ ਵਿੱਚ ਵੀ ਵਿਰਸਾ ਵਿਹਾਰ ਵਿੱਚ ਸੱਭਿਆਚਾਰਕ ਗਤੀਵਿਧੀਆਂ ਨਿਯਮਿਤ ਰੂਪ ਨਾਲ ਕਰਵਾਈਆਂ ਜਾਣਗੀਆਂ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਾਰੇ ਅਮੀਰ ਸੱਭਿਆਚਾਰ ਤੇ ਵਿਰਸੇ ਨਾਲ ਜੋੜ ਕੇ ਰੱਖਿਆ ਜਾ ਸਕੇ।
ਇਸ ਮੌਕੇ ਜ਼ਿਲ੍ਹੇ ਵਿੱਚ ਸੰਗੀਤ, ਪੇਂਟਿੰਗ, ਥੀਏਟਰ, ਸਾਹਿਤ, ਡਾਂਸ ਅਤੇ ਸਕਲਪਚਰ ਨੂੰ ਉਤਸ਼ਾਹਿਤ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਲਾਹਕਾਰ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਲਾਹਕਾਰ ਕਮੇਟੀਆਂ ਵੱਲੋਂ ਜ਼ਿਲ੍ਹੇ ਵਿੱਚ ਕਲਾ ਅਤੇ ਸਾਹਿਤ ਨੂੰ ਪ੍ਰਫੁੱਲਤ ਕਰਨ ਲਈ ਨਿਯਮਿਤ ਰੂਪ ਨਾਲ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਇਸ ਦੌਰਾਨ ਨਵ ਨਿਯੁਕਤ ਸਕੱਤਰ ਗੁਰਮੀਤ ਸਿੰਘ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਜਿਲ੍ਹੇ ਵਿੱਚ ਸੱਭਿਆਚਾਰਕ ਅਤੇ ਸਾਹਿਤਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਮੇਜਰ ਜਨਰਲ ਬਲਵਿੰਦਰ ਸਿੰਘ (ਸੇਵਾ ਮੁਕਤ), ਕੈਪਟਨ ਆਈ.ਐਸ. ਧਾਮੀ, ਐਸ.ਐਸ. ਅਜਮਲ, ਦੀਪਕ ਬਾਲੀ, ਡਾ. ਲਖਵਿੰਦਰ ਜੋਹਲ, ਸਤਨਾਮ ਮਾਣਕ, ਬਾਸੂਦੇਬ ਬਿਸਬਾਸ, ਅਰੁਣ ਮਿਸ਼ਰਾ, ਗੁਰਦੀਸ਼ ਪਨੂੰ, ਅੰਕੁਰ ਸ਼ਰਮਾ ਅਤੇ ਵੱਖ-ਵੱਖ ਕਾਲਜਾਂ ਦੇ ਪ੍ਰਤੀਨਿਧੀ ਮੌਜੂਦ ਸਨ।